ਸਨੌਰ 14 ਫਰਵਰੀ (ਸੋਖਲ)-ਸਨੌਰ ਦੇ ਅਧੀਨ ਆਉਂਦੇ ਜਵਾਹਰ ਨਵੋਦਿਆ ਵਿਦਿਆਲਿਆ ਫਤਿਹਪੁਰ ਰਾਜਪੂਤਾਂ 'ਚ ਫੁੱਟਬਾਲ ਇਨਾਮ ਸਮਾਗਮ ਬੜੀ ਧੂਮਧਾਮ ਨਾਲ ਕਰਵਾਇਆ ਗਿਆ, ਜਿਸ 'ਚ ਵਿਦਿਆਲਿਆ ਦੇ ਪਿ੍ੰਸੀਪਲ ਗੁਰਜਿੰਦਰ ਸਿੰਘ, ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਵੱਖ-ਵੱਖ ਸਕੂਲਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਪੰਜਾਬ ਸਟੇਟ ਕੰਟੇਨਰ ਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਅਤੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਾਗਮ ਦੌਰਾਨ ਪ੍ਰੋਫੈਸਰ ਜਸਵੰਤ ਸਿੰਘ, ਡੀ.ਐੱਸ.ਪੀ. ਦਰਸ਼ਨਜੀਤ ਸਿੰਘ, ਸੰਤੋਖ ਸਿੰਘ ਅਤੇ ਜੇ.ਐੱਨ.ਵੀ. ਐਲੂਮਨੀ ਹਰਵਿੰਦਰ ਸਿੰਘ ਨੇ ਵੀ ਹਾਜ਼ਰੀ ਲਗਵਾਈ | ਇਸ ਮੌਕੇ ਇੰਦਰਜੀਤ ਸਿੰਘ ਸੰਧੂ ਨੇ ਜੇ.ਐੱਨ.ਵੀ. ਸੰਸਥਾ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸੰਸਥਾ ਨੇ ਦੇਸ਼ ਨੂੰ ਅਨੇਕਾਂ ਕਾਬਿਲ ਅਧਿਕਾਰੀ ਦਿੱਤੇ ਹਨ ਅਤੇ ਅੱਜ ਭਾਰਤ 'ਚ ਸੈਂਕੜਿਆਂ ਆਈ.ਏ.ਐਸ., ਆਈ.ਪੀ.ਐਸ. ਅਤੇ ਹੋਰ ਉੱਚ ਅਧਿਕਾਰੀ ਇਸ ਸੰਸਥਾ ਨਾਲ ਜੁੜੇ ਹੋਏ ਹਨ | ਉਨ੍ਹਾਂ ਨੇ ਜੇ.ਐੱਨ.ਵੀ. ਫਤਿਹਪੁਰ ਰਾਜਪੂਤਾਂ ਦੀਆਂ ਉਪਲਬਧੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਸਕੂਲ ਨੇ ਬਹੁਤ ਸਾਰੇ ਮਸ਼ਹੂਰ ਲੇਖਕਾਂ, ਕਲਾਕਾਰਾਂ, ਅਧਿਕਾਰੀਆਂ ਅਤੇ ਪੱਤਰਕਾਰਾਂ ਨੂੰ ਜਨਮ ਦਿੱਤਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਜੇ.ਐੱਨ.ਵੀ. ਪਟਿਆਲਾ ਅਲੂਮਨੀ ਐਸੋਸੀਏਸ਼ਨ ਪੁਰਾਣੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ, ਜਿਸ ਦੇ ਨਤੀਜੇ ਵਜੋਂ ਪਿਛਲੇ ਸਾਲ ਹੋਈ ਐਲੂਮਨੀ ਮੀਟ ਨੇ ਯਾਦਗਾਰ ਪੈੜਾਂ ਛੱਡੀਆਂ | ਇਸ ਮੌਕੇ ਪ੍ਰੋਫੈਸਰ ਜਸਵੰਤ ਸਿੰਘ ਵਲੋਂ ਸਕੂਲ ਦੀ ਬਿਹਤਰੀ ਲਈ ਤਿੰਨ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ, ਜਿਸ ਲਈ ਪਿ੍ੰਸੀਪਲ ਗੁਰਜਿੰਦਰ ਸਿੰਘ ਨੇ ਉਨ੍ਹਾਂ ਦਾ ਧੰਨਵਾਦ ਕੀਤਾ | ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਸਕੂਲ ਸਟਾਫ਼ ਵਲੋਂ ਮਹਿਮਾਨਾਂ ਨੂੰ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਅੰਤ 'ਚ ਸਕੂਲ ਦੇ ਖੇਡ ਮੈਦਾਨ 'ਚ ਫੁੱਟਬਾਲ ਮੈਚ ਕਰਵਾਇਆ ਗਿਆ, ਜਿੱਥੇ ਮਹਿਮਾਨਾਂ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਕੇ ਉਨ੍ਹਾਂ ਨੂੰ ਹਲਾਸ਼ੇਰੀ ਦਿੱਤੀ | ਇਹ ਸਮਾਗਮ ਸਕੂਲ ਦੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣਿਆ |