ਸਨੌਰ, 19 ਮਈ (ਸੋਖਲ)-ਹਲਕਾ ਸਨੌਰ ਦੇ ਸਰਕਾਰੀ ਸਕੂਲਾਂ 'ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਚੋਰੀਆਂ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ 'ਚ ਚਿੰਤਾ ਦਾ ਮਾਹੌਲ ਬਣ ਗਿਆ ਹੈ | ਕੁਝ ਦਿਨ ਪਹਿਲਾਂ ਸਨੌਰ ਦੇ ਪਿੰਡ ਗੰਗਰੋਲਾ ਅਤੇ ਪੁਰ ਦੇ ਸਰਕਾਰੀ ਸਕੂਲਾਂ ਵਿਚ ਟੂਟੀਆਂ ਅਤੇ ਹੋਰ ਸਮਾਨ ਚੋਰੀ ਹੋਣ ਦੇ ਮਾਮਲੇ ਸਾਹਮਣੇ ਆਏ ਸਨ | ਇਨ੍ਹਾਂ ਘਟਨਾਵਾਂ ਤੋਂ ਬਾਅਦ ਵੀ ਚੋਰਾਂ ਦੇ ਹੌਸਲੇ ਬੁਲੰਦ ਰਹੇ ਅਤੇ ਬੀਤੇ ਐਤਵਾਰ ਨੂੰ ਸਨੌਰ ਦੇ ਪੀਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਚ ਏਅਰ ਕੰਡੀਸ਼ਨਰ ਦੇ ਪਾਈਪਾਂ ਵਿਚੋਂ ਕਾਪਰ ਚੋਰੀ ਹੋਣ ਦਾ ਨਵਾਂ ਮਾਮਲਾ ਸਾਹਮਣੇ ਆ ਗਿਆ | ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਚੋਰਾਂ ਨੇ ਏਸੀ ਦੇ ਪਾਈਪਾਂ ਵਿਚੋਂ ਕਾਪਰ ਕੱਢ ਲਿਆ, ਜਿਸ ਕਾਰਨ ਸਕੂਲ ਨੂੰ ਲਗਭਗ 20 ਤੋਂ 25 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਇਹ ਘਟਨਾ ਨਾ ਸਿਰਫ਼ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਵਿਦਿਆਰਥਣਾਂ ਦੀਆਂ ਸੁਵਿਧਾਵਾਂ ਨੂੰ ਵੀ ਪ੍ਰਭਾਵਿਤ ਕਰਦੀ ਹੈ, ਕਿਉਂਕਿ ਗਰਮੀ ਦੇ ਮੌਸਮ ਵਿਚ ਏਸੀ ਦੀ ਸੁਵਿਧਾ ਬਹੁਤ ਜ਼ਰੂਰੀ ਹੁੰਦੀ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸਨੌਰ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ | ਇਸ ਸੰਬੰਧੀ ਥਾਣਾ ਸਨੌਰ ਦੇ ਮੁਖੀ ਹਰਮਿੰਦਰ ਸਿੰਘ ਨੇ ਫੋਨ 'ਤੇ ਗੱਲਬਾਤ ਕਰਦਿਆਂ ਦੱਸਿਆ ਕਿ ਪਹਿਲਾਂ ਹੋਈਆਂ ਚੋਰੀਆਂ ਦੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਲੜਕੀਆਂ ਵਾਲੇ ਸਕੂਲ ਵਿਚ ਚੋਰੀ ਦੀ ਸ਼ਿਕਾਇਤ ਕੱਲ੍ਹ ਹੀ ਪ੍ਰਾਪਤ ਹੋਈ ਹੈ ਅਤੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ | ਜਿਕਰਯੋਗ ਹੈ ਕਿ ਲਗਾਤਾਰ ਸਾਹਮਣੇ ਆ ਰਹੀਆਂ ਇਨ੍ਹਾਂ ਘਟਨਾਵਾਂ ਤੋਂ ਬਾਅਦ ਮਾਪਿਆਂ ਅਤੇ ਇਲਾਕਾ ਵਾਸੀਆਂ ਨੇ ਸਰਕਾਰ, ਸਿੱਖਿਆ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਸਕੂਲਾਂ ਦੀ ਸੁਰੱਖਿਆ ਹੋਰ ਮਜ਼ਬੂਤ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਸੀ.ਸੀ.ਟੀ.ਵੀ ਕੈਮਰੇ, ਰਾਤ ਦੇ ਚੌਕੀਦਾਰ ਅਤੇ ਨਿਯਮਿਤ ਪੁਲਿਸ ਗਸ਼ਤ ਵਰਗੇ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ¢