ਪਟਿਆਲਾ, 13 ਫਰਵਰੀ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਟਿਆਲਾ ਤੋਂ ਤੀਰਥ ਯਾਤਰੀਆਂ ਦੇ ਜੱਥੇ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ | ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਅੰਮਿ੍ਤਸਰ ਵਿਖੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਆਦਿ ਦੇ ਦਰਸ਼ਨ ਕਰਨਗੇ | ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂ, ਸਥਾਨਕ ਵਾਸੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ | ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਤੀਰਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਖ਼ਾਸ ਕਰਕੇ ਉਹ ਲੋਕ ਜੋ ਆਰਥਿਕ ਕਾਰਨਾਂ ਕਰਕੇ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਕਲਿਆਣਕ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰ ਰਹੀ ਹੈ ਅਤੇ ਤੀਰਥ ਯਾਤਰਾ ਸਕੀਮ ਇਸ ਦੀ ਇਕ ਸ਼ਾਨਦਾਰ ਮਿਸਾਲ ਹੈ | ਇਸ ਯੋਜਨਾ ਤਹਿਤ ਯਾਤਰੀਆਂ ਨੂੰ ਆਉਣ-ਜਾਣ, ਰਹਿਣ ਅਤੇ ਭੋਜਨ ਦੀ ਪੂਰੀ ਸੁਵਿਧਾ ਮੁਫ਼ਤ ਪ੍ਰਦਾਨ ਕੀਤੀ ਜਾਂਦੀ ਹੈ | ਵਿਧਾਇਕ ਕੋਹਲੀ ਨੇ ਕਿਹਾ ਕਿ ਇਹ ਯਾਤਰਾ ਸਿਰਫ਼ ਧਾਰਮਿਕ ਨਹੀਂ, ਸਗੋਂ ਸਮਾਜਿਕ ਸਾਂਝ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਵੀ ਇੱਕ ਮਾਧਿਅਮ ਹੈ | ਉਨ੍ਹਾਂ ਦੱਸਿਆ ਕਿ ਪਟਿਆਲਾ ਹਲਕੇ ਤੋਂ ਭਵਿੱਖ ਵਿਚ ਵੀ ਹੋਰ ਜਥੇ ਵੱਖ-ਵੱਖ ਧਾਰਮਿਕ ਅਸਥਾਨਾਂ ਲਈ ਭੇਜੇ ਜਾਣਗੇ | ਇਸ ਮੌਕੇ ਤੀਰਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ | ਕਈ ਸ਼ਰਧਾਲੂਆਂ ਨੇ ਭਾਵੁਕ ਹੋ ਕੇ ਕਿਹਾ ਕਿ ਉਹ ਪਹਿਲੀ ਵਾਰ ਇਨ੍ਹਾਂ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਹਨ | ਇਸ ਮੌਕੇ ਵਿਧਾਇਕ ਕੋਹਲੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਦਾ ਪੂਰਾ ਧਿਆਨ ਰੱਖਣ ਲਈ ਹਦਾਇਤਾਂ ਦਿੱਤੀਆਂ | ਇਸ ਮੌਕੇ ਇੰਚਾਰਜ ਵੀਰਪਾਲ ਕੌਰ ਚਾਹਲ, ਨਾਇਬ ਤਹਿਸੀਲਦਾਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ |