ਸਨੌਰ, 16 ਜੂਨ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਹਲਕਾ ਸਨੌਰ ਕਮੇਟੀ ਦੇ ਮੈਂਬਰ ਕਿ੍ਰਸ਼ਨ ਸਿੰਘ ਸਨੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ’ ਕਰਾਰ ਦਿੱਤੇ ਜਾਣ ਦੇ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਸਿਆਸੀ ਤੇ ਪੰਥਕ ਹਮਲੇ ਕੀਤੇ ਹਨ। ਸ. ਸਨੌਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੇ ਪੰਜਾਬ ਦੀ ਸੱਤਾ ਹਥਿਆਉਣ ਲਈ ਜਿੱਥੇ ਝੂਠੀਆਂ ਗਰੰਟੀਆਂ ਦਾ ਸਹਾਰਾ ਲਿਆ, ਉੱਥੇ ਹੀ ਹੁਣ ਸਰਕਾਰ ਚਲਾਉਂਦੇ ਹੋਏ ਸਿੱਖ ਮਾਨਸਿਕਤਾ, ਪੰਥਕ ਰਵਾਇਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਲਗਾਤਾਰ ਢਾਹ ਲਾਉਣ ਦੀਆਂ ਕੋਝੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਝੂਠ ਬੋਲਣ ਵਾਲੇ ਮੁੱਖ ਮੰਤਰੀ ਨੂੰ ਅਹੁਦੇ ‘ਤੇ ਰਹਿਣ ਦਾ ਕੋਈ ਹੱਕ ਨਹੀਂ ਕਿਉਂਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਾਰੀ ਕੀਤੀਆਂ ਗਈਆਂ ਦੋ ਵੱਖ-ਵੱਖ ਸਰਕਾਰੀ ਮਾਨਤਾ ਪ੍ਰਾਪਤ ਫੋਰੈਂਸਿਕ ਲੈਬਾਰਟਰੀਆਂ ਦੀਆਂ ਰਿਪੋਰਟਾਂ ਨੇ ਭਗਵੰਤ ਮਾਨ ਦਾ ਅਸਲ ਚਿਹਰਾ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਗੁਰੂ ਸਾਹਿਬਾਨ ਦੀਆਂ ਪਵਿੱਤਰ ਪ੍ਰਚੱਲਿਤ ਤਸਵੀਰਾਂ ਦੀ ਬੇਅਦਬੀ ਵਰਗਾ ਬੱਜਰ ਗੁਨਾਹ ਕੀਤਾ ਅਤੇ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਤਾਂ ਉੱਥੇ ਵੀ ਏ.ਆਈ. ਦਾ ਬਹਾਨਾ ਬਣਾ ਕੇ ਮੀਰੀ-ਪੀਰੀ ਦੇ ਸਰਵਉੱਚ ਅਸਥਾਨ ‘ਤੇ ਖੜ੍ਹੇ ਹੋ ਕੇ ਸ਼ਰੇਆਮ ਝੂਠ ਬੋਲਿਆ। ਅਜਿਹੇ ਝੂਠੇ, ਅਹੰਕਾਰੀ ਅਤੇ ਗੁਰੂ-ਨਿੰਦਕ ਵਿਅਕਤੀ ਨੂੰ ਪੰਜਾਬ ਵਰਗੇ ਪਵਿੱਤਰ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ ਹੈ। ਭਗਵੰਤ ਮਾਨ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿ੍ਰਸ਼ਨ ਸਿੰਘ ਸਨੌਰ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀ ਇਹ ਪਾਰਟੀ ਹਮੇਸ਼ਾ ਤੋਂ ਹੀ ਸਿੱਖ ਕੌਮ ਦੀਆਂ ਨਿਆਰੀਆਂ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਂਦੀ ਆਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਹਰਮਿੰਦਰ ਸਿੰਘ ਜੋਗੀਪੁਰ, ਸੀਨੀਅਰ ਸੂਬਾ ਕਿਸਾਨ ਆਗੂ ਜਸਵਿੰਦਰ ਸਿੰਘ ਮੋਹਣੀ ਭਾਂਖਰ, ਸੰਜੀਵ ਅਹਿਰੂ, ਲਖਵਿੰਦਰ ਸਿੰਘ ਚੌਹਾਨ ਵੀ ਮੌਜੂਦ ਸਨ।