ਜੰਡਿਆਲਾ ਗੁਰੂ, 27 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਦਲਜਿੰਦਰ ਬੀਰ ਸਿੰਘ ਵਿਰਕ ਨੇ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ ਦੇ ਮੁੱਖ ਗ੍ਰੰਥੀ ਦੇ ਅਹੁਦੇ ਤੋਂ ਗਿਆਨੀ ਰਘਬੀਰ ਸਿੰਘ ਨੂੰ ਹਟਾਉਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਸਿੱਖ ਸੰਗਤ ਵਿਚ ਵੱਡਾ ਰੋਸ ਹੈ ਅਤੇ ਸੰਗਤ ਵਿਚ ਚਿੰਤਾ ਪੈਦਾ ਹੋਈ ਹੈ | ਉਨਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦੀ ਆਤਮਿਕ ਕੇਂਦਰ ਅਤੇ ਵਿਸ਼ਵ ਭਰ ਦੇ ਸਿੱਖਾਂ ਦੀ ਆਸਥਾ ਦਾ ਪ੍ਰਤੀਕ ਹੈ ਅਤੇ ਇਸ ਪਵਿੱਤਰ ਅਸਥਾਨ ਨਾਲ ਸੰਬੰਧਿਤ ਕਿਸੇ ਵੀ ਫੈਸਲੇ ਨੂੰ ਬਹੁਤ ਸੋਚ-ਵਿਚਾਰ ਅਤੇ ਪਾਰਦਰਸ਼ਤਾ ਨਾਲ ਲਿਆ ਜਾਣਾ ਚਾਹੀਦਾ ਹੈ | ਦਲਜਿੰਦਰ ਬੀਰ ਸਿੰਘ ਵਿਰਕ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਮੁੱਖ ਗ੍ਰੰਥੀ ਵਜੋਂ ਆਪਣੀ ਸੇਵਾ ਦੌਰਾਨ ਧਾਰਮਿਕ ਮਰਿਯਾਦਾ ਅਤੇ ਪਰੰਪਰਾਵਾਂ ਨੂੰ ਨਿਭਾਉਣ ਵਿਚ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਅਤੇ ਉਨਾਂ ਨੂੰ ਇਸ ਤਰਾਂ ਅਚਾਨਕ ਅਹੁਦੇ ਤੋਂ ਹਟਾਉਣਾ ਕਈ ਸਵਾਲ ਖੜੇ ਕਰਦਾ ਹੈ | ਉਨਾਂ ਕਿਹਾ ਕਿ ਸਿੱਖ ਸੰਗਤ ਇਹ ਜਾਣਨਾ ਚਾਹੁੰਦੀ ਹੈ ਕਿ ਇਸ ਫੈਸਲੇ ਦੇ ਪਿੱਛੇ ਕੀ ਕਾਰਨ ਹਨ ਅਤੇ ਕੀ ਪੂਰੀ ਪਾਰਦਰਸ਼ਤਾ ਨਾਲ ਪ੍ਰਕਿਰਿਆ ਅਪਣਾਈ ਗਈ ਹੈ | ਦਲਜਿੰਦਰ ਬੀਰ ਸਿੰਘ ਵਿਰਕ ਨੇ ਕਿਹਾ ਕਿ ਸੰਗਤ ਦੀ ਮੰਗ ਹੈ ਕਿ ਇਸ ਮਾਮਲੇ ਵਿਚ ਸਪੱਸ਼ਟਤਾ ਲਿਆਈ ਜਾਵੇ ਅਤੇ ਜੇਕਰ ਕੋਈ ਗਲਤਫਹਿਮੀ ਹੈ ਤਾਂ ਉਸਨੂੰ ਦੂਰ ਕੀਤਾ ਜਾਵੇ ਅਤੇ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿਚ ਸਿੱਖ ਕੌਮ ਦੀ ਭਾਵਨਾ ਦਾ ਖ਼ਾਸ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ |