19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਪੰਜਾਬ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਸੂਬੇ ’ਚ ਭਾਜਪਾ ਦੀ ਸਰਕਾਰ ਬਣਾਉਣਾ ਜ਼ਰੂਰੀ-ਡਾ. ਤੇਜਾ

ਅਜੀਤ ਡੈਸਕ 30-06-2026
ਸਨੌਰ, 29 ਜੂਨ (ਮੋਹਣ ਸਿੰਘ ਭੱਟੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਪੰਜਾਬ ਦੀ ਮੌਜੂਦਾ ਆਰਥਿਕ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਸੂਬਾ ਵਿੱਤੀ ਤੌਰ ’ਤੇ ਬੇਹੱਦ ਕਮਜ਼ੋਰ ਹੋ ਚੁੱਕਾ ਹੈ। ਆਪਣੀ ਜਨ ਸੰਪਰਕ ਮੁਹਿੰਮ ਤਹਿਤ ਹਲਕਾ ਸਨੌਰ ਦੇ ਪਿੰਡਾਂ ਦਾ ਦੌਰਾ ਕਰਦਿਆਂ ਪ੍ਰੈੱਸ ਨਾਲ ਗੱਲਬਾਤ ਦੌਰਾਨ ਡਾ. ਤੇਜਾ ਨੇ ਦਾਅਵਾ ਕੀਤਾ ਕਿ ਪੰਜਾਬ ਸਿਰ ਇਸ ਵੇਲੇ ਲਗਭਗ ਸਾਢੇ ਚਾਰ ਲੱਖ ਕਰੋੜ ਰੁਪਏ ਦਾ ਭਾਰੀ ਕਰਜ਼ਾ ਚੜ੍ਹ ਚੁੱਕਾ ਹੈ ਅਤੇ ਸਰਕਾਰ ਨੂੰ ਆਪਣੇ ਰੋਜ਼ਾਨਾ ਦੇ ਖ਼ਰਚੇ ’ਤੇ ਕੰਮ ਚਲਾਉਣ ਲਈ ਵੀ ਹਰ ਮਹੀਨੇ ਕਰਜ਼ਾ ਲੈਣ ਦੀ ਨੌਬਤ ਆ ਗਈ ਹੈ। ਉਨ੍ਹਾਂ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਨੇ ਪਿਛਲੇ ਮਹਿਜ਼ ਤਿੰਨ ਮਹੀਨਿਆਂ ਵਿਚ ਹੀ 6300 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਹੈ ਅਤੇ ਜਿਸ ਤਰ੍ਹਾਂ ਦੀ ਗ਼ੈਰ-ਯੋਜਨਾਬੱਧ ਨੀਤੀ ਨਾਲ ਸਰਕਾਰ ਕੰਮ ਕਰ ਰਹੀ ਹੈ, ਉਸ ਨਾਲ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕਾਂ ਸਿਰ ਕਰਜ਼ੇ ਦਾ ਬੋਝ ਹੋਰ ਵਧਣਾ ਤੈਅ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਅਦਾ ਕਰਨ ਲਈ ਮਾਨਯੋਗ ਹਾਈਕੋਰਟ ਵਲੋਂ 30 ਜੂਨ ਤੱਕ ਦਾ ਸਮਾਂ ਦਿੱਤਾ ਗਿਆ ਹੈ, ਜਿਸ ਉੱਤੇ ਕਰੋੜਾਂ ਰੁਪਏ ਖ਼ਰਚ ਹੋਣੇ ਹਨ ਪਰ ਸਰਕਾਰ ਨੇ ਅਜੇ ਤੱਕ ਇਸ ਸੰਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ। ਹਾਲਾਤ ਇਹ ਹਨ ਕਿ ਕਈ ਸਰਕਾਰੀ ਮਹਿਕਮਿਆਂ ਵਿਚ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਲਈ ਵੀ ਪੈਸੇ ਨਹੀਂ ਹਨ, ਜਿਸ ਕਾਰਨ ਸੂਬੇ ਭਰ ਵਿਚ ਮੁਲਾਜ਼ਮ ਹੜਤਾਲਾਂ ਦੇ ਰਾਹ ਪੈ ਗਏ ਹਨ। ਹਲਕਾ ਸਨੌਰ ਦੇ ਪਿੰਡਾਂ ਮੀਟਿੰਗਾਂ ਦੌਰਾਨ ਜਿੱਥੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਆਪਣੇ ਮਨ ਦੀਆਂ ਗੱਲਾਂ ਸਾਂਝੀਆਂ ਕੀਤੀਆਂ, ਉੱਥੇ ਡਾ. ਤੇਜਾ ਨੇ ਮੌਜੂਦਾ ਸੱਤਾਧਾਰੀ ਧਿਰ ’ਤੇ ਸਿਆਸੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਤੋਂ ਬਾਅਦ ਹੁਣ ਚੋਣਾਂ ਨੇੜੇ ਦੇਖ ਕੇ ਵੋਟਾਂ ਦੀ ਖ਼ਾਤਰ ਲੋਕਾਂ ਨੂੰ ਤੀਰਥ ਯਾਤਰਾਵਾਂ ਕਰਵਾਉਣ ਅਤੇ ਬੀਬੀਆਂ ਦੇ ਖਾਤਿਆਂ ਵਿਚ ਹਜ਼ਾਰ-ਹਜ਼ਾਰ ਰੁਪਏ ਪਾਉਣ ਦੇ ਸ਼ੋਸ਼ੇ ਛੱਡੇ ਜਾ ਰਹੇ ਹਨ ਪਰ ਪੰਜਾਬ ਦੇ ਲੋਕ ਹੁਣ ਬਹੁਤ ਸਮਝਦਾਰ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਮੁਫ਼ਤਖ਼ੋਰੀ ਦੀ ਬਜਾਏ ਆਪਣੇ ਬੱਚਿਆਂ ਦੇ ਸੁਰੱਖਿਅਤ ਭਵਿੱਖ ਅਤੇ ਰੁਜ਼ਗਾਰ ਦੀ ਚਿੰਤਾ ਹੈ। ਭਾਜਪਾ ਆਗੂ ਨੇ ਚੇਤਾਵਨੀ ਦਿੱਤੀ ਕਿ ਆਰਥਿਕ ਮੰਦੀ ਦੇ ਚੱਲਦਿਆਂ ਜੇਕਰ ਪੰਜਾਬ ਸਰਕਾਰ ਨੇ ਸੋਚ-ਸਮਝ ਕੇ ਵਿੱਤੀ ਫ਼ੈਸਲੇ ਨਾ ਲਏ ਤਾਂ ਸੂਬੇ ਵਿਚ ਗੰਭੀਰ ਅਸਥਿਰਤਾ ਦਾ ਮਾਹੌਲ ਪੈਦਾ ਹੋ ਸਕਦਾ ਹੈ ਅਤੇ ਪੰਜਾਬ ਵਿੱਤੀ ਐਮਰਜੈਂਸੀ ਦੇ ਕੰਢੇ ਪਹੁੰਚ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਨਾਜ਼ੁਕ ਹਾਲਤਾਂ ਵਿਚੋਂ ਬਾਹਰ ਕੱਢਣ ਅਤੇ ਆਰਥਿਕ ਤੌਰ ’ਤੇ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਕੇਂਦਰ ਦੀ ਤਰਜ਼ ’ਤੇ ਪੰਜਾਬ ਵਿਚ ਵੀ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।
ਪਿਛਲੀ ਖ਼ਬਰ ਜ਼ੀਨਗਰ ਸਮਾਜ ਨੇ ਸੰਨੀ ਢਿੱਲੋਂ ਨਾਲ ਚੱਲਣ ਦਾ ਲਿਆ ਅਹਿਦ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਹੁਤੇ ਵਿਧਾਇਕਾਂ ਦਾ ਬਿਨਾਂ ਪੜ੍ਹੇ ਬਿੱਲ ਪਾਸ ਕਰਨਾ ਕਬੂਲਣਾ ਲੋਕਤੰਤਰ ਲਈ ਸ਼ਰਮਨਾਕ ਆਮ ਆਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।