ਫ਼ਤਹਿਗੜ੍ਹ ਸਾਹਿਬ, 16 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅੱਜ ਜਾਰੀ ਕੀਤੀ ਗਈ ਸੂਚੀ ਵਿਚ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੂੰ ਜ਼ਿਲ੍ਹਾ ਪਟਿਆਲਾ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹਰਵੇਲ ਸਿੰਘ ਮਾਧੋਪੁਰ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ‘ਤੇ ਜਿਤਾਏ ਗਏ ਭਰੋਸੇ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਲ੍ਹਾ ਪਟਿਆਲਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਲੋਕਾਂ ਤੱਕ ਪਹੁੰਚਾ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਮਾਧੋਪੁਰ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੀਆਂ ਨੀਤੀਆਂ, ਸਿਧਾਂਤਾਂ ਅਤੇ ਏਜੰਡੇ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਇਕਜੁੱਟ ਕਰਕੇ ਜਥੇਬੰਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾ ਸਕੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦਾ ਭਰਪੂਰ ਸਮਰਥਨ ਹਾਸਲ ਕਰਕੇ ਵੱਡੇ ਬਹੁਮਤ ਨਾਲ ਜਿੱਤ ਦਰਜ ਕਰੇਗੀ ਅਤੇ ਆਪਣੀ ਸਰਕਾਰ ਬਣਾਉਣ ਵਿਚ ਸਫਲ ਹੋਵੇਗੀ।