ਭਾਦਸੋਂ, 9 ਜੂਨ (ਪ੍ਰਦੀਪ ਦੰਦਰਾਲਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਹੈੱਡ ਆਫ਼ਿਸ ਪਟਿਆਲਾ ਵਿਖੇ 2600 ਅਪ੍ਰੈਂਟਿਸ਼ਿਪ ਲਾਈਨਮੈਨ ਯੂਨੀਅਨ ਵਲੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਚਲਾਏ ਜਾ ਰਹੇ ਸੰਘਰਸ਼ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਹਲਕਾ ਇੰਚਾਰਜ ਨਾਭਾ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਧਰਨੇ ਵਿਚ ਪਹੁੰਚ ਕੇ ਨੌਜਵਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ | ਐਡਵੋਕੇਟ ਸ਼ਾਹਪੁਰ ਨੇ ਕਿਹਾ ਕਿ ਆਈ.ਟੀ.ਆਈ. ਤੋਂ ਤਕਨੀਕੀ ਸਿੱਖਿਆ ਪ੍ਰਾਪਤ ਕਰਕੇ ਪੀ.ਐੱਸ.ਪੀ.ਸੀ.ਐਲ. 'ਚ ਅਪ੍ਰੈਂਟਸ਼ਿਪ ਪੂਰੀ ਕਰ ਚੁੱਕੇ ਨੌਜਵਾਨਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼, ਤਰਕਸੰਗਤ ਅਤੇ ਨਿਆਂ ਸੰਗਤ ਹਨ | ਉਨ੍ਹਾਂ ਕਿਹਾ ਕਿ ਇਹ ਨੌਜਵਾਨ ਕਈ ਸਾਲਾਂ ਤੋਂ ਆਪਣੇ ਰੁਜ਼ਗਾਰ ਅਤੇ ਭਵਿੱਖ ਦੀ ਸੁਰੱਖਿਆ ਲਈ ਸੰਘਰਸ਼ ਕਰ ਰਹੇ ਹਨ ਪਰੰਤੂ ਸਰਕਾਰ ਅਤੇ ਵਿਭਾਗ ਵਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ ਗਈ | ਐਡਵੋਕੇਟ ਸ਼ਾਹਪੁਰ ਨੇ ਐਲਾਨ ਕੀਤਾ ਕਿ ਇਸ ਮਾਮਲੇ ਵਿਚ ਨੌਜਵਾਨਾਂ ਦੇ ਹੱਕਾਂ ਦੀ ਰੱਖਿਆ ਲਈ ਜਿੰਨੀ ਵੀ ਕਾਨੂੰਨੀ ਕਾਰਵਾਈ ਦੀ ਲੋੜ ਪਈ, ਉਹ ਪੂਰੀ ਤਨਦੇਹੀ ਅਤੇ ਵਚਨਬੱਧਤਾ ਨਾਲ ਕੀਤੀ ਜਾਵੇਗੀ | ਉਨ੍ਹਾਂ ਸਪਸ਼ਟ ਕੀਤਾ ਕਿ ਇਸ ਸੰਘਰਸ਼ ਨਾਲ ਜੁੜੇ ਕਿਸੇ ਵੀ ਨੌਜਵਾਨ ਤੋਂ ਕੋਈ ਕਾਨੂੰਨੀ ਫ਼ੀਸ ਨਹੀਂ ਲਈ ਜਾਵੇਗੀ ਅਤੇ ਸਮੂਹ ਕਾਨੂੰਨੀ ਸਹਾਇਤਾ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਪ੍ਰਸਾਸ਼ਨਿਕ ਪੱਧਰ 'ਤੇ ਨਹੀਂ ਕੀਤਾ ਜਾਂਦਾ ਤਾਂ ਮਾਮਲੇ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਮੇਤ ਹੋਰ ਯੋਗ ਕਾਨੂੰਨੀ ਮੰਚਾਂ ਅੱਗੇ ਪੂਰੀ ਮਜ਼ਬੂਤੀ ਨਾਲ ਰੱਖਿਆ ਜਾਵੇਗਾ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਨੌਜਵਾਨਾਂ ਦੇ ਸੰਵਿਧਾਨਕ ਅਤੇ ਕਾਨੂੰਨੀ ਹੱਕਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ | ਉਨ੍ਹਾਂ ਪੰਜਾਬ ਸਰਕਾਰ ਅਤੇ ਪੀ.ਐੱਸ.ਪੀ.ਸੀ.ਐਲ. ਪ੍ਰਬੰਧਨ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਦਿਆਂ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਠੋਸ ਅਤੇ ਸਕਾਰਾਤਮਿਕ ਫ਼ੈਸਲਾ ਲਿਆ ਜਾਵੇ | ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ 2600 ਅਪ੍ਰੈਂਟਸ਼ਿਪ ਲਾਈਨਮੈਨਾਂ ਦੀ ਨਹੀਂ, ਸਗੋਂ ਪੰਜਾਬ ਦੇ ਹਰ ਉਸ ਨੌਜਵਾਨ ਦੀ ਹੈ ਜੋ ਆਪਣੀ ਮਿਹਨਤ, ਯੋਗਤਾ ਅਤੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ |