26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਰੋਸ ਮੀਟਿੰਗ

ਅਜੀਤ ਡੈਸਕ 10-06-2026
ਅਜਨਾਲਾ, 9 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਟੈਕਨੀਕਲ ਸਰਵਿਸ ਯੂਨੀਅਨ ਸਬ-ਡਵੀਜ਼ਨ ਅਜਨਾਲਾ ਦੀ ਰੋਸ ਮੀਟਿੰਗ ਪ੍ਰਧਾਨ ਰਾਜਬੀਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਪਿਛਲੇ ਦਿਨੀਂ ਆਪਣੀਆਂ ਮੰਗਾਂ ਦੇ ਹੱਲ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਆਈ.ਟੀ.ਆਈ. ਪਾਸ ਅਪਰੈਂਟਸ਼ਿਪ ਕਰ ਚੁੱਕੇ ਬੇਰੁਜ਼ਗਾਰ ਲਾਈਨਮੈਨਾਂ ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਰਾਜਬੀਰ ਸਿੰਘ ਪੰਡੋਰੀ, ਸਕੱਤਰ ਕਰਮਜੀਤ ਸਿੰਘ ਅਤੇ ਨਵਦੀਪ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੱਤਾ ਵਿਚ ਆਉਣ ਸਮੇਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕੀਤੇ ਗਏ ਸਨ | ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਨੌਜਵਾਨਾਂ ਨੇ ਪਹਿਲਾਂ ਆਈ.ਟੀ.ਆਈ. ਪਾਸ ਕੀਤੀ ਤੇ ਬਿਜਲੀ ਵਿਭਾਗ ਵਿਚ ਅਪਰੈਂਟਸ਼ਿਪ ਕੀਤੀ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪਾਵਰਕਾਮ ਮੈਨੇਜਮੈਂਟ ਵਲੋਂ ਸਹਾਇਕ ਲਾਈਨਮੈਨ ਦੀਆਂ ਪੋਸਟਾਂ ਕੱਢੀਆਂ ਗਈਆਂ ਸਨ, ਜਿਸ ਵਿਚ ਅਪਰੈਂਟਸ਼ਿਪ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ | ਕਾਮਿਆਂ ਵਲੋਂ ਇਸ ਸਮਝੌਤੇ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਪੁਲਿਸ ਜ਼ਬਰ ਦੇ ਜ਼ੋਰ ਰਾਹੀਂ ਹੱਕ ਮੰਗ ਰਹੇ ਕਾਮਿਆਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਇਸ ਲਈ ਹੀ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਹੱਕ ਮੰਗ ਰਹੇ ਅਪਰੈਂਟਸ਼ਿਪ ਕਾਮਿਆਂ ਤੇ ਪੁਲਿਸ ਵਲੋਂ ਲਾਠੀਚਾਰਜ ਕਰਕੇ ਇਨ੍ਹਾਂ ਬੇਰੁਜ਼ਗਾਰਾਂ ਨੂੰ ਕੁੱਟਿਆ ਗਿਆ | ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਤੁਰੰਤ ਅਪਰੈਂਟਸ਼ਿਪ ਕਾਮਿਆਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਅਪਰੈਂਟਸ਼ਿਪ ਕਾਮਿਆਂ ਦੇ ਸੰਘਰਸ਼ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਕੇ ਸਰਕਾਰ ਤੇ ਮੈਨੇਜਮੈਂਟ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜੀ ਜਾਵੇਗੀ | ਇਸ ਮੌਕੇ ਗੁਰਪ੍ਰੀਤ ਸਿੰਘ ਖ਼ਜ਼ਾਨਚੀ, ਤਰਸ਼ੇਮ ਸਿੰਘ, ਜੇ.ਈ. ਸ਼ਰਨਜੀਤ ਸਿੰਘ, ਪਰਮਜੀਤ ਸਿੰਘ ਭਲਾ ਪਿੰਡ, ਰੁਪਿੰਦਰ ਮਸੀਹ, ਜੇ.ਈ. ਅਮਨਦੀਪ ਸਿੰਘ, ਹਰਿੰਦਰ ਸਿੰਘ, ਮੈਡਮ ਨਿਸ਼ਾ ਸੋਢੀ, ਅਮਰਜੀਤ ਕੌਰ ਤੇ ਮੁਸਕਾਨ ਅਰੋੜਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਅਰਥੀ ਫੂਕ ਮੁਜ਼ਾਹਰਾ ਅਗਲੀ ਖ਼ਬਰ ਅਕਾਲੀ ਦਲ (ਅ) ਨੇ ਆਰ.ਐੱਸ.ਐੱਸ. ਅਤੇ ਭਾਜਪਾ ਦੀ ਸਿੱਖ ਮਾਮਲਿਆਂ 'ਚ ਵਧ ਰਹੀ ਦਖ਼ਲਅੰਦਾਜ਼ੀ ਨੂੰ ਲੈ ਕੇ ਜਲੰਧਰ 'ਚ 11...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।