ਫ਼ਰੀਦਕੋਟ, 16 ਜੂਨ (ਸਰਬਜੀਤ ਸਿੰਘ)-ਥਾਣਾ ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਸੁਖਪਾਲ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਬਾਹੱਦ ਰਕਬਾ ਡਰੇਨ ਪੁਲ ਫ਼ਿਰੋਜ਼ਪੁਰ ਰੋਡ, ਗੋਲੇਵਾਲਾ ਪਹੁੰਚੇ ਉੱਥੇ ਚਰਨਜੀਤ ਸਿੰਘ ਉਰਫ਼ ਚੰਨਾ ਪੁੱਤਰ ਸੁਖਚੈਨ ਸਿੰਘ ਵਾਸੀ ਗੋਲੇਵਾਲਾ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ‘ਤੇ 20 ਪਾਬੰਦੀਸ਼ੁਦਾ ਨਸ਼ੇ ਦੀਆਂ ਖੁੱਲ੍ਹੀਆਂ ਚਿੱਟੇ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਹੀ ਹੈੱਡ ਕਾਂਸਟੇਬਲ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਟਹਿਣਾ ਤੋਂ ਪਿੰਡ ਪੱਕਾ ਵਾਲੀ ਰੋਡ ਪੁੱਜੇ ਤਾਂ ਲਿੰਕ ਰੋਡ ਗਊਸ਼ਾਲਾ ਬਸਤੀ ਤਰਫੋਂ ਆ ਰਹੇ ਬੂਟਾ ਸਿੰਘ ਪੁੱਤਰ ਮਿੰਟੂ ਪੁੱਤਰ ਮਹਿੰਦਰ ਸਿੰਘ ਵਾਸੀ ਨਵਾਂ ਟਹਿਣਾ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ‘ਤੇ 15 ਪਾਬੰਦੀਸ਼ੁਦਾ ਨਸ਼ੇ ਦੀਆਂ ਖੁੱਲ੍ਹੀਆਂ ਚਿੱਟੇ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਵੱਖ ਵੱਖ ਦੋ ਮਾਮਲੇ ਦਰਜ ਕੀਤੇ ਗਏ ਹਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।
ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ
ਅਜੀਤ ਡੈਸਕ
17-06-2026