02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਕੋਟਕਪੂਰਾ ਇਲਾਕੇ ’ਚ ਪੁੱਜਣ ’ਤੇ ਸੰਗਤ ਵਲੋਂ ਭਰਵਾਂ ਸਵਾਗਤ

ਅਜੀਤ ਡੈਸਕ 01-08-2026

ਕੋਟਕਪੂਰਾ, 31 ਜੁਲਾਈ (ਮੋਹਰ ਸਿੰਘ ਗਿੱਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਫ਼ਰੀਦਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਤਾਂ ਕੋਟਕਪੂਰਾ ਇਲਾਕੇ ਦੀ ਸਮੂਹ ਸੰਗਤ ਵਲੋਂ ਇਸ ਪਿੰਡ ਸੰਧਵਾਂ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਲਈ ਸਭ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਹੈ। ਜੋ ਵੀ ਗੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਗੁਰੂ ਪੰਥ ਦੇ ਸਿਧਾਂਤਾਂ ਦੇ ਵਿਰੁੱਧ ਹੋਵੇਗੀ, ਉਸ ਨੂੰ ਸਿੱਖ ਕਦੇ ਵੀ ਸਵੀਕਾਰ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸੰਬੰਧੀ ਬਣਾਏ ਜਾ ਰਹੇ ਐਕਟ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਪੰਥ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਹਕੀਕਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੀ ਗੱਲ ਬਿਲਕੁੱਲ ਸਿੱਧੀ ਤੇ ਸਪੱਸ਼ਟ ਹੈ, ਜੇ ਕੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ ਹੈ ਤਾਂ ਉਸ ਦੋਸ਼ੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦਾ ਕਾਨੂੰਨ ਬਣਾਇਆ ਜਾਵੇ, ਸਿੱਖ ਪੰਥ ਨੂੰ ਇਸ ’ਤੇ ਕੋਈ ਇਤਰਾਜ਼ ਨਹੀਂ, ਪਰ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਕਿਸ ਨੂੰ ਦੇਣਾ ਹੈ, ਇਸ ਦੀ ਸੇਵਾ, ਮਰਿਆਦਾ ਤੇ ਜ਼ਿੰਮੇਵਾਰੀ ਕਿਸ ਦੀ ਹੈ, ਇਹ ਸਿਰਫ਼ ਤੇ ਸਿਰਫ਼ ਗੁਰੂ ਪੰਥ ਦਾ ਅਧਿਕਾਰ ਹੈ। ਉਨ੍ਹਾਂ ਸਿੱਖ ਵਿਧਾਇਕਾਂ ਨੂੰ ਆਖਿਆ ਕਿ ਸਿੱਖ ਲਈ ਸਭ ਤੋਂ ਪਹਿਲਾਂ ਗੁਰੂ ਅਤੇ ਗੁਰੂ ਪੰਥ ਹੈ। ਸਰਕਾਰ ਆਉਂਦੀ-ਜਾਂਦੀ ਰਹਿੰਦੀ ਹੈ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਮੱਦਾਂ ਨੂੰ ਹਟਾਇਆ ਜਾਵੇ, ਜਿਸ ਪ੍ਰਤੀ ਸੰਗਤ ਦੇ ਇਤਰਾਜ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕੋਈ ਆਮ ਸੰਸਥਾ ਨਹੀਂ, ਸਗੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਸਥਾਪਿਤ ਉਹ ਸਰਵਉਚ ਅਸਥਾਨ ਹੈ, ਜੋ ਗੁਰਮਤਿ ਸਿਧਾਂਤਾਂ ਦੀ ਰੱਖਿਆ ਅਤੇ ਪੰਥ ਦੀ ਅਗਵਾਈ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ’ਤੇ ਸਵਾਲ ਖੜ੍ਹੇ ਕਰਨ ਅਤੇ ਇਸ ਦੇ ਅਧਿਕਾਰਾਂ ਨੂੰ ਸੀਮਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸੰਗਤ ਨੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਾਸਤਰਾਂ ਦੇ ਦਰਸ਼ਨ-ਦੀਦਾਰੇ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਸ਼ੇਰ ਸਿੰਘ ਮੰਡਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਹਲਕਾ ਇੰਚਾਰਜ ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਬੰਟੀ ਰੋਮਾਣਾ, ਜਥੇਦਾਰ ਕੁਲਵੰਤ ਸਿੰਘ, ਬਾਬਾ ਇੰਦਰਪਾਲ ਸਿੰਘ ਦੇਵੀਵਾਲਾ ਤੋਂ ਇਲਾਵਾ ਸੁਖਵਿੰਦਰ ਸਿੰਘ ਕੋਟਸੁਖੀਆ, ਪ੍ਰਤਾਪ ਸਿੰਘ ਨੰਗਲ, ਕੁਲਦੀਪ ਸਿੰਘ ਢਿੱਲੋਂ ਕੋਟਸੁਖੀਆ, ਜਗਦੇਵ ਸਿੰਘ ਗਿੱਲ ਨੱਥੇ ਵਾਲਾ ਸਮੇਤ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ। ਇਹ ਮਾਰਚ 3 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱੱਜ ਕੇ ਸਮਾਪਤ ਹੋਵੇਗਾ।

ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਢਿਲਵਾਂ ਅਤੇ ਬਰਗਾੜੀ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਪੇਪਰ ਲੀਕ ਮਾਮਲੇ ਨੂੰ ਨਕਲ ਦਾ ਮਾਮਲਾ ਬਣਾ ਕੇ ਸਰਕਾਰ ਲੋਕਾਂ ਨੂੰ ਕਰ ਰਹੀ ਗੁੰਮਰਾਹ-ਪੀ. ਐਸ. ਯੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।