27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪਟਿਆਲਾ ਜ਼ਿਲ੍ਹੇ ਅੰਦਰ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ- ਡਾ. ਹਿਮਾਂਸ਼ੂ ਅਗਰਵਾਲ

ਅਜੀਤ ਡੈਸਕ 16-05-2026
ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪਟਿਆਲਾ ਜ਼ਿਲ੍ਹੇ ਅੰਦਰ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ | ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਵਲੋਂ ਪ੍ਰਾਪਤ ਨਿਰਦੇਸ਼ਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹੇ ਅੰਦਰ 1786 ਬੀਐਲਓਜ਼, 185 ਸੁਪਰਵਾਈਜ਼ਰ, 8 ਈਆਰਓਜ਼ ਅਤੇ 16 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ | ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹਰੇਕ ਬੀਐਲਓ ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ 'ਚ ਐਸ.ਆਈ.ਆਰ. ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਪਵੇਗਾ | ਉਨ੍ਹਾਂ ਦੱਸਿਆ ਕਿ ਕੀਤੀ ਗਈ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਪਟਿਆਲਾ ਦੇ 15 ਲੱਖ 21 ਹਜ਼ਾਰ 133 ਵੋਟਰ ਹਨ, ਇਨ੍ਹਾਂ ਵਿਚੋਂ 12 ਲੱਖ 39790 ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 81.50 ਫੀਸਦ ਬਣਦੀ ਹੈ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ | ਡਾ. ਹਿਮਾਂਸ਼ੂ ਅਗਰਵਾਲ ਨੇ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ | ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ | ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-2026 ਤੱਕ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ |
ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ ਜਿਸ ਨਾਲ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ | ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰਵਾਉਣਗੇ ਅਤੇ ਫਾਰਮ ਨੂੰ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਤਿੰਨ ਵਾਰ ਉਨ੍ਹਾਂ ਨਾਲ ਸੰਪਰਕ ਕਰਨਗੇ | ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ |
ਪਿਛਲੀ ਖ਼ਬਰ ਕਸਬਾ ਘੱਗਾ ਨੇੜੇ ਟੂਰਿਸਟ ਬੱਸ ਪਲਟਣ ਨਾਲ 1 ਵਿਅਕਤੀ ਦੀ ਮੌਤ 11 ਜ਼ਖ਼ਮੀ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਮਾਨ ਸਰਕਾਰ ਵਚਨਬੱਧ-ਮੇਅਰ ਕੁੰਦਨ ਗੋਗੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।