03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਵਾਹਗਾ ਸਰਹੱਦ ਖੋਲ੍ਹਣਾ ਸਮੇਂ ਦੀ ਮੁੱਖ ਲੋੜ, ਦੋਵਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਗਰਮਾਹਟ ਲਈ ਅਮਨ-ਸ਼ਾਂਤੀ ਬੇਹੱਦ ਜ਼ਰੂਰੀ-ਕਰਨੈਲ ਸਿੰਘ ਪੀਰ ਮੁਹੰਮਦ <br/>

ਅਜੀਤ ਡੈਸਕ 29-03-2026
ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਿੱਖ ਚਿੰਤਕ ਕਰਨੈਲ ਸਿੰਘ ਪੀਰ ਮੁਹੰਮਦ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਾਹਗਾ ਅਟਾਰੀ ਸਰਹੱਦ ਰਾਹੀਂ ਵਪਾਰ ਅਤੇ ਆਵਾਜਾਈ ਨੂੰ ਮੁੜ ਪੂਰੀ ਤਰ੍ਹਾਂ ਬਹਾਲ ਕਰਨ ਦੀ ਪੁਰਜ਼ੋਰ ਵਕਾਲਤ ਕੀਤੀ ਹੈ | ਉਨ੍ਹਾਂ ਕਿਹਾ ਕਿ ਖ਼ਿੱਤੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਨੂੰ ਸਾਜਗਰ ਬਣਾਉਣ ਲਈ ਸਰਹੱਦਾਂ ਦਾ ਖੁੱਲ੍ਹਣਾ ਅਤੇ ਅਮਨ-ਸ਼ਾਂਤੀ ਦਾ ਕਾਇਮ ਹੋਣਾ ਬੇਹੱਦ ਲਾਜ਼ਮੀ ਹੈ | ਅੱਜ ਇੱਥੇ ਜਾਰੀ ਇਕ ਬਿਆਨ ਵਿਚ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਹੱਦਾਂ ਬੰਦ ਹੋਣ ਕਾਰਨ ਪੰਜਾਬ ਦੇ ਵਪਾਰੀਆਂ, ਕਿਸਾਨਾਂ ਅਤੇ ਮਜ਼ਦੂਰ ਵਰਗ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਵਾਹਗਾ ਬਾਰਡਰ ਰਾਹੀਂ ਵਪਾਰਕ ਗਤੀਵਿਧੀਆਂ ਸ਼ੁਰੂ ਹੁੰਦੀਆਂ ਹਨ, ਤਾਂ ਇਸ ਨਾਲ ਨਾ ਸਿਰਫ਼ ਅੰਮਿ੍ਤਸਰ ਸਗੋਂ ਪੂਰੇ ਉੱਤਰੀ ਭਾਰਤ ਦੀ ਆਰਥਿਕਤਾ ਨੂੰ ਨਵੀਂ ਦਿਸ਼ਾ ਮਿਲੇਗੀ | ਪੀਰ ਮੁਹੰਮਦ ਨੇ ਕਿਹਾ ਕਿ ਵਾਹਗਾ ਰਾਹੀਂ ਮੱਧ ਏਸ਼ੀਆਈ ਦੇਸ਼ਾਂ ਤੱਕ ਪਹੁੰਚ ਆਸਾਨ ਹੋ ਸਕਦੀ ਹੈ, ਜਿਸ ਨਾਲ ਪੰਜਾਬੀ ਕਿਸਾਨਾਂ ਦੀਆਂ ਫ਼ਸਲਾਂ ਅਤੇ ਸਥਾਨਕ ਉਤਪਾਦਾਂ ਨੂੰ ਵੱਡੀ ਮੰਡੀ ਮਿਲੇਗੀ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਰਹੱਦ ਸਿਰਫ਼ ਇਕ ਲਕੀਰ ਨਹੀਂ, ਸਗੋਂ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਅਤੇ ਸਾਂਝੇ ਸਭਿਆਚਾਰ ਨਾਲ ਜੁੜੀ ਹੋਈ ਹੈ | ਸਰਹੱਦ ਖੁੱਲ੍ਹਣ ਨਾਲ ਲੋਕਾਂ ਦਾ ਆਪਸੀ ਮੇਲ-ਜੋਲ ਵਧੇਗਾ, ਜੋ ਸ਼ਾਂਤੀ ਸਥਾਪਿਤ ਕਰਨ ਵਿਚ ਮਦਦਗਾਰ ਸਾਬਤ ਹੋਵੇਗਾ | ਪੀਰ ਮੁਹੰਮਦ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਕੇਂਦਰੀ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਵਖਰੇਵਿਆਂ ਨੂੰ ਪਾਸੇ ਰੱਖ ਕੇ ਇਨਸਾਨੀਅਤ ਅਤੇ ਆਰਥਿਕ ਹਿਤਾਂ ਨੂੰ ਪਹਿਲ ਦੇਣ | ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ਾਂ ਨਾਲ ਸੁਖਾਵੇਂ ਸਬੰਧ ਹੀ ਦੱਖਣੀ ਏਸ਼ੀਆ ਵਿਚ ਸਥਿਰਤਾ ਲਿਆ ਸਕਦੇ ਹਨ | ਅੰਤ ਵਿਚ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਪੰਜਾਬੀ ਭਾਈਚਾਰਾ ਹਮੇਸ਼ਾ ਹੀ 'ਸਰਬੱਤ ਦੇ ਭਲੇ' ਦੀ ਅਰਦਾਸ ਕਰਦਾ ਹੈ | ਅਮਨ-ਸ਼ਾਂਤੀ ਦਾ ਮਾਰਗ ਹੀ ਦੋਵਾਂ ਦੇਸ਼ਾਂ ਦੀ ਤਰੱਕੀ ਦਾ ਮਾਰਗ ਹੈ | ਉਨ੍ਹਾਂ ਉਮੀਦ ਜਤਾਈ ਕਿ ਦੋਵੇਂ ਸਰਕਾਰਾਂ ਇਸ ਦਿਸ਼ਾ ਵਿਚ ਉਸਾਰੂ ਕਦਮ ਚੁੱਕਣਗੀਆਂ |

ਪਿਛਲੀ ਖ਼ਬਰ ਸਾਲ 2026-27 ਦੇ ਸੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲਾਂ ਵਿੱਚ ਦਾਖ਼ਲੇ ਲਈ ਸਿਲੈਕਸ਼ਨ ਟਰਾਇਲਾਂ ਦਾ ਸ਼ਡਿਊਲ ਜਾਰੀ <br... ਅਗਲੀ ਖ਼ਬਰ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਕਾਰਗੁਜ਼ਾਰੀ ਹਲਕੇ ਵਿਚ ਛੱਡ ਰਹੀ ਹੈ ਵੱਖਰੀ ਛਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।