ਪਟਿਆਲਾ, 17 ਜੂਨ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ’ਤੇ ਪੀਐਸਪੀਸੀਐਲ ਕੰਟਰੈਕਟਰ ਵਰਕਰ ਯੂਨੀਅਨ ਪਟਿਆਲਾ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰਾਂ ਸਮੇਤ ਧਰਨਾ ਨੌਵੇਂ ਦਿਨ ਵੀ ਜਾਰੀ ਰੱਖਿਆ। ਇਸ ਸਮੇਂ ਹਾਜ਼ਰ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਗੁਰਵਿੰਦਰ ਸਿੰਘ ਪੰਨੂ, ਜਗਰੂਪ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ, ਹਰਜੀਤ ਸਿੰਘ ਧਾਲੀਵਾਲ, ਬਲਜਿੰਦਰ ਸਿੰਘ ਲੋਪੋ ਨੇ ਕਿਹਾ ਕਿ ਸਮੁੱਚੇ ਪਾਵਰਕੌਮ ਟਰਾਂਸਕੋ ਕਾਰਪੋਰੇਸ਼ਨ ਹਜ਼ਾਰਾਂ ਆਊਟਸੋਰਸਡ ਠੇਕਾ ਮੁਲਾਜ਼ਮ ਦਫ਼ਤਰਾਂ, ਫੀਲਡਾਂ, ਸਟੋਰਾਂ ਥਰਮਲਾਂ ਹਾਈਡਲ ਪ੍ਰੋਜੈਕਟ ਵਿਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ ਤੇ ਵੱਖ-ਵੱਖ ਆਸਾਮੀਆਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲ਼ਾ ਵੱਟ ਰਹੀ ਹੈ। ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿਚ ਪਾਵਰਕਾਮ ਟਰਾਂਸਕੋ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ ਕੀਤੀ ਪੈਨਲ ਮੀਟਿੰਗ ਵਿਚ ਚੋਣ ਜ਼ਾਬਤੇ ਉਪਰੰਤ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਜੂਨ ਮਹੀਨੇ ਦੇ ਹਫ਼ਤੇ ਵਿਭਾਗ ਵਿਚ ਮਰਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਪਰ ਹੁਣ ਪਾਵਰਕੌਮ ਟਰਾਂਸਕੋ ਕਾਰਪੋਰੇਸ਼ਨ ਦੀ ਮੈਨੇਜਮੈਂਟ ਮੀਟਿੰਗ ਵਿਚ ਕੀਤੇ ਲਿਖਤੀ ਫ਼ੈਸਲੇ ਤੋਂ ਭੱਜ ਰਹੀ ਹੈ। ਜਿਸ ਦੇ ਵਿਰੋਧ ਵਜੋਂ ਦੇ ਆਊਟਸੋਰਸਡ ਮੁਲਾਜ਼ਮਾਂ ਵਲੋਂ 9 ਜੂਨ ਤੋਂ ਹੈੱਡ ਆਫ਼ਿਸ ਦੇ ਮੁੱਖ ਗੇਟ ਅੱਗੇ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਧਰਨਾ ਪੰਜਵੇਂ ਦਿਨ ਵੀ ਜਾਰੀ ਹੈ। ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰਕੌਮ ਟਰਾਂਸਕੋ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ।
ਪਾਵਰਕਾਮ ਟਰਾਂਸਕੋ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਦਾ ਧਰਨਾ ਨੌਵੇਂ ਦਿਨ ਵੀ ਜਾਰੀ
ਅਜੀਤ ਡੈਸਕ
18-06-2026