11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡੀ. ਸੀ. ਵਲੋਂ ਤਿਉਹਾਰਾਂ ਨੂੰ ਲੈ ਕੇ ਫੂਡ ਸੇਫ਼ਟੀ ਵਿਭਾਗ ਨੂੰ ਸਖ਼ਤੀ ਨਾਲ ਚੈਕਿੰਗ ਕਰਨ ਦੇ ਨਿਰਦੇਸ਼

ਪਟਿਆਲਾ, 10 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਪਟਿਆਲਾ ਵਿਚ ਖਾਣ-ਪੀਣ ਦੀਆਂ ਵਸਤਾਂ ਵਿਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫ਼ਟੀ ਵਿਭਾਗ ਨੂੰ ਹੋਰ ਚੌਕਸੀ ਤੇ ਸਖ਼ਤੀ ਨਾਲ ਚੈਕਿੰਗ ਕਰਨ ਦੇ ਨਿਰਦੇਸ਼ ਦਿੰਦੇ ਹੋਏ। ਅਜੀਤ ਤਸਵੀਰ 11-09-2026
ਪਟਿਆਲਾ, 10 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਪਟਿਆਲਾ ਵਿਚ ਖਾਣ-ਪੀਣ ਦੀਆਂ ਵਸਤਾਂ ਵਿਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਜਾਂ ਅਦਾਰਾ ਮਿਲਾਵਟੀ, ਗੈਰ-ਮਿਆਰੀ ਜਾਂ ਅਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਵੇਚਦਾ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਭੋਜਨ ਸੁਰੱਖਿਆ ਸੰਬੰਧੀ ਇਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫ਼ਟੀ ਵਿਭਾਗ ਨੂੰ ਹੋਰ ਚੌਕਸੀ ਅਤੇ ਸਖ਼ਤੀ ਨਾਲ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਮਿਠਾਈਆਂ, ਦੁੱਧ ਤੋਂ ਬਣੀਆਂ ਵਸਤਾਂ, ਖੋਆ, ਪਨੀਰ, ਤੇਲ, ਘਿਓ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ ਅਤੇ ਸ਼ੱਕੀ ਵਸਤਾਂ ਦੇ ਸੈਂਪਲ ਲੈ ਕੇ ਉਨ੍ਹਾਂ ਦੀ ਜਾਂਚ ਯਕੀਨੀ ਬਣਾਈ ਜਾਵੇ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭੋਜਨ ਪਦਾਰਥਾਂ ਵਿਚ ਮਿਲਾਵਟਖੋਰੀ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹੈ, ਸਗੋਂ ਇਹ ਲੋਕਾਂ ਦੀ ਸਿਹਤ ਨਾਲ ਸਿੱਧਾ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਲੋਕਾਂ ਨੂੰ ਸਾਫ਼-ਸੁਥਰੀਆਂ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦੀਆਂ ਵਸਤਾਂ ਉਪਲਬਧ ਕਰਵਾਉਣਾ ਹੈ। ਉਨ੍ਹਾਂ ਫੂਡ ਸੇਫਟੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਦਾਰਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਲੋਕਾਂ ’ਚ ਭੋਜਨ ਸੁਰੱਖਿਆ ਸੰਬੰਧੀ ਜਾਗਰੂਕਤਾ ਵੀ ਵਧਾਈ ਜਾਵੇ। ਡਿਪਟੀ ਕਮਿਸ਼ਨਰ ਨੇ ਭੋਜਨ ਅਦਾਰਿਆਂ ਤੋਂ ਵਰਤਿਆ ਹੋਇਆ ਖਾਣਾ ਪਕਾਉਣ ਵਾਲਾ ਤੇਲ (ਯੂਸੀਓ), ਭਾਵ ਤਲਣ ਤੋਂ ਬਾਅਦ ਬਚਿਆ ਹੋਇਆ ਤੇਲ, ਇਕੱਠਾ ਕਰਕੇ ਇਸ ਨੂੰ ਬਾਇਓਡੀਜ਼ਲ ਦੇ ਉਤਪਾਦਨ ਲਈ ਵਰਤਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਰਤੇ ਹੋਏ ਖਾਣਾ ਪਕਾਉਣ ਵਾਲੇ ਤੇਲ ਨੂੰ ਮੁੜ ਖਾਣਾ ਬਣਾਉਣ ਲਈ ਵਰਤਣਾ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ, ਇਸ ਲਈ ਇਸ ਦੇ ਸਹੀ ਨਿਪਟਾਰੇ ਅਤੇ ਸੁਰੱਖਿਅਤ ਢੰਗ ਨਾਲ ਇਕੱਠਾ ਕਰਨ ਲਈ ਫੂਡ ਸੇਫ਼ਟੀ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਡੀ.ਐਚ.ਓ. ਡਾ. ਗੁਰਪ੍ਰੀਤ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਵਿਸ਼ੇਸ਼ ਤੌਰ ’ਤੇ ਮਠਿਆਈਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਦੀ ਜਾਂਚ ਨੂੰ ਤਰਜੀਹ ਦਿੱਤੀ ਜਾਵੇਗੀ। ਮੀਟਿੰਗ ਵਿਚ ਓ.ਐਸ.ਡੀ. (ਸ਼ਹਿਰੀ ਵਿਕਾਸ) ਮੁਕਾਲਿਨ ਆਰ, ਸਿਵਲ ਸਰਜਨ ਡਾ. ਸ਼ੈਲੀ ਜੇਤਲੀ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਹੋਰ ਵਿਭਾਗਾਂ ਦੇ ਅਧਿਕਾਰੀ, ਸਮਾਜਿਕ ਨੁਮਾਇੰਦੇ, ਫੂਡ ਇੰਸਪੈਕਟਰਾਂ ਦੇ ਨਾਲ-ਨਾਲ ਭੋਜਨ ਸੁਰੱਖਿਆ ਦੇ ਖੇਤਰ ਵਿਚ ਕੰਮ ਕਰ ਰਹੀ ਕੰਪਨੀ ਈਕੋਇਲ ਦੇ ਪ੍ਰਤੀਨਿਧੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਟਰੀਟ ਲਾਈਟਾਂ ਖ਼ਰਾਬ ਹੋਣ ਕਾਰਨ ਸੜਕਾਂ ’ਤੇ ਛਾਇਆ ਘੁੱਪ ਹਨੇਰਾ ਅਗਲੀ ਖ਼ਬਰ ਆਲੂਆਂ ਦੀਆਂ ਬੋਰੀਆਂ ਹੇਠਾਂ ਲੁਕਾ ਕੇ ਲਿਜਾ ਰਿਹਾ ਸੀ 13 ਕੁਇੰਟਲ ਭੁੱਕੀ, ਟਰੱਕ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।