ਪੋਸ਼ਣ ਸਪਤਾਹ ਤੋਂ ਪਹਿਲਾਂ ਗ਼ਰੀਬੀ ਦੂਰ ਕਰਨ ਲਈ ਠੋਸ ਕਦਮ ਚੁੱਕੇ ਕੇਂਦਰ ਸਰਕਾਰ- ਪ੍ਰੋ. ਬਡੂੰਗਰ
ਭੁੱਨਰਹੇੜੀ, 17 ਸਤੰਬਰ (ਧਨਵੰਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ, ਕਿ ਦੇਸ਼ ਵਿਚ ਕੁਪੋਸ਼ਣ ਦੀ ਸਮੱਸਿਆ ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਨੂੰ ਪੋਸ਼ਣ ਸਪਤਾਹ ਮਨਾਉਣ ਦੇ ਨਾਲ-ਨਾਲ ਗ਼ਰੀਬੀ ਤੇ ਬੇਰੁਜ਼ਗਾਰੀ ਦੇ ਖਾਤਮੇ ਲਈ ਵੀ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਭੁੱਨਰਹੇੜੀ, 17 ਸਤੰਬਰ (ਧਨਵੰਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ, ਕਿ ਦੇਸ਼ ਵਿਚ ਕੁਪੋਸ਼ਣ ਦੀ ਸਮੱਸਿਆ ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਨੂੰ ਪੋਸ਼ਣ ਸਪਤਾਹ ਮਨਾਉਣ ਦੇ ਨਾਲ-ਨਾਲ ਗ਼ਰੀਬੀ ਤੇ ਬੇਰੁਜ਼ਗਾਰੀ ਦੇ ਖਾਤਮੇ ਲਈ ਵੀ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਸ ਪਰਿਵਾਰ ਲਈ ਦੋ ਵਕਤ ਦੀ ਰੋਟੀ ਦਾ ਪ੍ਰਬੰਧ ਕਰਨਾ ਮੁਸ਼ਕਲ ਹੋਵੇ, ਉਸ ਪਰਿਵਾਰ ਦੇ ਬੱਚਿਆਂ ਨੂੰ ਸੰਤੁਲਿਤ ਤੇ ਪੌਸ਼ਟਿਕ ਖੁਰਾਕ ਦੇਣਾ ਵੀ ਵੱਡੀ ਚੁਣੌਤੀ ਬਣ ਜਾਂਦਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗਰੀਬ ਅਤੇ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ, ਪਰ ਕੁਪੋਸ਼ਣ ਦਾ ਮੁਕਾਬਲਾ ਸਿਰਫ਼ ਜਾਗਰੂਕਤਾ ਮੁਹਿੰਮਾਂ ਨਾਲ ਨਹੀਂ ਕੀਤਾ ਜਾ ਸਕਦਾ। ਇਸ ਲਈ ਗਰੀਬ ਪਰਿਵਾਰਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੀਆਂ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ, ਜਿਨ੍ਹਾਂ ਨਾਲ ਗਰੀਬ ਲੋਕਾਂ ਨੂੰ ਰੁਜ਼ਗਾਰ ਦੇ ਸਥਾਈ ਮੌਕੇ ਮਿਲਣ ਅਤੇ ਉਹ ਆਪਣੇ ਪਰਿਵਾਰ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਯੋਗ ਬਣਾਇਆ ਜਾਵੇ । ਉਨ੍ਹਾਂ ਕਿਹਾ ਕਿ ਰੋਟੀ, ਕੱਪੜਾ ਤੇ ਮਕਾਨ ਦੇ ਨਾਲ ਬੱਚਿਆਂ ਲਈ ਸਿੱਖਿਆ, ਸਿਹਤ ਅਤੇ ਪੌਸ਼ਟਿਕ ਖੁਰਾਕ ਦੀ ਉਪਲਬਧਤਾ ਯਕੀਨੀ ਬਣਾਉਣਾ ਵੀ ਸਰਕਾਰ ਦੀ ਤਰਜੀਹ ਹੋਣੀ ਚਾਹੀਦੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਕੁਪੋਸ਼ਣ ਨੂੰ ਸਿਰਫ਼ ਖੁਰਾਕ ਦੀ ਘਾਟ ਨਾਲ ਜੋੜ ਕੇ ਨਹੀਂ ਦੇਖਿਆ ਜਾ ਸਕਦਾ। ਇਸ ਦੇ ਪਿੱਛੇ ਗਰੀਬੀ, ਬੇਰੁਜ਼ਗਾਰੀ ਅਤੇ ਪਰਿਵਾਰਾਂ ਦੀ ਕਮਜ਼ੋਰ ਆਰਥਿਕ ਸਥਿਤੀ ਵਰਗੇ ਕਾਰਨ ਵੀ ਹਨ। ਜਦੋਂ ਪਰਿਵਾਰ ਦੀ ਆਮਦਨ ਸੀਮਤ ਹੋਵੇ ਤਾਂ ਮਹਿੰਗਾਈ ਦੇ ਦੌਰ ਵਿੱਚ ਪੌਸ਼ਟਿਕ ਖੁਰਾਕ ਸਭ ਤੋਂ ਪਹਿਲਾਂ ਉਸ ਦੀ ਪਹੁੰਚ ਤੋਂ ਬਾਹਰ ਹੁੰਦੀ ਹੈ ਅਤੇ ਇਸ ਦਾ ਸਭ ਤੋਂ ਵੱਧ ਅਸਰ ਬੱਚਿਆਂ ’ਤੇ ਪੈਂਦਾ ਹੈ।ਉਨ੍ਹਾਂ ਕਿਹਾ ਕਿ ਪੋਸ਼ਣ ਸਪਤਾਹ ਨੂੰ ਸਿਰਫ਼ ਸਰਕਾਰੀ ਸਮਾਗਮਾਂ ਤੇ ਜਾਗਰੂਕਤਾ ਤੱਕ ਸੀਮਤ ਕਰਨ ਦੀ ਬਜਾਏ ਇਸ ਨੂੰ ਗਰੀਬ ਪਰਿਵਾਰਾਂ ਦੀ ਆਰਥਿਕ ਮਜ਼ਬੂਤੀ ਨਾਲ ਜੋੜਿਆ ਜਾਣਾ ਚਾਹੀਦਾ ਹੈ।