ਪਟਿਆਲਾ,28 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਵਲੋਂ ਆਗਾਮੀ ਵਿੱਤੀ ਸਾਲ 2026-27 ਲਈ 161 ਕਰੋੜ ਰੁਪਏ ਦਾ ਵੱਡਾ ਸਾਲਾਨਾ ਬਜਟ ਤਿਆਰ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਦੇ 146 ਕਰੋੜ ਰੁਪਏ ਦੇ ਬਜਟ ਦੇ ਮੁਕਾਬਲੇ 15 ਕਰੋੜ ਰੁਪਏ ਵਧੇਰੇ ਹੈ | ਇਸ ਬਜਟ ਨੂੰ ਅੱਜ ਪ੍ਰਵਾਨਗੀ ਦੇਣ ਲਈ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਵਿਚ ਬੁਲਾਈ ਗਈ | ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨਰ ਪਰਮਜੀਤ ਸਿੰਘ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੋਂ ਇਲਾਵਾ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਸ਼ਹਿਰ ਦੇ ਵਿਕਾਸ ਲਈ ਕਈ ਅਹਿਮ ਮਤੇ ਪਾਸ ਕੀਤੇ ਗਏ | ਜਿਸ ਮੁਤਾਬਿਕ ਨਿਗਮ ਵਲੋਂ 120 ਕਰੋੜ ਰੁਪਏ ਵਿਭਾਗੀ ਖ਼ਰਚਿਆਂ ਲਈ ਰੱਖੇ ਗਏ ਹਨ, ਜਦਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ 53 ਕਰੋੜ ਰੁਪਏ ਦੀ ਰਾਸ਼ੀ ਖ਼ਰਚਣ ਦਾ ਪ੍ਰਸਤਾਵ ਹੈ | ਨਿਗਮ ਪ੍ਰਸ਼ਾਸਨ ਨੂੰ ਉਮੀਦ ਹੈ ਕਿ ਰਾਜ ਸਰਕਾਰ ਵਲੋਂ ਵਿਕਾਸ ਲਈ ਲਗਭਗ 150 ਕਰੋੜ ਰੁਪਏ ਦੀ ਵਾਧੂ ਗਰਾਂਟ ਵੀ ਪ੍ਰਾਪਤ ਹੋ ਸਕਦੀ ਹੈ, ਜਿਸ ਨਾਲ ਵੱਡੇ ਪ੍ਰੋਜੈਕਟਾਂ ਨੂੰ ਨੇਪਰੇ ਚਾੜਿ੍ਹਆ ਜਾਵੇਗਾ | ਇੱਥੇ ਇਹ ਦੱਸਣਯੋਗ ਹੈ ਕਿ ਦੋ ਮਾਰਚ ਨੂੰ ਜਨਰਲ ਹਾਊਸ ਦੀ ਮੀਟਿੰਗ ਸੱਦ ਕੇ ਇਹ ਬਜਟ ਪਾਸ ਕਰਨ ਲਈ ਹਾਊਸ ਵਿਚ ਲਿਆਂਦਾ ਜਾਵੇਗਾ, ਜਿਸ ਤੋਂ ਬਾਅਦ ਇਸ ਬਜਟ ਤੇ ਆਖ਼ਰੀ ਮੋਹਰ ਸਾਰੇ ਕੌਂਸਲਰਾਂ ਦੀ ਸਹਿਮਤੀ ਨਾਲ ਲਗਾਈ ਜਾਵੇਗੀ |