15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਘਨੌਰ 'ਚ ਕੇਂਦਰ ਦੀਆਂ ਨੀਤੀਆਂ ਵਿਰੁੱਧ ਹੱਲ੍ਹਾ ਬੋਲ-ਕਿਸਾਨਾਂ ਤੇ ਮਜ਼ਦੂਰਾਂ ਨੇ ਰੋਕਿਆ ਚੱਕਾ

ਅਜੀਤ ਡੈਸਕ 14-02-2026
ਘਨੌਰ, 13 ਫਰਵਰੀ (ਸਰਦਾਰਾ ਸਿੰਘ ਲਾਛੜੂ)-ਦੇਸ਼ ਵਿਆਪੀ ਹੜਤਾਲ ਦੇ ਸੱਦੇ 'ਤੇ ਅੱਜ ਘਨੌਰ ਇਲਾਕਾ ਪੂਰੀ ਤਰ੍ਹਾਂ ਸੰਘਰਸ਼ੀ ਰੰਗ ਵਿਚ ਰੰਗਿਆ ਨਜ਼ਰ ਆਇਆ | ਸੰਯੁਕਤ ਕਿਸਾਨ ਮੋਰਚੇ ਅਤੇ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੇ ਸੜਕਾਂ 'ਤੇ ਉਤਰ ਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਹੜਤਾਲ ਕਾਰਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਿਹਾ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ | ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲੇ ਸ਼ਹਿਰ ਦੇ ਬਾਜ਼ਾਰਾਂ ਵਿਚ ਘੁਮਾਏ ਅਤੇ ਬਾਅਦ ਵਿਚ ਉਨ੍ਹਾਂ ਨੂੰ ਅਗਨ ਭੇਟ ਕਰਕੇ ਆਪਣਾ ਗ਼ੁੱਸਾ ਜ਼ਾਹਿਰ ਕੀਤਾ | ਇਸ ਰੋਸ ਮੁਜ਼ਾਹਰੇ ਵਿਚ ਪੀਆਰਟੀਸੀ, ਬਿਜਲੀ ਕਾਮੇ ਅਤੇ ਆਂਗਣਵਾੜੀ ਵਰਕਰਾਂ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਨੇ ਹਿੱਸਾ ਲਿਆ | ਪ੍ਰਦਰਸ਼ਨ ਦੀ ਅਗਵਾਈ ਕਾਮਰੇਡ ਧਰਮਪਾਲ ਸਿੰਘ ਸੀਲ, ਪਵਨ ਕੁਮਾਰ ਸੋਗਲਪੁਰ, ਡਾ. ਵਿਜੇਪਾਲ ਘਨੌਰ ਅਤੇ ਹੋਰਨਾਂ ਸਥਾਨਕ ਆਗੂਆਂ ਵਲੋਂ ਕੀਤੀ ਗਈ | ਆਗੂਆਂ ਨੇ ਕਿਹਾ ਕਿ ਸਰਕਾਰ ਨਿੱਜੀਕਰਨ ਦੀਆਂ ਨੀਤੀਆਂ ਰਾਹੀਂ ਦੇਸ਼ ਦੀਆਂ ਸੰਸਥਾਵਾਂ ਨੂੰ ਵੇਚ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਮੰਗ ਕੀਤੀ ਗਈ ਕਿ ਸਰਕਾਰੀ ਅਦਾਰਿਆਂ ਨੂੰ ਵੇਚਣਾ ਬੰਦ ਕੀਤਾ ਜਾਵੇ ਅਤੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀਆਂ 'ਖੁੱਲ੍ਹਾ ਵਪਾਰ' ਨੀਤੀਆਂ ਕਾਰਨ ਵਿਦੇਸ਼ੀ ਸਸਤਾ ਮਾਲ ਭਾਰਤੀ ਬਾਜ਼ਾਰਾਂ 'ਤੇ ਹਾਵੀ ਹੋ ਰਿਹਾ ਹੈ, ਜਿਸ ਨਾਲ ਦੇਸੀ ਉਦਯੋਗ ਅਤੇ ਛੋਟੇ ਵਪਾਰੀ ਤਬਾਹ ਹੋ ਰਹੇ ਹਨ | ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਵਧ ਰਹੀਆਂ ਲਾਗਤਾਂ ਅਤੇ ਫ਼ਸਲਾਂ ਦੀਆਂ ਅਸਥਿਰ ਕੀਮਤਾਂ ਲਈ ਸਰਕਾਰ ਦੀਆਂ ਗ਼ਲਤ ਆਯਾਤ-ਨਿਰਯਾਤ ਨੀਤੀਆਂ ਜ਼ਿੰਮੇਵਾਰ ਹਨ | ਰੋਸ ਪ੍ਰਦਰਸ਼ਨ ਦੇ ਅਖੀਰ ਵਿਚ ਜਥੇਬੰਦੀਆਂ ਨੇ ਸਾਫ਼ ਕਰ ਦਿੱਤਾ ਕਿ ਜੇਕਰ ਸਰਕਾਰ ਨੇ ਆਪਣੀਆਂ ਆਰਥਿਕ ਨੀਤੀਆਂ ਵਿਚ ਬਦਲਾਅ ਨਾ ਕੀਤਾ ਅਤੇ ਮਜ਼ਦੂਰਾਂ-ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਸੰਘਰਸ਼ ਹੋਰ ਵੀ ਤਿੱਖਾ ਰੂਪ ਅਖ਼ਤਿਆਰ ਕਰੇਗਾ |
ਪਿਛਲੀ ਖ਼ਬਰ ਵਿਧਾਇਕ ਕੋਹਲੀ ਨੇ ਹਰੀ ਝੰਡੀ ਦੇ ਕੇ ਕਰਵਾਈ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ ਅਗਲੀ ਖ਼ਬਰ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵਲੋਂ ਸੁਤੰਤਰਤਾ ਸੰਗਰਾਮੀ ਸ. ਸੰਤੋਖ ਸਿੰਘ ਮਾਰਗ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।