25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸਿਹਤ ਮੰਤਰੀ ਨੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁੱਕ ਸਮਾਗਮ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ <br/>

ਅਜੀਤ ਡੈਸਕ 28-02-2026
ਪਟਿਆਲਾ, 27 ਫਰਵਰੀ (ਧਰਮਿੰਦਰ ਸਿੰਘ ਸਿੱਧੂ, ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਦੇ 23 ਅਤੇ 10 ਬਲਾਕ ਸੰਮਤੀਆਂ ਦੇ 184 ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ | ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ ਤੇ ਗੁਰਲਾਲ ਘਨੌਰ ਸਮੇਤ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ | ਉਨ੍ਹਾਂ ਨਵੇਂ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਵਿਚ ਜਾਣ ਤੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜ ਕਰਨ ਸਮੇਤ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਅੱਗੇ ਆਉਣ | ਪੰਜਾਬੀ ਯੂਨੀਵਰਸਿਟੀ ਦੇ ਗੁਰੂ ਤੇਗ਼ ਬਹਾਦਰ ਹਾਲ ਵਿਖੇ ਹੋਏ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਨਵੇਂ ਚੁਣੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਹੁਣ ਸਾਰੇ ਮੈਂਬਰ, ਭਾਵੇਂ ਕਿਸੇ ਵੀ ਪਾਰਟੀ ਨਾਲ ਸੰਬੰਧਿਤ ਹੋਣ ਉਨ੍ਹਾਂ ਲਈ ਹੁਣ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਤਰਜੀਹ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸੰਵਿਧਾਨ ਦੀ 73ਵੀਂ ਸੋਧ ਨਾਲ ਮਿਲੀ ਤਾਕਤ ਸਦਕਾ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਕੋਲ 30 ਫ਼ੀਸਦੀ ਵਿਕਾਸ ਦੇ ਫ਼ੰਡ ਆਉਂਦੇ ਹਨ, ਜਿਸ ਲਈ ਕੋਈ ਵੀ ਮੈਂਬਰ ਆਪਣੇ ਪਿੰਡਾਂ ਦੇ ਵਿਕਾਸ ਲਈ ਤਜਵੀਜ਼ ਲੈ ਕੇ ਆਵੇਗਾ, ਉਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਹਰ ਪੱਖੋਂ ਸਹਿਯੋਗ ਦਿੱਤਾ ਜਾਵੇਗਾ | ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਕ੍ਰਾਂਤੀ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸੂਬੇ ਦੇ 2500 ਹੋਰ ਪਿੰਡਾਂ ਵਿਚ ਡਾਕਟਰ ਤੇ ਦਵਾਈਆਂ ਭੇਜੀਆਂ ਜਾਣ, ਜਿਸ ਲਈ ਇਨ੍ਹਾਂ ਪਿੰਡਾਂ ਦੀ ਚੋਣ ਕਰ ਲਈ ਗਈ ਹੈ, ਜਦਕਿ ਸਰਕਾਰ ਨੇ ਰਾਜ ਦੇ 65 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪਹਿਲਾਂ ਹੀ ਦੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋੜਵੰਦ ਲੋਕਾਂ ਦੀ ਸਾਰ ਲੈਂਦਿਆਂ ਉਨ੍ਹਾਂ ਨੂੰ ਕਣਕ ਦੇ ਨਾਲ ਚੀਨੀ, ਹਲਦੀ, ਤੇਲ ਤੇ ਦਾਲਾਂ ਵੀ ਦੇਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਚਲਾ ਕੇ ਚੀਨੀ ਵੀ ਪੰਜਾਬ 'ਚ ਪੈਦਾ ਕੀਤੀ ਜਾਵੇਗੀ ਤੇ ਦਾਲਾਂ ਤੇ ਤੇਲ ਬੀਜਾਂ ਦੀ ਪੈਦਾਵਾਰ ਵੀ ਸੂਬੇ ਵਿਚ ਹੀ ਵਧਾਈ ਜਾਵੇਗੀ | ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਗੁਰਦੇਵ ਸਿੰਘ ਦੇਵ ਮਾਨ ਤੇ ਰਣਜੋਧ ਸਿੰਘ ਹਡਾਣਾ ਨੇ ਵੀ ਸਾਰੇ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਰੇ ਹਲਕਿਆਂ ਤੇ ਪਿੰਡਾਂ ਸ਼ਹਿਰਾਂ ਦਾ ਬਿਨਾਂ ਵਿਤਕਰੇ ਤੋਂ ਵਿਕਾਸ ਕਰ ਰਹੀ ਹੈ, ਜਿਸ ਲਈ ਸਾਰੇ ਮੈਂਬਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਲੈ ਕੇ ਜਾਣ ਨੂੰ ਤਰਜੀਹ ਦੇਣ | ਏ.ਡੀ.ਸੀ. ਦਮਨਜੀਤ ਸਿੰਘ ਮਾਨ ਨੇ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਮੈਂਬਰਾਂ ਨੂੰ ਹਰ ਪੱਖੋਂ ਸਹਿਯੋਗ ਕਰੇਗਾ | ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਚੇਅਰਮੈਨ ਬਲਾਕ ਸੰਮਤੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮਹਿੰਦਰਜੀਤ ਸਿੰਘ ਸਮੇਤ ਸਾਰੇ ਬੀ.ਡੀ.ਪੀ.ਓਜ ਤੇ ਹੋਰ ਪਤਵੰਤੇ ਮੌਜੂਦ ਸਨ |

ਪਿਛਲੀ ਖ਼ਬਰ ਕੇਜਰੀਵਾਲ ਅਤੇ ਸਿਸੋਦੀਆ ਦਾ ਬਰੀ ਹੋਣਾ ਕੇਂਦਰ ਸਰਕਾਰ ਦੇ ਮੂੰਹ 'ਤੇ ਚਪੇੜ-ਜੌੜਾਮਾਜਰਾ ਅਗਲੀ ਖ਼ਬਰ ਮੁੰਬਈ 'ਚ ਖ਼ਾਲਸਾਈ ਪ੍ਰੰਪਰਾਵਾਂ ਨਾਲ ਆਰੰਭ ਹੋਈ 350 ਸਾਲਾ ਸ਼ਹੀਦੀ ਸ਼ਤਾਬਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।