ਫ਼ਰੀਦਕੋਟ, 27 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਫ਼ਰੀਦਕੋਟ ਨਗਰ ਕੌਂਸਲ ਦੇ ਦਫ਼ਤਰ ਦੇ ਬਾਹਰ ਚੱਲ ਰਹੇ ਸਫ਼ਾਈ ਕਰਮਚਾਰੀਆਂ ਦੇ ਧਰਨੇ ਵਿਚ ਸ਼ਮੂਲੀਅਤ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਸਰਕਾਰ ਵਲੋਂ ਕੰਮ ਕਰਨ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਦੀ ਬਜਾਏ ਉਨ੍ਹਾਂ ’ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਬਣਦੀਆਂ ਤਨਖਾਹਾਂ ਅਤੇ ਭੱਤੇ ਦੇਣ ਦਾ ਵਾਧਾ ਲੈ ਕੇ ਸੱਤ੍ਹਾ ਵਿਚ ਆਈ ਸੀ ਉਹ ਹੁਣ ਮੁਲਾਜ਼ਮ ਮੰਗਾਂ ਪ੍ਰਤੀ ਬਹੁਤ ਹੀ ਅੜੀਅਲ ਵਤੀਰਾ ਅਪਣਾ ਕੇ ਹਾਕਮ ਜਮਾਤ ਦੇ ਹੱਕ ਵਿਚ ਭੁਗਤ ਰਹੀ ਹੈ। ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਵਹਿਸ਼ੀ ਲਾਠੀਚਾਰਜ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੇ ਲਾਠੀਚਾਰਜ ਦੇ ਦੋਸ਼ੀ ਪੁਲਿਸ ਅਧਿਕਾਰੀਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਵਲੋਂ 30 ਜੁਲਾਈ ਦੇ ਬੰਦ ਦੇ ਸੱਦੇ ਨੂੰ ਜਥੇਬੰਦੀ ਵਲੋਂ ਪੂਰੀ ਤਰ੍ਹਾਂ ਹਮਾਇਤ ਕੀਤੀ ਜਾਵੇਗੀ। ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਗਗਨ ਪਾਹਵਾ ਨੇ ਕਿਹਾ ਕਿ ਮਰਦਾਨਾ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਔਰਤਾਂ ’ਤੇ ਪਸ਼ੂਆਂ ਵਾਂਗ ਡਾਂਗ ਵਰ੍ਹਾਈ ਗਈ। ਉਨ੍ਹਾਂ ਆਖਿਆ ਕਿ ਆਪ ਗੰਦਗੀ ’ਚ ਸਾਰਾ ਦਿਨ ਰਹਿ ਕੇ ਦੂਜਿਆਂ ਲਈ ਸਫ਼ਾਈ ਦਾ ਵੱਡਮੁੱਲਾ ਕਾਰਜ ਕਰਨ ਵਾਲੇ ਇਹ ਲੋਕ ਸਭ ਤੋਂ ਵੱਧ ਸਤਿਕਾਰ ਦੇ ਹੱਕਦਾਰ ਹਨ, ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਅਫ਼ਸਰਸ਼ਾਹੀ ਇਨ੍ਹਾਂ ਨੂੰ ਨਫ਼ਰਤ ਨਾਲ ਦੇਖਦੀ ਹੈ। ਆਗੂਆਂ ਨੇ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ’ਤੇ ਜਬਰ ਦੇ ਦੋਸ਼ੀ ਅਧਿਕਾਰੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਸਫਾਈ ਕਰਮਚਾਰੀਆਂ ਨੂੰ ਫੌਰੀ ਤੌਰ ’ਤੇ ਪੱਕੇ ਕੀਤਾ ਜਾਵੇ ਅਤੇ ਗੁਜ਼ਾਰੇਯੋਗ ਤਨਖਾਹ ਦੇਣ ਤੋਂ ਇਲਾਵਾ ਉਨ੍ਹਾਂ ਦੀ ਸੁਰੱਖਿਆ ਤੇ ਇਲਾਜ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ। ਇਸ ਮੌਕੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਘਣੀਆ, ਅਜਾਇਬ ਸਿੰਘ, ਵਿੱਤ ਸਕੱਤਰ ਪ੍ਰਦੀਪ ਸਿੰਘ, ਪ੍ਰੈਸ ਸਕੱਤਰ ਲਵਕਰਨ ਸਿੰਘ, ਗੁਰਸੇਵਕ ਸਿੰਘ, ਸਵਰਨਪਾਲ ਸਿੰਘ, ਨਵਪ੍ਰੀਤ ਸਿੰਘ ਬਰਾੜ, ਜਸਪ੍ਰੀਤ ਸਿੰਘ ਸੰਧੂ ਅਤੇ ਹੋਰ ਅਧਿਆਪਕ ਹਾਜ਼ਰ ਸਨ।