ਅਜਨਾਲਾ/ਓਠੀਆਂ, 18 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਐਕਸਾਈਜ਼ ਵਿਭਾਗ ਅਤੇ ਪੰਜਾਬ ਪੁਲਿਸ ਵਲੋਂ ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਭਿੰਡੀ ਸੈਦਾਂ 'ਚ ਦੋ ਵੱਖ-ਵੱਖ ਥਾਵਾਂ ਤੋਂ 1.53 ਲੱਖ ਲੀਟਰ ਤੋਂ ਵਧੇਰੇ ਕੱਚੀ ਲਾਹਣ ਬਰਾਮਦ ਕਰਕੇ ਪੰਜ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐਕਸਾਈਜ਼ ਇੰਸਪੈਕਟਰ ਜਗਦੀਪ ਕੌਰ ਅਤੇ ਐੱਸ.ਐੱਚ.ਓ. ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਭਿੰਡੀ ਸੈਦਾਂ ਵਿਖੇ ਕੁਝ ਵਿਅਕਤੀ ਨਾਜਾਇਜ਼ ਦੇਸੀ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦੇ ਹਨ ਜਿਸ ਤੋਂ ਬਾਅਦ ਐਕਸਾਈਜ਼ ਵਿਭਾਗ ਤੇ ਪੁਲਿਸ ਪਾਰਟੀ ਵਲੋਂ ਸਾਂਝੇ ਤੌਰ 'ਤੇ ਰੇਡ ਕਰਕੇ ਖੇਤਾਂ ਵਿਚ ਪਈਆਂ ਤਰਪਾਲਾਂ ਅਤੇ ਲੋਹੇ ਦੇ ਡਰੰਮਾਂ ਵਿਚੋਂ 10800 ਲੀਟਰ ਕੱਚੀ ਲਾਹਣ ਬਰਾਮਦ ਕਰਕੇ ਥਾਣਾ ਭਿੰਡੀ ਸੈਦਾਂ ਵਿਖੇ ਪੂਰਨ ਸਿੰਘ ਪੁੱਤਰ ਜਗੀਰ ਸਿੰਘ, ਜੱਸਾ ਸਿੰਘ ਪੁੱਤਰ ਜਗੀਰ ਸਿੰਘ, ਅਨੋਖ ਸਿੰਘ ਪੁੱਤਰ ਜਗੀਰ ਸਿੰਘ, ਪ੍ਰੀਤਮ ਸਿੰਘ ਪੁੱਤਰ ਦਲਬੀਰ ਸਿੰਘ ਅਤੇ ਸੁਰਜੀਤ ਸਿੰਘ ਉਰਫ ਬੱਬੂ ਪੁੱਤਰ ਦਲਬੀਰ ਸਿੰਘ ਸਾਰੇ ਵਾਸੀ ਭਿੰਡੀ ਸੈਦਾਂ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਐਕਸਾਈਜ਼ ਇੰਸਪੈਕਟਰ ਜਗਦੀਪ ਕੌਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ ਭਿੰਡੀ ਸੈਦਾਂ ਦੇ ਛੱਪੜ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਪਲਾਸਟਿਕ ਦੀਆਂ ਤਰਪਾਲਾਂ ਵਿਚ ਪਾਈ ਗਈ 1.43 ਲੱਖ ਲੀਟਰ ਕੱਚੀ ਲਾਹਣ ਬਰਾਮਦ ਕੀਤੀ ਗਈ ਹੈ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ ਹੈ | ਉਨ੍ਹਾਂ ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਨੂੰ ਸਖਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੇ ਇਸ ਧੰਦੇ ਤੋਂ ਬਾਜ਼ ਆ ਜਾਣ ਨਹੀਂ ਤਾਂ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ |