ਦੇਵੀਗੜ੍ਹ, 28 ਫਰਵਰੀ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਆਪਣੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਅੱਜ ਪਿੰਡ ਮਸੀਂਗਣ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਇੱਕ ਵਿਸ਼ੇਸ਼ ਬੱਸ ਰਵਾਨਾ ਹੋਈ | ਇਸ ਯਾਤਰਾ ਨੂੰ ਬਲਾਕ ਸੰਮਤੀ ਮੈਂਬਰ ਸਿਮਰਜੀਤ ਸਿੰਘ ਸੋਹਲ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਹਰੀ ਝੰਡੀ ਦਿਖਾਈ ਅਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਭੇਂਟ ਕੀਤੀਆਂ | ਸਵੇਰੇ ਪਿੰਡ ਵਿਚ ਮਾਹੌਲ ਪੂਰੀ ਤਰ੍ਹਾਂ ਅਧਿਆਤਮਿਕ ਅਤੇ ਉਤਸ਼ਾਹ ਭਰਿਆ ਸੀ | ਸ਼ਰਧਾਲੂ ਸਵੇਰੇ ਹੀ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ | ਬੱਸ ਦੇ ਰਵਾਨਾ ਹੋਣ ਸਮੇਂ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਆਕਾਸ਼ ਗੂੰਜ ਉੱਠਿਆ | ਯਾਤਰਾ 'ਤੇ ਜਾਣ ਵਾਲੇ ਬਜ਼ੁਰਗਾਂ ਅਤੇ ਮਹਿਲਾਵਾਂ ਦੇ ਚਿਹਰਿਆਂ 'ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਸਾਫ਼ ਦਿਖਾਈ ਦੇ ਰਹੀ ਸੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਾਕ ਸੰਮਤੀ ਮੈਂਬਰ ਸਿਮਰਜੀਤ ਸਿੰਘ ਸੋਹਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਮੁਫ਼ਤ ਯਾਤਰਾ ਸਕੀਮ ਉਨ੍ਹਾਂ ਸ਼ਰਧਾਲੂਆਂ ਲਈ ਇਕ ਵਰਦਾਨ ਸਾਬਤ ਹੋ ਰਹੀ ਹੈ, ਜੋ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਾਰਨ ਆਪਣੇ ਪਵਿੱਤਰ ਗੁਰੂ-ਧਾਮਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ | ਅੱਜ ਪਿੰਡ ਮਸੀੰਗਣ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ | ਸਾਡਾ ਮਕਸਦ ਹੈ ਕਿ ਹਰ ਪਿੰਡ ਵਾਸੀ ਨੂੰ ਆਪਣੀ ਅਮੀਰ ਵਿਰਾਸਤ ਅਤੇ ਧਾਰਮਿਕ ਅਸਥਾਨਾਂ ਨਾਲ ਜੋੜਿਆ ਜਾਵੇ | ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਯਾਤਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਭਾਈਚਾਰਕ ਸਾਂਝ ਅਤੇ ਧਾਰਮਿਕ ਸ਼ਰਧਾ ਨੂੰ ਮਜ਼ਬੂਤ ਕਰਦੇ ਹਨ | ਪਿੰਡ ਵਾਸਿਆਂ ਨੇ ਵੀ ਸਰਕਾਰ ਅਤੇ ਸਿਮਰਜੀਤ ਸਿੰਘ ਸੋਹਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਸਰਕਾਰ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰਾਂ ਦੇ ਬੂਹੇ ਤੋਂ ਬੱਸਾਂ ਭਰ ਕੇ ਮੁਫ਼ਤ ਯਾਤਰਾ ਕਰਵਾ ਰਹੀ ਹੈ | ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੇ ਦੱਸਿਆ ਕਿ ਉਹ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਚੜ੍ਹਦੀ ਕਲਾ ਅਤੇ ਪਿੰਡ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕਰਨਗੇ | ਇਸ ਮੌਕੇ ਖੁਸ਼ੀ ਮਸੀਂਗਣ, ਸਰਪੰਚ ਦੇਵਰਾਜ, ਨਛੱਤਰ ਸਿੰਘ ਸਰਪੰਚ, ਮਲਕੀਤ ਸਿੰਘ ਨੰਬਰਦਾਰ ਅਤੇ ਯਾਦ ਸਰਪੰਚ ਹਾਜਰ ਸਨ |