ਘਨੌਰ, 13 ਫਰਵਰੀ (ਸਰਦਾਰਾ ਸਿੰਘ ਲਾਛੜੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ, ਗੁਰਜਿੰਦਰ ਸਿੰਘ ਕਬੂਲਪੁਰ ਨੰੂ ਦੂਜੀ ਵਾਰ ਹਲਕਾ ਘਨੌਰ ਦੇ ਮਰਦਾਂਪੁਰ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਰਜਿੰਦਰ ਸਿੰਘ ਕਬੂਲਪੁਰ ਨੇ ਪਾਰਟੀ ਹਾਈਕਮਾਂਡ ਅਤੇ ਸਥਾਨਕ ਲੀਡਰਸ਼ਿਪ ਦਾ ਤਹਿ ਦਿਲੋਂ ਸ਼ੁਕਰਾਨਾ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਬੂਲਪੁਰ ਨੇ ਕਿਹਾ ਮੈਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਦਾ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਨੇ ਮੇਰੇ 'ਤੇ ਮੁੜ ਭਰੋਸਾ ਜਤਾਉਂਦਿਆਂ ਮੈਨੂੰ ਐਡੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਅੱਗੇ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਇਕ ਕਰ ਦੇਣਗੇ | ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਆਉਣ ਵਾਲੇ ਸਮੇਂ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਹਲਕੇ ਵਿਚ ਹੋਰ ਮਜ਼ਬੂਤ ਕਰਨ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ | ਕਬੂਲਪੁਰ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਨਵੀਂ ਜ਼ਿੰਮੇਵਾਰੀ ਨਾਲ ਪਾਰਟੀ ਨੂੰ ਹਲਕਾ ਘਨੌਰ ਵਿਚ ਨਵੀਂ ਊਰਜਾ ਮਿਲੇਗੀ |