05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 2 ਕਰੋੜ ਦੀ ਲਾਗਤ ਨਾਲ ਘਨੌਰ ਮਾਰਕੀਟ ਕਮੇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 10-06-2026
ਘਨੌਰ, 9 ਜੂਨ (ਸਰਦਾਰਾ ਸਿੰਘ ਲਾਛੜੂ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਅਨਾਜ ਮੰਡੀ ਘਨੌਰ ਵਿਖੇ ਸਮਾਗਮ ਦੌਰਾਨ ਕਿਸਾਨਾਂ ਦੇ 227 ਲਾਭਪਾਤਰੀ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ ਲਗਭਗ 86 ਲੱਖ ਰੁਪਏ ਦੀ ਆਖ਼ਰੀ ਕਿਸ਼ਤ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ | ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ ਗਏ ਅਤੇ ਉਨ੍ਹਾਂ ਦੇ ਖਾਤਿਆਂ ਵਿਚ ਰਕਮ ਟਰਾਂਸਫ਼ਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ | ਇਸ ਮੌਕੇ ਮਾਰਕੀਟ ਕਮੇਟੀ ਘਨੌਰ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਨੀਂਹ ਪੱਥਰ ਵੀ ਰੱਖਿਆ ਗਿਆ | ਲਗਭਗ ਦੋ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਇਹ ਇਮਾਰਤ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਸੰਬੰਧਿਤ ਧਿਰਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿਚ ਮਦਦਗਾਰ ਸਾਬਤ ਹੋਵੇਗੀ | ਇਸ ਤੋਂ ਇਲਾਵਾ ਖੇਤਰ ਦੇ ਵਿਕਾਸ ਨਾਲ ਸੰਬੰਧਿਤ ਹੋਰ ਕਾਰਜਾਂ ਦਾ ਵੀ ਉਦਘਾਟਨ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਖੁੱਡੀਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਲੋਕ-ਹਿਤੈਸੀ ਨੀਤੀਆਂ ਨੂੰ ਤਰਜੀਹ ਦੇ ਰਹੀ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਸੂਬੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਦਕਿ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦੀ ਸਿਹਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਤੋਂ ਇਲਾਵਾ ਘਰੇਲੂ ਖਪਤਕਾਰਾਂ ਲਈ ਮੁਫ਼ਤ ਬਿਜਲੀ ਵਰਗੀਆਂ ਯੋਜਨਾਵਾਂ ਵੀ ਲੋਕਾਂ ਨੂੰ ਵੱਡੀ ਰਾਹਤ ਦੇ ਰਹੀਆਂ ਹਨ | ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ 227 ਪਰਿਵਾਰਾਂ ਨੂੰ ਮੁਆਵਜ਼ੇ ਵਜੋਂ ਲਗਭਗ 86 ਲੱਖ ਰੁਪਏ ਦੀ ਆਖ਼ਰੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿਚ ਟਰਾਂਸਫ਼ਰ ਕੀਤੀ ਜਾ ਰਹੀ ਹੈ, ਜਿਸ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਵਿਧਾਇਕ ਨੇ ਕਿਹਾ ਕਿ ਸੜਕਾਂ, ਜਨਤਕ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਧਿਆਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਸਾਫ਼-ਸੁਥਰੀਆਂ ਅਤੇ ਮਜ਼ਬੂਤ ਸੜਕਾਂ ਦੀ ਉਸਾਰੀ ਲਈ ਲੋੜੀਂਦੇ ਫ਼ੰਡ ਉਪਲਬਧ ਕਰਵਾਉਣ 'ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਦਿਆਂ ਹਲਕੇ ਦੇ ਵਿਕਾਸ ਅਤੇ ਜਨ-ਭਲਾਈ ਲਈ ਭਵਿੱਖ ਵਿਚ ਵੀ ਇਸੇ ਤਰ੍ਹਾਂ ਨਿਰੰਤਰ ਕੰਮ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਚੇਅਰਮੈਨ ਮਾਰਕੀਟ ਕਮੇਟੀ ਜਰਨੈਲ ਸਿੰਘ ਮੰਨੂ, ਹਰਮੇਲ ਸਿੰਘ, ਕਮਲਜੀਤ ਸਿੰਘ ਮੌਜੂਦ ਸਨ |
ਪਿਛਲੀ ਖ਼ਬਰ ਸੰਸਕਿ੍ਤ ਭਾਰਤੀ ਉੱਤਰ ਖੇਤਰ ਦੇ ਖੇਤਰੀ ਪ੍ਰਸ਼ਿਕਸ਼ਣ ਵਰਗ ਦੀ ਹੋਈ ਸ਼ੁਰੂਆਤ <br/> ਅਗਲੀ ਖ਼ਬਰ ਸ਼ੰਭੂ ਪੁਲਿਸ ਵਲੋਂ ਇਕ ਕਿੱਲੋ ਅਫ਼ੀਮ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।