ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਕਾਲ ਤਖਤ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਸ਼ੁਰੂ ਹੋਇਆ ਵਿਸ਼ਾਲ ਮੀਰੀ-ਪੀਰੀ ਖਾਲਸਾ ਮਾਰਚ ਦਾ 1 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ਤੇ ਸਵਾਗਤ ਕੀਤਾ ਜਾਵੇਗਾ। ਇੱਥੇ ਖ਼ਾਲਸਾ ਮਾਰਚ ਦਾ ਰਾਤਰੀ ਵਿਸ਼ਰਾਮ ਹੋਵੇਗਾ। ਜਦ ਕਿ 2 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਇਹ ਮੀਰੀ ਪੀਰੀ ਖ਼ਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼ੇਰ ਸਿੰਘ ਮੰਡਵਾਲਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਵਣਵਾਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਤੇ ਹੋਰ ਸ਼ਾਮਿਲ ਹੋਏ। ਸ਼ੇਰ ਸਿੰਘ ਮੰਡਵਾਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖਤ ਸਾਹਿਬ ਵਲੋਂ ਕੱਢੇ ਜਾ ਰਹੇ ਵਿਸ਼ਾਲ ਮੀਰੀ-ਪੀਰੀ ਖਾਲਸਾ ਮਾਰਚ ਦਾ ਮੰਤਵ ਸਿੱਖ ਧਰਮ ਦੇ ਮੀਰੀ ਪੀਰੀ ਦੇ ਮਹਾਨ ਸਿਧਾਂਤ ਨੂੰ ਸੰਗਤਾਂ ਅਤੇ ਖਾਸ ਕਰਕੇ ਅਜੋਕੀ ਪੀੜ੍ਹੀ ਤੱਕ ਪਹੁੰਚਾਉਣ, ਕੌਮੀ ਏਕਤਾ ਤੇ ਪੰਥਕ ਚੇਤਨਾ ਨੂੰ ਹੋਰ ਮਜ਼ਬੂਤ ਕਰਨ ਤੇ ਨੌਜਵਾਨੀ ਨੂੰ ਨਸ਼ਿਆਂ ਵਰਗੀ ਅਲਾਮਤ ਤੋਂ ਦੂਰ ਰਹਿਣ ਦੇ ਸੰਦੇਸ਼ ਦੇਣ ਦੇ ਨਾਲ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੀ ਪ੍ਰਭੂ ਸੱਤਾ ਦੇ ਪ੍ਰਚਾਰ ਪ੍ਰਸਾਰ ਹਿਤ ਇਸ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਦੱਸਿਆ ਕਿ 12 ਦਿਨਾਂ ਖਾਲਸਾ ਮਾਰਚ ਦੀ ਸੰਪੂਰਨਤਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ 1 ਅਗਸਤ ਨੂੰ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਤੋਂ ਸ਼ੁਰੂ ਹੋ ਕੇ ਖਾਲਸਾ ਮਾਰਚ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇਗਾ ਅਤੇ ਰਾਤਰੀ ਵਿਸ਼ਰਾਮ ਕਰੇਗਾ। ਇਸ ਤੋਂ ਅਗਲੇ ਦਿਨ 2 ਅਗਸਤ ਨੂੰ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਤੋਂ ਖਾਲਸਾ ਮਾਰਚ ਦੀ ਆਰੰਭਤਾ ਹੋਵੇਗੀ। ਜੋ ਪਿੰਡ ਗੋਨੇਆਣਾ, ਰਹੂੜਿਆਂਵਾਲੀ, ਮਹਾਂਬੱਧਰ, ਚਿਬੜਾਂਵਾਲੀ, ਚੱਕ ਸ਼ੇਰੇਵਾਲਾ, ਬਾਂਮ, ਉੜਾਂਗ, ਪੰਨੀਵਾਲਾ, ਮੋਹਲਾਂ, ਰਾਣੀਵਾਲਾ, ਬੋਦੀਵਾਲਾ, ਆਲਮਵਾਲਾ, ਵਿਰਕ ਖੇੜਾ, ਪਿੰਡ ਮਲੋਟ, ਬਠਿੰਡਾ ਰੋਡ ਚੌਂਕ ਸ਼ਹਿਰ ਮਲੋਟ, ਦਾਨੇਵਾਲਾ ਚੌਂਕ, ਘੁਮਿਆਰਾ ਖੇੜਾ, ਅਤੇ ਫੱਕਰਸਰ ਹੁੰਦਾ ਹੋਇਆ ਗੁਰਦੁਆਰਾ ਪਾਤਸ਼ਾਹੀ ਦਸਵੀਂ ਥੇੜ੍ਹੀ ਸਾਹਿਬ ਵਿਖੇ ਪਹੁੰਚ ਕੇ ਰਾਤਰੀ ਵਿਸ਼ਰਾਮ ਕਰੇਗਾ। 3 ਅਗਸਤ ਨੂੰ ਇੱਥੋਂ ਆਰੰਭਤਾ ਹੋਵੇਗੀ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਇਸ ਖਾਲਸਾ ਮਾਰਚ ਦੇ ਸਵਾਗਤ ਲਈ ਤਿਆਰੀਆਂ ਚੱਲ ਰਹੀਆਂ ਹਨ।