ਅਜਨਾਲਾ, 4 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਨਵ-ਨਿਯੁਕਤ ਐੱਸ. ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜੂਨ 1984 ਦੇ ਘੱਲੂਘਾਰੇ ਨੂੰ ਯਾਦ ਕਰਦੇ ਹੋਏ 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰੇ ਦਿਵਸ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਅਜਨਾਲਾ ਪੁਲਿਸ ਵਲੋਂ ਡੀ.ਐੱਸ.ਪੀ ਅਜਨਾਲਾ ਗੁਰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ | ਫਲੈਗ ਮਾਰਚ ਦੌਰਾਨ ਪੁਲਿਸ ਅਤੇ ਸੁਰੱਖਿਆ ਫੋਰਸਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ, ਚੌਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਗਸ਼ਤ ਕੀਤੀ | ਇਸ ਮੌਕੇ ਅਜੀਤ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ ਗੁਰਦੀਪ ਸਿੰਘ ਸੰਧੂ ਨੇ ਕਿਹਾ ਕਿ ਘੱਲੂਘਾਰਾ ਹਫ਼ਤੇ ਦੌਰਾਨ ਸ਼ਾਂਤੀ, ਭਾਈਚਾਰਕ ਸਾਂਝ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ 'ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਕਿਸੇ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ | ਇਸ ਮੌਕੇ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਐੱਸ.ਐੱਚ.ਓ ਅਜਨਾਲਾ, ਇੰਸਪੈਕਟਰ ਅਰਜਨ ਕੁਮਾਰ ਐਸ.ਐਚ.ਓ ਰਮਦਾਸ, ਸਬ-ਇੰਸਪੈਕਟਰ ਸਤਨਾਮ ਸਿੰਘ ਐੱਸ.ਐੱਚ.ਓ ਝੰਡੇਰ, ਏ.ਐੱਸ.ਆਈ. ਬਲਜੀਤ ਸਿੰਘ ਅਤੇ ਏ.ਐੱਸ.ਆਈ. ਬਲਦੇਵ ਰਾਜ ਸਮੇਤ ਵੱਡੀ ਗਿਣਤੀ 'ਚ ਪੁਲਿਸ ਕਰਮਚਾਰੀ ਹਾਜ਼ਰ ਸਨ |
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ
ਅਜੀਤ ਡੈਸਕ
05-06-2026