03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਬਾਬਾ ਫ਼ਰੀਦ ਯੂਨੀਵਰਸਿਟੀ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ

ਅਜੀਤ ਡੈਸਕ 14-07-2026

ਫ਼ਰੀਦਕੋਟ, 13 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦਾ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ ਅਤੇ ਫ਼ਰੀਦਕੋਟ ਦੇ ਵਿਧਾਇਕ ਤੇ ਬੋਰਡ ਆਫ਼ ਮੈਨੇਜਮੈਂਟ ਦੇ ਮੈਂਬਰ ਗੁਰਦਿੱਤ ਸਿੰਘ ਸੇਖੋਂ ਨੇ ਸਾਂਝੇ ਤੌਰ ’ਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਯੂਨੀਵਰਸਿਟੀ ਦੇ ਵਿਆਪਕ ਬੁਨਿਆਦੀ ਢਾਂਚਾ ਵਿਕਾਸ ਪ੍ਰੋਗਰਾਮ ਤਹਿਤ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਗੈਰਾਜਾਂ ਤੋਂ ਨਿਊਕਲੀਅਰ ਮੈਡੀਸਨ ਬਲਾਕ ਅਤੇ ਐਮ.ਸੀ.ਐਚ. ਬਲਾਕ ਦੇ ਨੇੜੇ ਤੱਕ ਇੰਟਰਲਾਕਿੰਗ ਟਾਈਲਾਂ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਇਲਾਵਾ ਬਾਬਾ ਫ਼ਰੀਦ ਸੈਨੇਟ ਹਾਲ, ਡਾ. ਬੀ.ਸੀ. ਰਾਏ ਬੋਰਡ ਆਫ਼ ਮੈਨੇਜਮੈਂਟ ਕਮੇਟੀ ਹਾਲ, ਯੂਨੀਵਰਸਿਟੀ ਗੈਸਟ ਹਾਊਸ, ਐਫਲੂਐਂਟ ਟਰੀਟਮੈਂਟ ਪਲਾਂਟ ਅਤੇ ਸੀਵਰੇਜ ਟਰੀਟਮੈਂਟ ਪਲਾਂਟ, ਪ੍ਰਸ਼ਾਸਕੀ ਬਲਾਕ ਵਿਖੇ ਵਾਈਸ ਚਾਂਸਲਰ ਲਾਇਬ੍ਰੇਰੀ ਦੇ ਨਵੀਨੀਕਰਨ ਅਤੇ ਆਧੁਨਿਕੀਕਰਨ ਅਤੇ ਯੂਨੀਵਰਸਿਟੀ ਗੈਸਟ ਹਾਊਸ ਵਿਖੇ ਤਿਆਰ ਕੀਤੇ ਨਵੇਂ ਗਜ਼ੀਬੋ ਦਾ ਉਦਘਾਟਨ ਕੀਤਾ ਗਿਆ। ਇਹ ਗਜ਼ੀਬੋ ਯੂਨੀਵਰਸਿਟੀ ਵਿਚ ਉਪਲਬਧ ਨਾ-ਵਰਤੀ ਗਈ ਲੱਕੜ ਦੀ ਮੁੜ ਵਰਤੋਂ ਕਰਕੇ ਤਿਆਰ ਕੀਤਾ ਗਿਆ ਹੈ, ਜੋ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਟਿਕਾਊ ਵਿਕਾਸ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਇਨ੍ਹਾਂ ਤੋਂ ਇਲਾਵਾ ਯੂਨੀਵਰਸਿਟੀ ਵੱਲੋਂ ਚਲਾਏ ਜਾ ਰਹੇ ਕੁੱਲ 48 ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਵਿਚੋਂ ਬਾਕੀ ਪ੍ਰੋਜੈਕਟਾਂ ਦਾ ਈ-ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਯੂਨੀਵਰਸਿਟੀ ਦੀ ਜ਼ਿੰਮੇਵਾਰੀ ਸੰਭਾਲੀ ਸੀ ਤਾਂ ਕਰੀਬ 2,000 ਅਸਾਮੀਆਂ ਖਾਲੀ ਸਨ, ਜਿਸ ਕਾਰਨ ਸਿਹਤ ਸੇਵਾਵਾਂ ਅਤੇ ਅਕਾਦਮਿਕ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਸਨ। ਪਿਛਲੇ ਤਿੰਨ ਸਾਲਾਂ ਦੌਰਾਨ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ 1,000 ਤੋਂ ਵੱਧ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਡਾਕਟਰਾਂ, ਨਰਸਾਂ, ਅਧਿਆਪਕਾਂ ਅਤੇ ਹੋਰ ਸਿਹਤ ਕਰਮਚਾਰੀਆਂ ਦੀ ਘਾਟ ਨੂੰ ਕਾਫ਼ੀ ਹੱਦ ਤੱਕ ਪੂਰਾ ਕੀਤਾ ਗਿਆ ਹੈ। ਪ੍ਰੋ. (ਡਾ.) ਰਾਜੀਵ ਸੂਦ ਨੇ ਕਿਹਾ ਕਿ ਯੂਨੀਵਰਸਿਟੀ ਵਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਆਪਕ ਪੱਧਰ ’ਤੇ ਕੰਮ ਕੀਤਾ ਗਿਆ ਹੈ ਅਤੇ ਇਸ ਸਮੇਂ 48 ਤੋਂ ਵੱਧ ਵਿਕਾਸ ਪ੍ਰੋਜੈਕਟਾਂ ’ਤੇ ਕੰਮ ਮੁਕੰਮਲ ਹੋ ਚੁੱਕਾ ਹੈ ਜਾਂ ਅੰਤਿਮ ਪੜਾਅ ਵਿਚ ਹੈ। ਗੁਰਦਿੱਤ ਸਿੰਘ ਸੇਖੋਂ ਵਿਧਾਇਕ ਅਤੇ ਮੈਂਬਰ ਬੋਰਡ ਆਫ਼ ਮੈਨੇਜਮੈਂਟ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਹੋਏ ਵਿਕਾਸ ਕਾਰਜਾਂ ਨੇ ਸੰਸਥਾ ਦੀ ਕਾਰਗੁਜ਼ਾਰੀ ਅਤੇ ਮਾਣ-ਮਰਿਆਦਾ ਵਿੱਚ ਵੱਡਾ ਵਾਧਾ ਕੀਤਾ ਹੈ। ਡਾ. ਗਗਨਪ੍ਰੀਤ ਸਿੰਘ ਐਸੋਸੀਏਟ ਪ੍ਰੋਫੈਸਰ ਤੇ ਪ੍ਰਧਾਨ ਅਤੇ ਡਾ. ਅਮਨਪ੍ਰੀਤ ਸਿੰਘ ਜੁਆਇੰਟ ਸਕੱਤਰ ਜੀ.ਜੀ.ਐਸ. ਮੈਡੀਕਲ ਟੀਚਰਜ਼ ਐਸੋਸੀਏਸ਼ਨ ਫ਼ਰੀਦਕੋਟ (ਰਜਿ.) ਨੇ ਯੂਨੀਵਰਸਿਟੀ ਵਿਚ ਪਿਛਲੇ ਤਿੰਨ ਸਾਲਾਂ ਦੌਰਾਨ ਹੋਏ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਕਾਦਮਿਕ ਢਾਂਚੇ ਦੇ ਮਜ਼ਬੂਤੀਕਰਨ, ਫੈਕਲਟੀ ਭਰਤੀ, ਖੋਜ ਗਤੀਵਿਧੀਆਂ ਦੇ ਵਿਸਥਾਰ ਅਤੇ ਹਸਪਤਾਲ ਦੀਆਂ ਆਧੁਨਿਕ ਸਹੂਲਤਾਂ ਵਿਚ ਹੋਏ ਵਾਧੇ ਨੇ ਅਧਿਆਪਨ ਅਤੇ ਮਰੀਜ਼ ਸੇਵਾ ਲਈ ਬਿਹਤਰ ਮਾਹੌਲ ਸਿਰਜਿਆ ਹੈ। ਅੰਤ ਵਿਚ ਯੂਨੀਵਰਸਿਟੀ ਪ੍ਰਸ਼ਾਸਨ ਨੇ ਸਿਹਤ ਸੇਵਾਵਾਂ, ਮੈਡੀਕਲ ਸਿੱਖਿਆ, ਖੋਜ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।

ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੁਹਾਲੀ ਵਿਖੇ ਹੋਣ ਵਾਲੀ ਰੈਲੀ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਕੋਟਕਪੂਰਾ ਵਿਖੇ ਡੇਂਗੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।