ਰਾਜਪੁਰਾ, 27 ਫਰਵਰੀ (ਜੀ.ਪੀ. ਸਿੰਘ)-ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਸਰਕਾਰ ਵਲੋਂ ਕੀਤੇ ਜਾਣ ਦਾ ਦਾਅਵੇ ਕੀਤੇ ਜਾਣ ਦੌਰਾਨ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਵਲੋਂ ਚਿੱਟੇ ਦਿਨ ਇਕ ਪ੍ਰਵਾਸੀ ਮਜ਼ਦੂਰ 'ਤੇ ਗੋਲੀਆਂ ਚਲਾ ਕੇ ਉਸ ਨੰੂ ਗੰਭੀਰ ਜ਼ਖ਼ਮੀ ਕਰਕੇ ਸਰਕਾਰ ਦੇ ਦਾਅਵਿਆਂ ਨੂੰ ਚੁਨੌਤੀ ਦਿੱਤੀ ਹੈ | ਇਹ ਦਹਿਲਾ ਦੇਣ ਵਾਲੀ ਘਟਨਾ ਥਾਣਾ ਸ਼ੰਭੂ ਅਧੀਨ ਪੈਂਦੇ ਪਿੰਡ ਰਾਜਗੜ੍ਹ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਵਾਪਰੀ, ਜਿੱਥੇ ਤਿੰਨ ਮੋਟਰਸਾਈਕਲ ਸਵਾਰਾਂ ਨੇ ਯੋਜਨਾਬੱਧ ਢੰਗ ਨਾਲ ਇਕ ਪ੍ਰਵਾਸੀ ਮਜ਼ਦੂਰ 'ਤੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਪਿੰਡ ਵਾਸੀਆਂ ਮੁਤਾਬਿਕ ਘਟਨਾ ਸਵੇਰੇ ਲਗਭਗ ਸਾਢੇ 9 ਵਜੇ ਵਾਪਰੀ | ਜ਼ਖ਼ਮੀ ਵਿਅਕਤੀ ਦੀ ਪਛਾਣ ਪਾਰਸ ਉਮਰ ਕਰੀਬ 42 ਸਾਲ ਵਜੋਂ ਹੋਈ ਹੈ | ਜੋ ਪਿੰਡ ਵਿਚ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ ਅਤੇ ਪਿਛਲੇ ਦੋ ਸਾਲਾਂ ਤੋਂ ਨੇੜਲੇ ਵੇਅਰਹਾਊਸ ਵਿਚ ਮਜ਼ਦੂਰੀ ਕਰ ਰਿਹਾ ਸੀ | ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ 'ਤੇ ਜਾ ਰਿਹਾ ਸੀ ਕਿ ਤਿੰਨ ਮੋਟਰਸਾਈਕਲ ਸਵਾਰ, ਜਿਨ੍ਹਾਂ ਨੇ ਆਪਣੇ ਮੂੰਹ ਕੱਪੜਿਆਂ ਨਾਲ ਢਕੇ ਹੋਏ ਸਨ, ਨੇ ਉਸ 'ਤੇ ਤਿੰਨ ਗੋਲੀਆਂ ਚਲਾਈਆਂ | ਗੋਲੀਆਂ ਲੱਗਣ ਨਾਲ ਪਾਰਸ ਜ਼ਮੀਨ 'ਤੇ ਡਿਗ ਪਿਆ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ | ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ | ਸਥਾਨਕ ਲੋਕਾਂ ਨੇ ਤੁਰੰਤ ਜ਼ਖ਼ਮੀ ਨੂੰ ਅੰਬਾਲਾ ਦੇ ਹਸਪਤਾਲ ਪਹੁੰਚਾਇਆ | ਜਿੱਥੋਂ ਉਸ ਦੀ ਨਾਜ਼ੁਕ ਹਾਲਤ ਦੇ ਚੱਲਦਿਆਂ ਉਸ ਨੂੰ ਪੀ.ਜੀ.ਆਈ. ਹਸਪਤਾਲ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ | ਥਾਣਾ ਸ਼ੰਭੂ ਦੇ ਐੱਸ.ਐੱਚ.ਓ. ਸਵਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲਦੇ ਹੀ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ | ਡੀ.ਐੱਸ.ਪੀ. ਹਰਮਨਪ੍ਰੀਤ ਸਿੰਘ ਚੀਮਾ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿੰਨ ਅਣਪਛਾਤੇ ਵਿਅਕਤੀ ਮੋਟਰਸਾਈਕਲ 'ਤੇ ਆਏ ਅਤੇ ਹਮਲਾ ਕਰਕੇ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਅਤੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ | ਪਿੰਡ ਰਾਜਗੜ੍ਹ ਦੇ ਸਰਪੰਚ ਪਰਗਟ ਸਿੰਘ ਨੇ ਕਿਹਾ ਕਿ ਇਹ ਇਸ ਤਰ੍ਹਾਂ ਦੀ ਦੂਜੀ ਵੱਡੀ ਘਟਨਾ ਹੈ | ਜਿਸ ਕਾਰਨ ਪਿੰਡ ਵਾਸੀਆਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧ ਗਈ ਹੈ | ਉਨ੍ਹਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ |