ਦੇਵੀਗੜ੍ਹ 13 ਫਰਵਰੀ (ਰਾਜਿੰਦਰ ਸਿੰਘ ਮੌਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਵਿਚ ਮਹਾਂਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਬੜੀ ਸ਼ਰਧਾ ਅਤੇ ਅਧਿਆਤਮਿਕ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਕੈਂਪਸ ਸ਼ਿਵ ਭਗਤੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ | ਸਮਾਗਮ ਦੀ ਸ਼ੁਰੂਆਤ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਵਿਦਿਆਰਥੀਆਂ ਨੇ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਦੇ ਹੋਏ ਮਨਮੋਹਕ ਭਜਨ ਅਤੇ ਆਰਤੀ ਪੇਸ਼ ਕੀਤੀ | ਇਸ ਤੋਂ ਇਲਾਵਾ, ਤਿਉਹਾਰ ਦੇ ਮਹੱਤਵ ਨੂੰ ਦਰਸਾਉਂਦਾ ਇਕ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ਼ਿਵਰਾਤਰੀ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਨੂੰ ਆਪਣੀ ਅਮੀਰ ਵਿਰਾਸਤ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਸਕੂਲ ਦੀ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਭਗਵਾਨ ਸ਼ਿਵ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਬੱਚਿਆਂ ਨੂੰ ਸੱਚਾਈ ਅਤੇ ਨੇਕੀ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਆਧੁਨਿਕ ਸਿੱਖਿਆ ਹੀ ਨਹੀਂ, ਸਗੋਂ ਆਪਣੇ ਧਰਮ ਅਤੇ ਸੱਭਿਆਚਾਰ ਦਾ ਸਤਿਕਾਰ ਕਰਨਾ ਸਿਖਾਉਣਾ ਵੀ ਹੈ | ਇਸ ਮੌਕੇ ਸਮੂਹ ਅਧਿਆਪਕ ਹਾਜ਼ਰ ਸਨ |