11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਨਿਗਮ ’ਚ ਮੇਅਰ ਦੀ ਅਚਨਚੇਤ ਚੈਕਿੰਗ, ਗ਼ੈਰ-ਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਰੁਖ਼

ਪਟਿਆਲਾ, 9 ਸਤੰਬਰ (ਅ. ਸ.

ਅਚਨਚੇਤ ਚੈਕਿੰਗ ਦੌਰਾਨ ਮੁਲਾਜ਼ਮਾਂ ਦੇ ਹਾਜ਼ਰੀ ਰਜਿਸਟਰ ਚੈੱਕ ਕਰਦੇ ਹੋਏ ਮੇਅਰ ਕੁੰਦਨ ਗੋਗੀਆ ਅਤੇ ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ। ਅਜੀਤ ਤਸਵੀਰ 10-09-2026
ਪਟਿਆਲਾ, 9 ਸਤੰਬਰ (ਅ.ਸ. ਆਹਲੂਵਾਲੀਆ)- ਨਗਰ ਨਿਗਮ ਪਟਿਆਲਾ ਦੇ ਕੰਮਕਾਜ ਨੂੰ ਚੁਸਤ-ਦਰੁਸਤ, ਪਾਰਦਰਸ਼ੀ ਅਤੇ ਲੋਕ-ਪੱਖੀ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਪ੍ਰਸ਼ਾਸਨਿਕ ਕੰਮਾਂ ਵਿਚ ਕੁਤਾਹੀ ਅਤੇ ਬਿਨਾਂ ਦੱਸੇ ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ’ਤੇ ਸਖਤੀ ਕਰਦਿਆਂ ਮੇਅਰ ਕੁੰਦਨ ਗੋਗੀਆ ਤੇ ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਨਿਗਮ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਹਾਜ਼ਰੀ ਰਜਿਸਟਰ ਖ਼ੁਦ ਜਾਚੇ। ਚੈਕਿੰਗ ਦੌਰਾਨ ਜਿਹੜੇ ਕਰਮਚਾਰੀ ਸਮੇਂ ਸਿਰ ਆਪਣੀ ਡਿਊਟੀ ’ਤੇ ਹਾਜ਼ਰ ਪਾਏ ਗਏ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਸਨ, ਮੇਅਰ ਨੇ ਉਨ੍ਹਾਂ ਦੀ ਪਿੱਠ ਥਾਪੜਦਿਆਂ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ। ਦੂਜੇ ਪਾਸੇ, ਬਿਨਾਂ ਕਿਸੇ ਠੋਸ ਕਾਰਨ ਜਾਂ ਅਗਾਊਂ ਛੁੱਟੀ ਤੋਂ ਗ਼ੈਰ-ਹਾਜ਼ਰ ਮਿਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਨੋਟਿਸ ਲੈਂਦਿਆਂ ਮੇਅਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਗੱਲਬਾਤ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦਾ ਹਰੇਕ ਵਿਭਾਗ ਸਿੱਧਾ ਆਮ ਜਨਤਾ ਨਾਲ ਜੁੜਿਆ ਹੋਇਆ ਹੈ। ਲੋਕ ਆਪਣੇ ਰੋਜ਼ਾਨਾ ਦੇ ਜ਼ਰੂਰੀ ਕੰਮਾਂ ਲਈ ਦਫ਼ਤਰ ਆਉਂਦੇ ਹਨ, ਇਸ ਲਈ ਸਮੂਹ ਸ਼ਾਖਾਵਾਂ ਦੇ ਮੁਲਾਜ਼ਮ ਅਤੇ ਅਧਿਕਾਰੀ ਲੋਕ-ਹਿੱਤ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ ਤਾਂ ਜੋ ਕਿਸੇ ਵੀ ਸ਼ਹਿਰੀ ਨੂੰ ਵਾਰ-ਵਾਰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਤਾੜਨਾ ਕੀਤੀ ਕਿ ਜਨਤਕ ਕੰਮਾਂ ਵਿਚ ਬੇਲੋੜੀ ਦੇਰੀ, ਡਿਊਟੀ ਪ੍ਰਤੀ ਲਾਪ੍ਰਵਾਹੀ ਅਤੇ ਬਿਨਾਂ ਦੱਸੇ ਗ਼ੈਰ-ਹਾਜ਼ਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਨਿਗਮ ਪ੍ਰਸ਼ਾਸਨ ਦੀ ਮੁੱਖ ਤਰਜੀਹ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਅਚਨਚੇਤ ਚੈਕਿੰਗ ਭਵਿੱਖ ਵਿਚ ਵੀ ਨਿਰੰਤਰ ਜਾਰੀ ਰਹੇਗੀ ਤਾਂ ਜੋ ਦਫ਼ਤਰੀ ਅਨੁਸ਼ਾਸਨ ਨੂੰ ਹਰ ਹਾਲ ਵਿਚ ਬਰਕਰਾਰ ਰੱਖਿਆ ਜਾ ਸਕੇ।
ਪਿਛਲੀ ਖ਼ਬਰ ਪਿੱਕਅਪ ਚਾਲਕ ਦੀ ਨਹਿਰ ’ਚੋਂ ਲਾਸ਼ ਬਰਾਮਦ ਅਗਲੀ ਖ਼ਬਰ ਪੁਲਿਸ ਨੇ ਕਤਲ ਮਾਮਲੇ ’ਚ ਲੁੜੀਂਦੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।