ਮੋਗਾ, 7 ਜੂਨ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਇੰਚਾਰਜ ਬਰਜਿੰਦਰ ਸਿੰਘ ਬਰਾੜ ਨੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਉੱਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆਂ ਕਰਦਿਆਂ ਕਿਹਾ ਕਿ ਇਹ ਕਾਰਵਾਈ ਸਰਕਾਰ ਦੀ ਨਾਕਾਮੀਆਂ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਸਬੂਤ ਹੈ | ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਲਈ ਸ਼ਾਂਤੀ ਨਾਲ ਆਵਾਜ਼ ਬੁਲੰਦ ਕਰ ਰਹੇ ਮੁਲਾਜ਼ਮਾਂ ਉੱਪਰ ਤਸ਼ੱਦਦ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ | ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮ ਵਰਗ ਨਾਲ ਅਨੇਕਾਂ ਵਾਅਦੇ ਕੀਤੇ ਸਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਦਾਅਵੇ ਕੀਤੇ ਸਨ ਪਰ ਅੱਜ ਹਾਲਾਤ ਇਹ ਹਨ ਕਿ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਰੁਲਣ ਲਈ ਮਜਬੂਰ ਹਨ | ਬਰਾੜ ਨੇ ਆਖਿਆ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਅਤੇ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ |