18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਂਅ ਰੌਸ਼ਨ ਕਰਨ-ਗੁਰਮੀਤ ਸਿੰਘ ਖੁੱਡੀਆਂ

ਅਜੀਤ ਡੈਸਕ 16-05-2026
ਨਾਭਾ, 15 ਮਈ (ਜਗਨਾਰ ਸਿੰਘ ਦੁਲੱਦੀ)-ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਨ, ਡੇਅਰੀ ਵਿਕਾਸ ਅਤੇ ਮੱਛੀ ਪਾਲਨ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਅੱਜ ਨਾਭਾ ਸਥਿਤ ਪੰਜਾਬ ਪਬਲਿਕ ਸਕੂਲ ਵਿਖੇ ਕਰਵਾਏ ਗਏ ਆਲ ਇੰਡੀਆ ਆਈ.ਪੀ.ਐਸ.ਈ. ਹਾਕੀ ਟੂਰਨਾਮੈਂਟ ਲੜਕੇ ਅੰਡਰ-14 ਚੈਂਪੀਅਨਸ਼ਿਪ-2026 ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਸਕੂਲ ਦੇ ਹੈੱਡਮਾਸਟਰ ਡਾ. ਡੀ.ਸੀ. ਸ਼ਰਮਾ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਹਾਕੀ ਸਾਡੀ ਰਾਸ਼ਟਰੀ ਖੇਡ ਹੈ ਅਤੇ ਪੰਜਾਬ ਦੀ ਧਰਤੀ ਹਮੇਸ਼ਾ ਤੋਂ ਮਹਾਨ ਖਿਡਾਰੀਆਂ ਦੀ ਧਰਤੀ ਰਹੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਸਿਹਤਮੰਦ ਸੋਚ ਨੂੰ ਵੀ ਉਤਸ਼ਾਹਿਤ ਕਰਦੇ ਹਨ | ਉਨ੍ਹਾਂ ਨੇ ਟੂਰਨਾਮੈਂਟ ਵਿਚ ਭਾਗ ਲੈ ਰਹੀਆਂ ਵੱਖ-ਵੱਖ ਰਾਜਾਂ ਤੋਂ ਆਈਆਂ ਟੀਮਾਂ ਦਾ ਸਵਾਗਤ ਕਰਦਿਆਂ ਨੌਜਵਾਨ ਖਿਡਾਰੀਆਂ ਨੂੰ ਖੇਡ ਦੀ ਅਸਲੀ ਭਾਵਨਾ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ | ਮੰਤਰੀ ਖੁੱਡੀਆਂ ਨੇ ਕਿਹਾ ਕਿ ਪੀ.ਪੀ.ਐਸ. ਨਾਭਾ ਨਾਲ ਉਨ੍ਹਾਂ ਦਾ ਖ਼ਾਸ ਭਾਵਨਾਤਮਕ ਨਾਤਾ ਜੁੜਿਆ ਹੋਇਆ ਹੈ ਕਿਉਂਕਿ ਉਨ੍ਹਾਂ ਦੇ ਬੱਚਿਆਂ ਨੇ ਵੀ ਇਸੇ ਸਕੂਲ ਵਿਚ ਸਿੱਖਿਆ ਪ੍ਰਾਪਤ ਕੀਤੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਅਤੇ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਭਾਜਪਾ 'ਤੇ ਸ਼ਬਦੀ ਹਮਲਾ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਜਿਸ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਵਪਾਰੀ ਕਿਸਾਨ ਤੇ ਹੋਰ ਅਨੇਕਾਂ ਹੀ ਵਰਗ ਦੇ ਲੋਕ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹਨ, ਜਿਸ ਕਰਕੇ ਉਹ ਭਾਜਪਾ ਨੂੰ ਕਿਸੇ ਵੀ ਕੀਮਤ 'ਤੇ ਮੂੰਹ ਨਹੀਂ ਲਾਉਣਗੇ | ਸ਼ੋ੍ਰਮਣੀ ਅਕਾਲੀ ਦਲ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਲੋਕ ਹੌਲੀ-ਹੌਲੀ ਅਕਾਲੀ ਦਲ ਨੂੰ ਭੁੱਲਦੇ ਜਾ ਰਹੇ ਹਨ | ਨਗਰ ਕੌਂਸਲ ਚੋਣਾਂ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਮੰਤਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਅੰਦਰ ਸਾਰੀਆਂ ਹੀ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ |
ਪਿਛਲੀ ਖ਼ਬਰ ਨਾਭਾ 'ਚ ਆਮ ਆਦਮੀ ਪਾਰਟੀ ਨੂੰ ਲੱਗਿਆ ਵੱਡਾ ਝਟਕਾ ਅਗਲੀ ਖ਼ਬਰ ਸਫ਼ਾਈ ਦੇ ਮੁੱਦੇ 'ਤੇ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਖ਼ਿਲਾਫ਼ ਕੀਤਾ ਪ੍ਰਦਰਸ਼ਨ-ਗੁਰਵਿੰਦਰ ਕਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।