ਦੇਵੀਗੜ੍ਹ, 17 ਜੂਨ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਜ਼ਮੀਨੀ ਪੱਧਰ ‘ਤੇ ਹੋ ਰਹੇ ਚੌਤਰਫ਼ਾ ਵਿਕਾਸ ਕਾਰਜਾਂ ਦੀ ਬਦੌਲਤ ਅੱਜ ਹਲਕਾ ਸਨੌਰ ਦੇ ਪਿੰਡ ਬਹਾਦਰਪੁਰ ਫਕੀਰਾਂ ਓਰਫ ਛੰਨਾ ਨੇੜੇ ਦੇਵੀਗੜ੍ਹ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਇਲਾਕੇ ਦੇ ਕਈ ਨਾਮਵਰ ਆਗੂ ਅਤੇ ਪਤਵੰਤੇ ਸੱਜਣ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ‘ਆਪ’ ਪਰਿਵਾਰ ਵਿਚ ਸ਼ਾਮਲ ਹੋ ਗਏ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਪ੍ਰਮੁੱਖ ਤੌਰ ‘ਤੇ ਯੂਥ ਆਗੂ ਸੋਨੀ ਬਾਵਾ, ਰਣ ਸਿੰਘ, ਕਾਕਾ ਰਾਮ (ਸਾਬਕਾ ਸਰਪੰਚ), ਕਰਨੈਲ ਸਿੰਘ ਫੌਜੀ, ਤੇਜਾ ਗਿਰ ਅਤੇ ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਪਰਿਵਾਰ ਸ਼ਾਮਲ ਹਨ। ਇਸ ਮੌਕੇ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ, ਸਿਮਰਜੀਤ ਸਿੰਘ ਸੋਹਲ ਵਾਈਸ ਚੇਅਰਮੈਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਪਿੰਡ ਛੰਨਾ ਵਿਖੇ ਪਹੁੰਚਣ ‘ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਾਰਟੀ ਦਾ ਪੱਲਾ ਫੜਨ ਵਾਲੇ ਸਾਰੇ ਸਾਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਨ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਸ. ਹਡਾਣਾ ਨੇ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਰਵਾਇਤੀ ਪਾਰਟੀਆਂ ਦੇ ਝੂਠੇ ਲਾਰਿਆਂ ਨੂੰ ਨਕਾਰ ਕੇ ਭਗਵੰਤ ਮਾਨ ਸਰਕਾਰ ਦੀ ਇਮਾਨਦਾਰ ਸੋਚ ‘ਤੇ ਮੋਹਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਸਾਥੀਆਂ ਦੇ ਪਾਰਟੀ ਵਿਚ ਆਉਣ ਨਾਲ ਹਲਕਾ ਸਨੌਰ ਦੀ ਵਿਕਾਸ ਮੁਹਿੰਮ ਨੂੰ ਹੋਰ ਜ਼ਿਆਦਾ ਤਾਕਤ ਮਿਲੇਗੀ ਅਤੇ ਅਸੀਂ ਸਾਰੇ ਮਿਲ ਕੇ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਵਾਂਗੇ। ਇਸ ਮੌਕੇ ਸ਼ਾਮਲ ਹੋਏ ਯੂਥ ਆਗੂ ਸੋਨੀ ਬਾਵਾ, ਸਾਬਕਾ ਸਰਪੰਚ ਕਾਕਾ ਰਾਮ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਅੰਦਰ ਹੋ ਰਹੇ ਇਤਿਹਾਸਕ ਕਾਰਜਾਂ ਅਤੇ ਹਲਕਾ ਇੰਚਾਰਜ ਰਣਜੋਧ ਹਡਾਣਾ ਦੀ ਦਿਨ-ਰਾਤ ਦੀ ਮਿਹਨਤ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਪੱਖਪਾਤ ਦੇ ਹੋ ਰਹੇ ਵਿਕਾਸ ਕਾਰਜਾਂ ਕਾਰਨ ਹੀ ਅੱਜ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਪ੍ਰਣ ਲਿਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਹਲਕੇ ਦੀ ਤਰੱਕੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।