ਪਟਿਆਲਾ, 18 ਮਈ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਤਿ੍ਪੜੀ (ਪ੍ਰੀਤ ਨਗਰ) ਵਿਖੇ 1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ | ਉਨ੍ਹਾਂ ਦੱਸਿਆ ਕਿ ਕਰੀਬ 5 ਕਰੋੜ ਰੁਪਏ ਦੀ ਵਿਸ਼ੇਸ਼ ਗਰਾਂਟ ਵਿਚੋਂ ਤਿਆਰ ਕੀਤੀ ਜਾ ਰਹੀ ਇਹ ਸੜਕ ਇਲਾਕੇ ਦੀ ਆਵਾਜਾਈ ਪ੍ਰਣਾਲੀ ਨੂੰ ਹੋਰ ਸੁਚੱਜਾ ਅਤੇ ਸੁਗਮ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ | ਉਦਘਾਟਨ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਸਹਿਰ ਅਤੇ ਪਿੰਡ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ | ਸਿਹਤ ਮੰਤਰੀ ਨੇ ਦੱਸਿਆ ਕਿ ਤਿ੍ਪੜੀ ਦੇ ਪ੍ਰੀਤ ਨਗਰ ਇਲਾਕੇ ਵਿਚ ਲੰਬੇ ਸਮੇਂ ਤੋਂ ਲੋਕਾਂ ਵਲੋਂ ਇਸ ਸੜਕ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਵਲੋਂ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਰੋਜਾਨਾ ਆਵਾਜਾਈ ਵਿਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ | ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ | ਸਿੱਖਿਆ, ਸਿਹਤ, ਸੜਕਾਂ, ਪੀਣ ਵਾਲਾ ਪਾਣੀ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਵੱਡੇ ਪੱਧਰ 'ਤੇ ਵਿਕਾਸ ਕਾਰਜ ਚਲਾਏ ਜਾ ਰਹੇ ਹਨ | ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕ ਨਿਰਮਾਣ ਕਾਰਜ ਨੂੰ ਉੱਚ ਗੁਣਵੱਤਾ ਅਤੇ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਸ ਦਾ ਲਾਭ ਮਿਲ ਮਿਲ ਸਕੇ | ਇਲਾਕਾ ਨਿਵਾਸੀਆਂ ਨੇ ਸੜਕ ਨਿਰਮਾਣ ਕਾਰਜ ਸ਼ੁਰੂ ਹੋਣ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਅਤੇ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ | ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ, ਜਸਬੀਰ ਸਿੰਘ ਗਾਂਧੀ, ਇਲਾਕੇ ਦੇ ਪਤਵੰਤੇ ਵਿਅਕਤੀ, ਸਥਾਨਕ ਨਿਵਾਸੀ ਅਤੇ ਹੋਰ ਆਗੂ ਵੀ ਹਾਜ਼ਰ ਸਨ |