ਸਨੌਰ, 12 ਫਰਵਰੀ (ਮੋਹਣ ਸਿੰਘ ਭੱਟੀ)-ਬੇਲਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਲੱਖੋਮਾਜਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਕਮੇਟੀ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਇਸ ਮੀਟਿੰਗ ਦੌਰਾਨ ਯੂਨੀਅਨ ਦੀਆਂ ਗਤੀਵਿਧੀਆਂ ਤੇ ਬੇਲਰ ਮਾਲਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 16 ਤਾਰੀਖ਼ ਨੂੰ ਬਠਿੰਡਾ ਦੇ ਹਾਜੀ ਰਤਨ ਗੁਰਦੁਆਰਾ ਸਾਹਿਬ ਵਿਖੇ ਹੋਣ ਜਾ ਰਹੀ ਸੂਬਾ ਪੱਧਰੀ ਮੀਟਿੰਗ ਵਿਚ ਪਟਿਆਲਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਮੈਂਬਰ ਸ਼ਮੂਲੀਅਤ ਕਰਨਗੇ | ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਲੱਖੋਮਾਜਰਾ ਨੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਪੱਧਰੀ ਮੀਟਿੰਗ ਵਿਚ ਸ਼ਾਮਲ ਹੋਣ ਵਾਲੇ ਮੈਂਬਰ ਤੁਰੰਤ ਉਨ੍ਹਾਂ ਨਾਲ ਸੰਪਰਕ ਕਰਨ ਤਾਂ ਜੋ ਸਮਾਂ ਤੈਅ ਕਰਕੇ ਬਠਿੰਡਾ ਪਹੁੰਚਣ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਸਕਣ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਹੱਤਵਪੂਰਨ ਇਕੱਠ ਤੋਂ ਬਾਅਦ ਮੁੜ 16 ਤਾਰੀਖ਼ ਨੂੰ ਇਕ ਹੋਰ ਮੀਟਿੰਗ ਸੱਦੀ ਜਾਵੇਗੀ | ਇਸ ਆਗਾਮੀ ਮੀਟਿੰਗ ਵਿਚ ਆਉਣ ਵਾਲੇ ਨਵੇਂ ਸੀਜ਼ਨ ਦੌਰਾਨ ਬੇਲਰਾਂ ਨਾਲ ਸੰਬੰਧਿਤ ਸੰਭਾਵੀ ਸਮੱਸਿਆਵਾਂ 'ਤੇ ਚਰਚਾ ਕੀਤੀ ਜਾਵੇਗੀ ਅਤੇ ਯੂਨੀਅਨ ਦੀ ਅਗਲੀ ਨੀਤੀ ਤੈਅ ਕੀਤੀ ਜਾਵੇਗੀ | ਉਨ੍ਹਾਂ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਯੂਨੀਅਨ ਦੀ ਮਜ਼ਬੂਤੀ ਲਈ ਇਕਜੁੱਟ ਹੋਣ ਤਾਂ ਜੋ ਹੱਕੀ ਮੰਗਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕੇ | ਇਸ ਮੌਕੇ ਹਰਜੀਤ ਸਿੰਘ ਲੱਖੋਮਾਜਰਾ ਜ਼ਿਲ੍ਹਾ ਪ੍ਰਧਾਨ ਦੇ ਨਾਲ ਜ਼ਿਲ੍ਹਾ ਕਮੇਟੀ ਤੋਂ ਹਰਮਿੰਦਰ ਸਿੰਘ ਜੋਗੀਪੁਰ, ਗੁਰਪ੍ਰੀਤ ਸਿੰਘ ਸਰਪੰਚ ਜੋਗੀਪੁਰ, ਦਰਸ਼ਨ ਸਿੰਘ ਕਾਦਰਾਬਾਦ, ਹਰਭਜਨ ਸਿੰਘ ਮਾਗਰ, ਸਰਪੰਚ ਜੋਗੀਪੁਰ ਗੁਰਭੇਜ ਸਿੰਘ ਸਮੇਤ ਹੋਰ ਵੀ ਮੌਜੂਦ ਸਨ |