ਨਿਹਾਲ ਸਿੰਘ ਵਾਲਾ, 7 ਜੂਨ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਆਗੂ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਨੇ ਪਟਿਆਲਾ ਵਿਖੇ ਬਿਜਲੀ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿੰਦਾਂ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਸ਼ਾਂਤਮਈ ਤਰੀਕੇ ਨਾਲ ਪਟਿਆਲਾ ਵਿਖੇ ਲਾਈਨਮੈਨ ਨੌਜਵਾਨਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਖਦੇੜਨ ਲਈ ਪੁਲਿਸ ਤੋਂ ਅੰਨ੍ਹੇਵਾਹ ਤਸ਼ੱਦਦ ਕਰਾਇਆ ਗਿਆ ਹੈ | ਜਿਸ 'ਚ ਅਨੇਕਾਂ ਨੌਜਵਾਨ ਜ਼ਖ਼ਮੀ ਹੋਏ 'ਤੇ ਅਨੇਕਾਂ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਪਰਚੇ ਦਰਜ ਕੀਤੇ ਗਏ ਹਨ ਜੋ ਸੂਬਾ ਸਰਕਾਰ ਦਾ ਤਾਨਾਸ਼ਾਹੀ ਰਵਈਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਲਾਈਨਮੈਨਾਂ ਦੇ ਇਸ ਸੰਘਰਸ਼ ਦੀ ਹਮਾਇਤ ਕਰਦੀ ਹੈ | ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂ 'ਤੇ ਬਣੀ ਭਗਵੰਤ ਮਾਨ ਸਰਕਾਰ ਇਕ ਪਾਸੇ ਨੌਜਵਾਨਾਂ ਨੂੰ ਹਰੇ ਪਿੰਨ ਨਾਲ ਰੁਜ਼ਗਾਰ ਦੇਣ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਰੁਜ਼ਗਾਰ ਮੰਗਣ ਵਾਲੇ ਨੌਜਵਾਨਾਂ 'ਤੇ ਅੰਨ੍ਹੇਵਾਹ ਡਾਂਗਾਂ ਨਾਲ ਤਸ਼ੱਦਦ ਕਰਕੇ ਜ਼ੁਲਮ ਢਾਹਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਦੋਂ ਸੱਤਾ 'ਚ ਆਉਣਾ ਸੀ ਤਾਂ ਨੌਜਵਾਨਾਂ ਨਾਲ ਨੌਕਰੀਆਂ ਦੇਣ ਤੇ ਹਰ ਵਰਗ ਨਾਲ ਵੀ ਵੱਖ-ਵੱਖ ਵਾਅਦੇ ਕੀਤੇ ਸਨ | ਜਿਨ੍ਹਾਂ ਨੂੰ ਪੂਰਾ ਕਰਨ 'ਚ ਸੂਬਾ ਸਰਕਾਰ ਫ਼ੇਲ੍ਹ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਲਾਈਨਮੈਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ਜ਼ਖਮੀ ਨੌਜਵਾਨਾਂ ਦਾ ਇਲਾਜ ਕਰਾਇਆ ਜਾਵੇ, ਗਿ੍ਫ਼ਤਾਰ ਕੀਤੇ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ |