ਪਟਿਆਲਾ, 21 ਸਤੰਬਰ (ਅ. ਸ. ਆਹਲੂਵਾਲੀਆ)- ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਨੇ ਫਰੀਡਮ ਫਾਈਟਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਬੰਧਿਤ ਮੰਗਾਂ ਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਮਿਲਣ ਵਾਲੀਆਂ ਸਹੂਲਤਾਂ ਸੰਬੰਧੀ ਮਸਲਿਆਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਇਕ ਮੰਗ ਪੱਤਰ ਸੌਂਪਿਆ ਗਿਆ। ਕੋਹਲੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ ਅਤੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਬੰਧਿਤ ਮਸਲਿਆਂ ਨੂੰ ਸੰਵੇਦਨਸ਼ੀਲਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ। ਮੀਟਿੰਗ ਦੌਰਾਨ ਵਫ਼ਦ ਨੇ ਆਪਣੀਆਂ ਮੰਗਾਂ ਅਤੇ ਲੰਬੇ ਸਮੇਂ ਤੋਂ ਉਠਾਏ ਜਾ ਰਹੇ ਮੁੱਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਗੁਰਜੀਤ ਸਿੰਘ ਕੋਹਲੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਆਪਣੀ ਪੁਸਤਕ ‘ਸ੍ਰੀ ਗੋਵਿੰਦ ਗੀਤਾ’ ਵੀ ਸਤਿਕਾਰ ਸਹਿਤ ਭੇਟ ਕੀਤੀ। ਕੋਹਲੀ ਨੇ ਦੱਸਿਆ ਕਿ ਮੁਲਾਕਾਤ ਬਹੁਤ ਹੀ ਸਾਰਥਕ ਰਹੀ ਅਤੇ ਵੱਖ-ਵੱਖ ਸਮਾਜਿਕ ਅਤੇ ਜਨਹਿੱਤ ਦੇ ਵਿਸ਼ਿਆਂ ’ਤੇ ਵੀ ਵਿਚਾਰ-ਵਟਾਂਦਰਾ ਹੋਇਆ।