ਪਟਿਆਲਾ, 12 ਅਕਤੂਬਰ (ਅ.ਸ. ਆਹਲੂਵਾਲੀਆ)- ਅੱਸੂ ਦੇ ਦੂਜੇ ਨਰਾਤੇ ਮੌਕੇ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਲਗਪਗ 60 ਹਜ਼ਾਰ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਵੇਰ ਤੋਂ ਹੀ ਦੂਰ-ਦੁਰਾਡੇ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਮੰਦਰ ਦੀ ਸਲਾਹਕਾਰ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਆਮ ਦਿਨਾਂ ਦੌਰਾਨ ਮੰਦਰ ਵਿਖੇ ਰੋਜ਼ਾਨਾ 50 ਤੋਂ 60 ਹਜ਼ਾਰ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ, ਜਦਕਿ ਸ਼ਨਿਚਰਵਾਰ ਤੇ ਐਤਵਾਰ ਨੂੰ ਇਹ ਗਿਣਤੀ ਇਕ ਲੱਖ ਤੋਂ ਵੀ ਵੱਧ ਹੋ ਜਾਂਦੀ ਹੈ। ਇਸ ਦੌਰਾਨ ਮੰਦਰ ਵਿਖੇ ਨਵੇਂ ਉਸਾਰੇ ਗਏ ਲੰਗਰ ਹਾਲ ਵਿਚ ਲਗਪਗ 7 ਹਜ਼ਾਰ ਸ਼ਰਧਾਲੂਆਂ ਨੇ ਲੰਗਰ ਛਕਿਆ ਅਤੇ ਮਾਤਾ ਰਾਣੀ ਦਾ ਗੁਣਗਾਨ ਕੀਤਾ। ਮੰਦਰ ਦੀ ਸਲਾਹਕਾਰ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਮਹੇਸ਼ ਮਿੱਤਲ, ਸੀ.ਏ. ਅਜੇ ਅਲੀਪੁਰੀਆ, ਡਾ. ਰਾਜ ਕੁਮਾਰ ਗੁਪਤਾ ਅਤੇ ਸੰਜੇ ਸਿੰਗਲਾ ਨੇ ਦੱਸਿਆ ਕਿ ਨਰਾਤਿਆਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਮਾਲ ਰੋਡ ਵਿਖੇ ਰੋਜ਼ਾਨਾ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਮਾਤਾ ਕੀ ਚੌਂਕੀ ਸਜਾਈ ਜਾਂਦੀ ਹੈ, ਜਿਸ ਦੌਰਾਨ ਭਜਨਾਂ ਰਾਹੀਂ ਮਾਤਾ ਰਾਣੀ ਦਾ ਗੁਣਗਾਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਪੁਨਰ-ਨਿਰਮਾਣ ਅਤੇ ਸੁੰਦਰੀਕਰਨ ਲਈ ਲਗਭਗ 85 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਮਾਤਾ ਰਾਣੀ ਦੀ ਕਿਰਪਾ ਨਾਲ ਇਨ੍ਹਾਂ ਪ੍ਰਾਜੈਕਟਾਂ ਦਾ ਕੰਮ ਜਲਦ ਮੁਕੰਮਲ ਹੋ ਜਾਵੇਗਾ, ਜਿਸ ਉਪਰੰਤ ਸ਼ਰਧਾਲੂਆਂ ਨੂੰ ਮੰਦਰ ਦਾ ਹੋਰ ਵਿਸ਼ਾਲ ਅਤੇ ਸ਼ਾਨਦਾਰ ਰੂਪ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਮੁਕੰਮਲ ਹੋਏ ਵਿਕਾਸ ਕਾਰਜਾਂ ਨਾਲ ਵੀ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ।