ਪਟਿਆਲਾ, 6 ਜੂਨ (ਅ.ਸ. ਆਹਲੂਵਾਲੀਆ)-ਵਾਤਾਵਰਣ ਦੀ ਸੰਭਾਲ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਦੇ ਮੰਤਵ ਨਾਲ ਨਗਰ ਨਿਗਮ ਪਟਿਆਲਾ ਦੀ ਟੀਮ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨਾਲ ਮਿਲ ਕੇ ਇੱਕ ਸਾਂਝਾ ਚੈਕਿੰਗ ਅਭਿਆਨ ਚਲਾਇਆ ਗਿਆ | ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਵਪਾਰਕ ਅਦਾਰਿਆਂ ਅਤੇ ਹੋਰ ਜਨਤਕ ਥਾਵਾਂ 'ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ | ਅਭਿਆਨ ਦੌਰਾਨ ਟੀਮਾਂ ਨੇ ਮੁੱਖ ਤੌਰ 'ਤੇ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਸੰਬੰਧੀ ਜਾਂਚ ਕੀਤੀ | ਚੈਕਿੰਗ ਦੌਰਾਨ ਕੁਝ ਦੁਕਾਨਦਾਰਾਂ ਵਲੋਂ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਪਲਾਸਟਿਕ ਸਮਗਰੀ ਦੀ ਵਰਤੋਂ ਕੀਤੀ ਜਾ ਰਹੀ ਸੀ, ਜਿਸ ਦੇ ਮੱਦੇਨਜ਼ਰ ਮੌਕੇ 'ਤੇ ਹੀ ਚਲਾਨ ਕੱਟੇ ਗਏ | ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਗਤੀਵਿਧੀਆਂ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਭਵਿੱਖ ਵਿਚ ਵੀ ਅਜਿਹੇ ਅਭਿਆਨ ਲਗਾਤਾਰ ਜਾਰੀ ਰਹਿਣਗੇ | ਇਸ ਮੌਕੇ ਪ੍ਰਭਜੋਤ ਕੌਰ (ਐੱਸ.ਡੀ.ਓ.), ਇੰਜੀਨੀਅਰ ਦਵਿੰਦਰ ਸਿੰਘ (ਜੇ.ਈ.), ਐੱਸ.ਆਈ. ਰਜੇਸ਼ ਮੱਟੂ, ਇੰਦਰਜੀਤ ਸਿੰਘ, ਨਗਰ ਨਿਗਮ ਪਟਿਆਲਾ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ |