ਪਟਿਆਲਾ, 10 ਜੂਨ (ਅ.ਸ. ਆਹਲੂਵਾਲੀਆ)-ਸੰਯੁਕਤ ਕਮਿਸ਼ਨਰ ਨਗਰ ਨਿਗਮ ਪਟਿਆਲਾ ਮਨਰੀਤ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਵਾਈ ਗਈ, ਜਿਸ ਵਿਚ ਡੀ.ਸੀ. ਵਲੋਂ ਕੀਤੀ ਜਾਣ ਵਾਲੀ ਲੋਕ ਮਿਲਣੀ ਸੰਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਮੀਟਿੰਗ ਵਿਚ ਨਗਰ ਨਿਗਮ ਦੇ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਨੇ ਭਾਗ ਲਿਆ | ਮੀਟਿੰਗ ਦੌਰਾਨ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਹਦਾਇਤ ਕੀਤੀ ਕਿ ਲੋਕ ਮਿਲਣੀ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਅਤੇ ਮੰਗਾਂ ਦੇ ਨਿਪਟਾਰੇ ਲਈ ਸੰਬੰਧਿਤ ਵਿਭਾਗ ਪਹਿਲਾਂ ਤੋਂ ਹੀ ਪੂਰੀ ਤਿਆਰੀ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਆਪਣੇ-ਆਪਣੇ ਵਿਭਾਗ ਨਾਲ ਸੰਬੰਧਿਤ ਮਾਮਲਿਆਂ ਦੀ ਤਾਜ਼ਾ ਸਥਿਤੀ ਅਤੇ ਲੋੜੀਂਦੀ ਜਾਣਕਾਰੀ ਨਾਲ ਮੀਟਿੰਗ ਵਿਚ ਹਾਜ਼ਰ ਹੋਣ | ਮਨਰੀਤ ਰਾਣਾ ਨੇ ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ, ਪਾਰਕਾਂ ਦੀ ਸੰਭਾਲ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਸੰਬੰਧਿਤ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਨਗਰ ਨਿਗਮ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਸੰਯੁਕਤ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਰਧਾਰਿਤ ਸਮੇਂ ਅੰਦਰ ਹੱਲ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਲੋਕ ਮਿਲਣੀ ਦੌਰਾਨ ਉਠਾਏ ਜਾਣ ਵਾਲੇ ਮੁੱਦਿਆਂ ਸੰਬੰਧੀ ਲੋੜੀਂਦੇ ਰਿਕਾਰਡ ਅਤੇ ਰਿਪੋਰਟਾਂ ਪਹਿਲਾਂ ਹੀ ਤਿਆਰ ਰੱਖੀਆਂ ਜਾਣ ਤਾਂ ਜੋ ਮੌਕੇ 'ਤੇ ਹੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ | ਮੀਟਿੰਗ ਵਿਚ ਨਗਰ ਨਿਗਮ ਦੇ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |