07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ਸਰਕਾਰ ਵਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ ਹੁਣ ਘਨੌਰ ਹਲਕੇ ‘ਚ 16,932 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ ਨਾਲ ਸਿੰਚਾਈ ਦਾ ਲਾਭ- ਬਰਿੰਦਰ ਗੋਇਲ

ਅਜੀਤ ਡੈਸਕ 30-07-2026
ਘਨੌਰ, 29 ਜੁਲਾਈ (ਸਰਦਾਰਾ ਸਿੰਘ ਲਾਛੜੂ)- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਗੁਰਲਾਲ ਘਨੌਰ ਨੇ ਪਿੰਡ ਕੋਲ੍ਹੇਮਾਜਰਾ ਵਿਖੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਇਲਾਕੇ ਦੇ ਕਿਸਾਨਾਂ ਦੀ ਆਜ਼ਾਦੀ ਤੋਂ ਪਹਿਲਾਂ ਤੋਂ ਚੱਲੀ ਆ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਆਪਣਾ ਵਾਅਦਾ ਨਿਭਾਇਆ ਹੈ। ਬਰਿੰਦਰ ਗੋਇਲ, ਜਿਨ੍ਹਾਂ ਕੋਲ ਖਨਣ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲੀ ਵਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਤਹੱਈਆ ਕਰਦਿਆਂ ਅਜਾਈਂ ਵਹਿ ਜਾਂਦੇ ਨਹਿਰੀ ਪਾਣੀ ਨੂੰ ਵੱਡੇ ਪੱਧਰ ’ਤੇ ਸਿੰਚਾਈ ਲਈ ਵਰਤਿਆ ਹੈ।
ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਮੁਹਿੰਮ ਨੂੰ ਮਜ਼ਬੂਤੀ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਵਿਧਾਇਕ ਗੁਰਲਾਲ ਘਨੌਰ ਦੀ ਪਹਿਲਕਦਮੀ ਸਦਕਾ ਹਲਕਾ ਘਨੌਰ ਵਿੱਚ 22.23 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਲਿਫ਼ਟਿੰਗ ਸਿਸਟਮ (ਪੁਰਾਣਾ ਨਾਮ ਰਾਜਖਾਂਟ, ਬਨੂੜ ਕੈਨਾਲ) ਰਾਹੀਂ 36.39 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾ ਕੇ 38 ਪਿੰਡਾਂ ਨੂੰ ਨਹਿਰੀ ਪਾਣੀ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ 15,129 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਸਿੰਚਾਈ ਅਧੀਨ ਲਿਆਂਦਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਹਲਕਾ ਘਨੌਰ ਵਿੱਚ ਪੈਂਦੇ ਘੜਾਮ ਰਜਬਾਹੇ ਦੇ 2.44 ਕਿਲੋਮੀਟਰ ਖੇਤਰ ਨੂੰ 4.50 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ, ਜਿਸ ਨਾਲ ਲਾਭ ਪ੍ਰਾਪਤ ਕਰਨ ਵਾਲੇ 4 ਪਿੰਡਾਂ ਵਿੱਚ 1,803 ਏਕੜ ਰਕਬੇ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਸਵਾਗਤ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ । ਗੁਰਲਾਲ ਘਨੌਰ ਨੇ ਦੱਸਿਆ ਕਿ ਲਿਫ਼ਟ ਸਿਸਟਮ ਦੇ ਚਾਲੂ ਹੋਣ ਨਾਲ ਜਿੱਥੇ ਧਰਤੀ ਹੇਠਲਾ ਪਾਣੀ ਬਚੇਗਾ, ਉੱਥੇ ਹੀ ਕਿਸਾਨਾਂ ਦੀਆਂ ਖੇਤੀ ਲਾਗਤਾਂ ਵੀ ਘਟਣਗੀਆਂ। ਇਸ ਮੌਕੇ ਸਿੰਚਾਈ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਮਨਦੀਪ ਸਿੰਘ ਬੈਂਸ, ਟਿਊਬਵੈਲ ਕਾਰਪੋਰੇਸ਼ਨ ਦੇ ਨਿਗਰਾਨ ਇੰਜੀਨੀਅਰ ਮਨਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ, ਐਸ.ਡੀ.ਓ. ਕੁਮਾਰ ਧਵਨ, ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੇਲ ਸਿੰਘ, ਸਹਿਜਪਾਲ ਸਿੰਘ ਲਾਡਾ, ਕਪਤਾਨ ਸਿੰਘ, ਨਰਿੰਦਰ ਸਿੰਘ, ਬਲਾਕ ਸੰਮਤੀ ਸ਼ੰਭੂ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ, ਗੁਰਤਾਜ ਸਿੰਘ, ਡੀ.ਐਸ.ਪੀ. ਦਲਜੀਤ ਸਿੰਘ ਵਿਰਕ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਸਮੇਤ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਹਰਜਿੰਦਰ ਕੌਰ ਨੇ ਸਿਲਵਰ ਮੈਡਲ ਜਿੱਤ ਕੇ ਕੀਤਾ ਦੇਸ਼ ਦਾ ਨਾਂਅ ਰੌਸ਼ਨ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਲੱਗਿਆ ਤਾ... ਅਗਲੀ ਖ਼ਬਰ ਪਿੰਡ ਕਛਵਾ ਵਿਖੇ ਨਵੇਂ ਬੱਸ ਅੱਡੇ ਦਾ ਉਦਘਾਟਨ ਵਿਕਾਸ ਕਾਰਜਾਂ ਨਾਲ ਬਦਲ ਰਹੀ ਹੈ ਪਿੰਡਾਂ ਦੀ ਨੁਹਾਰ : ਰਣਜੋਧ ਸਿੰਘ ਹਡਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।