ਯੂਨੀਵਰਸਿਟੀ ਕਾਲਜ ਘਨੌਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਅਜੀਤ ਡੈਸਕ
14-02-2026
ਘਨੌਰ, 13 ਫਰਵਰੀ (ਸਰਦਾਰਾ ਸਿੰਘ ਲਾਛੜੂ)-ਯੂਨੀਵਰਸਿਟੀ ਕਾਲਜ ਘਨੌਰ ਵਿਖੇ ਅੱਜ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਲਾਹੀ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਅਧਿਆਤਮਕ ਰੰਗ ਵਿਚ ਰੰਗੇ ਇਸ ਸਮਾਗਮ ਦੌਰਾਨ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਕਵਰਜੀਤ ਸਿੰਘ, ਨੌਜਵਾਨ ਕਲਾਕਾਰ ਮੰਨਤ ਅਤੇ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਸ਼ੁੱਭ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ ਅਤੇ ਕਾਂਸਟੀਚੂਐਂਟ ਕਾਲਜਾਂ ਦੇ ਡਾਇਰੈਕਟਰ ਡਾ. ਅਮਰਇੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਨਗਰ ਪੰਚਾਇਤ ਘਨੌਰ ਦੀ ਪ੍ਰਧਾਨ ਮਨਦੀਪ ਕੌਰ, ਐਮ.ਸੀ.ਘਨੌਰ, ਇਲਾਕੇ ਦੇ ਪਤਵੰਤੇ ਸੱਜਣ, ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਪੱਤਰਕਾਰ ਭਾਈਚਾਰਾ ਅਤੇ ਪੁਰਾਣੇ ਵਿਦਿਆਰਥੀ ਵੀ ਹਾਜ਼ਰ ਹੋਏ | ਕਾਲਜ ਦੇ ਪਿ੍ੰਸੀਪਲ ਡਾ. ਲਖਵੀਰ ਸਿੰਘ ਗਿੱਲ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਹਰ ਸਾਲ 'ਸ਼ਬਦ ਗੁਰੂ' ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਅਸੀਸ ਅਤੇ ਸੇਧ ਲੈਣ ਲਈ ਇਹ ਸਮਾਗਮ ਕਰਵਾਉਂਦਾ ਹੈ | ਉਨ੍ਹਾਂ ਕਿਹਾ ਕਿ ਗੁਰੂ ਦੀ ਹਜ਼ੂਰੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਪਣੇ ਸਿੱਖਿਆ ਦੇ ਮਕਸਦ ਪ੍ਰਤੀ ਹੋਰ ਵਧੇਰੇ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦੀ ਹੈ | ਸੰਗਤ ਨੂੰ ਸੰਬੋਧਨ ਕਰਦਿਆਂ ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਵਿਦਿਆ ਵਿਚਾਰੀ ਤਾਂ ਪਰਉਪਕਾਰੀ' ਦੇ ਉਦੇਸ਼ 'ਤੇ ਚੱਲ ਰਹੀ ਹੈ | ਉਨ੍ਹਾਂ ਦੁਹਰਾਇਆ ਕਿ ਯੂਨੀਵਰਸਿਟੀ ਦਾ ਮੁੱਖ ਮਕਸਦ ਪੰਜਾਬ ਦੇ ਪਿੰਡ-ਪਿੰਡ ਤੱਕ ਸਸਤੀ ਅਤੇ ਮਿਆਰੀ ਸਿੱਖਿਆ ਪਹੁੰਚਾਉਣਾ ਹੈ |