ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਦਲੇਰ ਸਿੰਘ ਡੋਡ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਭੋਲੂਵਾਲਾ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਉਨ੍ਹਾਂ ਦੇ ਸਾਥੀਆਂ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੀਤਾ ਗਿਆ ਰੋਸ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨ ਤੋਂ ਬਾਅਦ ਸਾਡੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ, ਭਾਈ ਇਮਾਨ ਸਿੰਘ ਖਾਰਾ, ਭਾਈ ਲੱਖਾ ਸਿੰਘ ਸਿਧਾਣਾ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਖ਼ਿਲਾਫ਼ ਦਰਜ ਕੀਤੀਆਂ ਗਈਆਂ ਐੱਫ.ਆਈ.ਆਰਜ਼ ਦੀ ਅਸੀਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ। ਪੰਜਾਬ, ਪੰਥ ਅਤੇ ਲੋਕਾਂ ਦੇ ਹੱਕਾਂ ਲਈ ਲੋਕਤੰਤਰਿਕ ਢੰਗ ਨਾਲ ਆਵਾਜ਼ ਬੁਲੰਦ ਕਰਨ ਵਾਲੇ ਆਗੂਆਂ ਨੂੰ ਪਰਚਿਆਂ ਅਤੇ ਮੁਕੱਦਮਿਆਂ ਰਾਹੀਂ ਦਬਾਉਣ ਦੀ ਕੋਸ਼ਿਸ਼ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਕੌਮ, ਪੰਥ ਅਤੇ ਪੰਜਾਬ ਦੇ ਹੱਕਾਂ ਲਈ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਸਮੇਤ ਹੋਰ ਨੌਜਵਾਨਾਂ ਦੀ ਰਿਹਾਈ ਲਈ ਆਵਾਜ਼ ਉਠਾਉਣਾ ਸਾਡਾ ਲੋਕਤੰਤਰਿਕ ਅਤੇ ਸੰਵਿਧਾਨਕ ਹੱਕ ਹੈ। ਇਸ ਹੱਕ ਲਈ ਸੰਘਰਸ਼ ਕਰਨਾ ਕੋਈ ਗੁਨਾਹ ਨਹੀਂ। ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਫ਼ਰੀਦਕੋਟ ਆਪਣੇ ਸਮੂਹ ਆਗੂਆਂ ਦੇ ਨਾਲ ਡੱਟ ਕੇ ਖੜ੍ਹਾ ਹੈ। ਆਉਣ ਵਾਲੇ ਸਮੇਂ ਵਿਚ ਜੇਕਰ ਪਾਰਟੀ ਵਲੋਂ ਕੋਈ ਵੀ ਸੰਘਰਸ਼ ਜਾਂ ਪ੍ਰੋਗਰਾਮ ਉਲੀਕਿਆ ਜਾਂਦਾ ਹੈ ਤਾਂ ਜ਼ਿਲ੍ਹਾ ਫ਼ਰੀਦਕੋਟ ਪੂਰੀ ਤਾਕਤ, ਦ੍ਰਿੜਤਾ ਅਤੇ ਸਮਰਪਣ ਨਾਲ ਆਪਣੇ ਆਗੂਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਰ ਮੋਰਚੇ ’ਤੇ ਸ਼ਮੂਲੀਅਤ ਕਰੇਗਾ।