ਸਮਾਣਾ, 12 ਫਰਵਰੀ (ਸਾਹਿਬ ਸਿੰਘ)-ਖੇਤੀਬਾੜੀ ਅਫ਼ਸਰ ਸਮਾਣਾ ਸਤੀਸ਼ ਚੌਧਰੀ ਨੇ ਦੱਸਿਆ ਹੈ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਪਟਿਆਲ਼ਾ ਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਬਲਾਕ ਸਮਾਣਾ ਤੇ ਪਾਤੜਾਂ ਦੇ ਕਿਸਾਨਾਂ ਨੂੰ ਸਬਸਿਡੀ 'ਤੇ ਜਿਪਸਮ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਕੋਲ ਜਿਪਸਮ ਪ੍ਰਾਪਤ ਹੋਇਆ ਹੈ | ਬਲਾਕ ਦੇ ਚਾਹਵਾਨ ਕਿਸਾਨ ਇਹ ਜਿਪਸਮ ਸਬਸਿਡੀ 'ਤੇ ਖ਼ਰੀਦ ਸਕਦੇ ਹਨ | ਇਸ ਤੋਂ ਇਲਾਵਾ ਵਿਭਾਗ ਵਲੋਂ ਸੂਰਜਮੁਖੀ ਦਾ ਬੀਜ ਵੀ ਕਿਸਾਨਾਂ ਨੂੰ ਮੁਫ਼ਤ ਦਿੱਤਾ ਜਾ ਰਿਹਾ ਹੈ | ਸੂਰਜਮੁਖੀ ਦੀ ਬਿਜਾਈ ਕਰਨ ਵਾਲੇ ਕਿਸਾਨ ਵਿਭਾਗ ਕੋਲੋਂ ਇਹ ਬੀਜ ਪ੍ਰਾਪਤ ਕਰ ਸਕਦੇ ਹਨ | ਕਿਸਾਨਾਂ ਨੂੰ ਉੱਚ ਮਿਆਰੀ ਖਾਦ ਤੇ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਬਲਾਕ ਦੇ ਵੱਖ-ਵੱਖ ਖਾਦ ਤੇ ਦਵਾਈਆਂ ਦੇ ਡੀਲਰਾਂ ਦੇ ਸੈਂਪਲ ਭਰੇ ਜਾ ਰਹੇ ਹਨ | ਬਲਾਕ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਮੌਸਮ ਨੂੰ ਮੁੱਖ ਰੱਖਦੇ ਹੋਏ ਕਣਕ ਦੀ ਫ਼ਸਲ ਨੂੰ ਪਾਣੀ ਲਾਇਆ ਜਾਵੇ | ਕਿਸਾਨਾਂ ਨੂੰ ਫ਼ਸਲ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸੰਪਰਕ ਕਰ ਸਕਦੇ ਹਨ |