06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕਾਂਗਰਸ ਪਾਰਟੀ ਵਲੋਂ ਦਿੱਲੀ-ਅੰਮਿ੍ਤਸਰ ਨੈਸ਼ਨਲ ਹਾਈਵੇ 'ਤੇ ਭਗਤ ਸਿੰਘ ਚੌਂਕ ਪਾਤੜਾਂ ਵਿਖੇ ਲਗਾਇਆ ਧਰਨਾ

ਅਜੀਤ ਡੈਸਕ 18-05-2026
ਪਾਤੜਾਂ, 17 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਸੰਬੰਧੀ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਬੀਤੇ ਦਿਨ ਆਖ਼ਰੀ ਦਿਨ ਮੌਕੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਹੋਈ ਤਕਰਾਰਬਾਜ਼ੀ ਤੋਂ ਬਾਅਦ ਇਕ ਕਾਂਗਰਸੀ ਵਰਕਰ ਦੇ ਸੱਟਾਂ ਲੱਗਣ ਉਪਰੰਤ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਦਿੱਲੀ-ਅੰਮਿ੍ਤਸਰ ਨੈਸ਼ਨਲ ਹਾਈਵੇ 'ਤੇ ਭਗਤ ਸਿੰਘ ਚੌਂਕ ਪਾਤੜਾਂ ਵਿਖੇ ਧਰਨਾ ਲਗਾਇਆ ਗਿਆ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦਿਆਂ ਨੇ ਪਹੁੰਚ ਕੇ ਇਸ ਧਰਨੇ ਦੀ ਹਮਾਇਤ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ | ਇਸ ਧਰਨੇ ਵਿਚ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ, ਕਾਂਗਰਸ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਾਮਾਜਰਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ, ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ, ਦਰਬਾਰਾ ਸਿੰਘ ਸਮੇਤ ਵੱਖ-ਵੱਖ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਧਰਨੇ ਉਪਰੰਤ ਡਾ. ਧਰਮਵੀਰ ਗਾਂਧੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਕ ਆਗੂ ਨੇ ਪਹਿਲਾਂ ਹੀ ਆਦੇਸ਼ ਦਿੱਤੇ ਸਨ ਕਿ ਉਨ੍ਹਾਂ ਦੀ ਪਾਰਟੀ ਚੋਣਾਂ ਜਿੱਤਣ ਲਈ ਹਰ ਇਕ ਹੱਥ ਕੰਡਾ ਅਪਣਾਏਗੀ | ਜਿਸ 'ਤੇ ਕੰਮ ਕਰਦਿਆਂ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਜਿੱਥੇ ਇਕ ਕਾਂਗਰਸੀ ਉਮੀਦਵਾਰ ਦੇ ਕਾਗ਼ਜ਼ ਖੋ ਕੇ ਭੱਜਣ ਦੀ ਕੋਸ਼ਿਸ਼ ਕੀਤੀ ਉੱਥੇ ਹੀ ਕਾਂਗਰਸੀ ਵਰਕਰਾਂ 'ਤੇ ਲਾਠੀਆਂ ਨਾਲ ਹਮਲਾ ਵੀ ਕੀਤਾ | ਜਿਸ ਦੌਰਾਨ ਉਨ੍ਹਾਂ ਦੇ ਇਕ ਵਰਕਰ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਉਹ ਹਸਪਤਾਲ ਵਿਚ ਜੇਰੇ ਇਲਾਜ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ ਦੇ ਨਸ਼ੇ ਵਿਚ ਗੁੰਡਾਗਰਦੀ ਨਾਲ ਨਗਰ ਕੌਂਸਲ ਦੀਆਂ ਚੋਣਾਂ ਜਿੱਤਣਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕ ਇਸ ਗੁੰਡਾਗਰਦੀ ਨੂੰ ਨਕਾਰਦੇ ਹੋਏ ਕਾਂਗਰਸ ਪਾਰਟੀ ਦਾ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣਗੇ | ਇਸ ਮੌਕੇ ਕਾਂਗਰਸ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਜੋ ਕਾਂਗਰਸ ਪਾਰਟੀ ਦੇ ਵਰਕਰਾਂ 'ਤੇ ਹਮਲਾ ਕਰਕੇ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕੀਤਾ ਗਿਆ ਹੈ | ਉਸ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਪ੍ਰਸ਼ਾਸਨ ਕੋਲ ਲਿਖਤੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ ਅਤੇ ਉਹ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕਰਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਕਾਂਗਰਸ ਪਾਰਟੀ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਗੁਰਸ਼ਰਨ ਕੌਰ ਰੰਧਾਵਾ ਨੇ ਚੋਣ ਕਮਿਸ਼ਨ ਤੋਂ ਮੰਗ ਕਰਦਿਆਂ ਕਿਹਾ ਕਿ ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਫ਼ੌਜ ਦੀ ਨਿਗਰਾਨੀ ਹੇਠ ਹੋਣੀਆਂ ਚਾਹੀਦੀਆਂ ਹਨ | ਇਸ ਮੌਕੇ ਇੱਥੇ ਕਾਂਗਰਸ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਾਮਾਜਰਾ, ਬਲਰਾਜ ਸਿੰਘ ਸਿੳਨਾ ਕਾਠ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸਨੌਰ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਖ਼ਵਾਜਾ ਪੀਰ ਦੇ ਦਰ 'ਤੇ ਨਤਮਸਤਕ ਹੋਏ ਨਿਰਮਲ ਸਿੰਘ ਭੱਟੀਆਂ ਅਗਲੀ ਖ਼ਬਰ ਪੋਦਾਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 'ਅਜੀਤ' ਦੇ ਪਟਿਆਲਾ ਉਪ ਦਫ਼ਤਰ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।