ਪਟਿਆਲਾ, 27 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਅੱਜ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਇਕਾਈ ਪਟਿਆਲਾ ਦੀ ਮੀਟਿੰਗ ਹੋਈ ਜਿਸ ਵਿਚ ਸਰਬਸੰਮਤੀ ਨਾਲ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁਖ਼ੀ ਦੇ ਚੱਲਦਿਆਂ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਗਈ | ਇਸ ਮੀਟਿੰਗ ਵਿਚ ਵੱਖ ਵੱਖ ਆਗੂਆਂ ਵਲੋਂ ਦੱਸਿਆ ਗਿਆ ਕਿ 'ਆਪ' ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ 15 ਸਤੰਬਰ 2022 ਨੂੰ ਦੀਵਾਲੀ ਮੌਕੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਉੱਤੇ 6ਵਾਂ ਪੇਅ ਕਮਿਸ਼ਨ ਅਤੇ ਸੀ.ਐੱਸ.ਆਰ. ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ | ਇਹ ਸਰਕਾਰੀ ਵਾਅਦਾ ਹੁਣ ਤੱਕ ਲਗਭਗ ਚਾਰ ਸਾਲ ਬੀਤ ਜਾਣ ਬਾਅਦ ਵੀ ਅਧੂਰਾ ਰਿਹਾ | ਜਿਸ ਕਰਕੇ ਪੰਜਾਬ ਦੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ 8 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਪੰਜਾਬ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁਖ਼ੀ ਦੇ ਚੱਲਦਿਆਂ ਤੇ ਸਰਕਾਰ ਵਲੋਂ ਕੀਤੇ ਵਾਅਦੇ ਯਾਦ ਕਰਵਾਉਣ ਤੇ ਪੱਕੇ ਹੱਲ ਕਰ ਲਈ ਲਈ ਕਾਲੇ ਝੰਡਿਆਂ ਨਾਲ ਵਿਧਾਨ ਸਭਾ ਦੇ ਅੱਗੇ ਵਿਰੋਧ ਦਰਜ ਕਰਵਾਇਆ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਵਲੋਂ ਨਾ ਤਾਂ ਅੱਜ ਤੱਕ ਸਾਡੇ 'ਤੇ ਛੇਵਾਂ ਪੇਅ ਕਮਿਸ਼ਨ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਨਿਯਮਾਂ ਅਧੀਨ ਪੰਜਵੇਂ ਪੇਅ ਕਮਿਸ਼ਨ ਤਹਿਤ ਬਣਦਾ ਪੂਰਾ ਅਣਰਿਵਾਈਜਡ ਡੀਏ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਅਜੇ ਤੱਕ ਡੈੱਥ ਕੇਸਾਂ ਸੰਬੰਧੀ ਕੋਈ ਯੋਗ ਪਾਲਿਸੀ ਬਣਾਈ ਗਈ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂਆਂ ਰਣਜੀਤ ਸਿੰਘ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਸੀਮਾ ਰਾਣੀ, ਅਮਨਦੀਪ ਕੌਰ ਵਾਲੀਆ, ਰੁਚੀ ਗਰਗ ਆਦਿ ਨੇ ਦੱਸਿਆ ਕਿ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਅਣਗਿਣਤ ਮੀਟਿੰਗਾਂ ਹੋ ਚੁੱਕੀਆਂ ਹਨ ਜਿਸ ਦਾ ਹੁਣ ਤੱਕ ਕੋਈ ਵੀ ਸਿੱਟਾ ਨਹੀਂ ਨਿਕਲਿਆ ਹੈ |