03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮਲੋਟ ਹਲਕੇ ਦੇ ਪਿੰਡਾਂ ਵਿਚ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

ਮਲੋਟ, 2 ਅਗਸਤ (ਪਾਟਿਲ)-ਮੀਰੀ ਪੀਰੀ ਖ਼ਾਲਸਾ ਮਾਰਚ ਅੱਜ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪੁੱਜਿਆ, ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਾਰਚ ਦਾ ਸਵਾਗਤ ਕੀਤਾ। ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿਚ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸ਼ਰਧਾ ਪ੍ਰਗਟ ਕਰਦਿਆਂ ਮਾਰਚ ਵਿਚ ਭਰਵੀਂ ਸ਼ਮੂਲੀਅਤ ਕੀਤੀ ਗਈ।

ਅਜੀਤ ਡੈਸਕ 03-08-2026
ਮਲੋਟ, 2 ਅਗਸਤ (ਪਾਟਿਲ)-ਮੀਰੀ ਪੀਰੀ ਖ਼ਾਲਸਾ ਮਾਰਚ ਅੱਜ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪੁੱਜਿਆ, ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਾਰਚ ਦਾ ਸਵਾਗਤ ਕੀਤਾ। ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿਚ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸ਼ਰਧਾ ਪ੍ਰਗਟ ਕਰਦਿਆਂ ਮਾਰਚ ਵਿਚ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮੰਤਵ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ, ਕੌਮੀ ਏਕਤਾ, ਪੰਥਕ ਚੇਤਨਾ ਤੇ ਨੌਜਵਾਨੀ ਨੂੰ ਸਿੱਖ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਸਿਆਸੀ ਰੋਡ ਸ਼ੋਅ ਨਹੀਂ, ਸਗੋਂ ਗੁਰਮਤਿ ਮਰਿਆਦਾ ਅਨੁਸਾਰ ਚੱਲ ਰਿਹਾ ਧਾਰਮਿਕ ਮਾਰਚ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸਿੱਖ ਸੰਸਥਾਵਾਂ, ਗੁਰੂ ਘਰਾਂ ਅਤੇ ਪੰਥਕ ਪਰੰਪਰਾਵਾਂ ਬਾਰੇ ਬੋਲਦਿਆਂ ਹਰ ਵਿਅਕਤੀ ਨੂੰ ਸੰਯਮ ਤੇ ਸਤਿਕਾਰ ਬਣਾਈ ਰੱਖਣਾ ਚਾਹੀਦਾ ਹੈ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਬੋਧਨ ਦੌਰਾਨ ਸੰਗਤਾਂ ਨੂੰ ਸਿੱਖ ਪਰੰਪਰਾਵਾਂ, ਗੁਰੂਘਰ ਦੀਆਂ ਗੋਲਕਾਂ ਅਤੇ ਸਿੱਖ ਸੰਸਥਾਵਾਂ ਵਿਰੁੱਧ ਹੋ ਰਹੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂਘਰ ਦੀਆਂ ਗੋਲਕਾਂ ਹੀ ਮੁਸ਼ਕਿਲ ਸਮਿਆਂ ਵਿਚ ਮਨੁੱਖਤਾ ਦੀ ਸੇਵਾ ਦਾ ਵੱਡਾ ਆਧਾਰ ਬਣਦੀਆਂ ਹਨ। ਉਨ੍ਹਾਂ ਬੇਅਦਬੀ ਦੀਆਂ ਘਟਨਾਵਾਂ ਤੋਂ ਚੌਕਸ ਰਹਿਣ ਦੀ ਅਪੀਲ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ ਲਈ ਕਿਹਾ। ਮਲੋਟ ਹਲਕੇ ਦੇ ਪਿੰਡ ਭਾਗਸਰ, ਚਿੱਬੜਾਂਵਾਲੀ, ਮਹਾਂਬੱਧਰ, ਚੱਕ ਸ਼ੇਰੇਵਾਲਾ, ਬਾਂਮ, ਉੜਾਂਗ, ਪੰਨੀਵਾਲਾ, ਮੋਹਲਾਂ, ਰਾਣੀਵਾਲਾ, ਬੋਦੀਵਾਲਾ, ਆਲਮਵਾਲਾ, ਵਿਰਕਖੇੜਾ, ਮਲੋਟ ਸ਼ਹਿਰ, ਬਠਿੰਡਾ ਚੌਂਕ, ਦਾਨੇਵਾਲਾ ਚੌਂਕ, ਘੁਮਿਆਰਾ, ਖੇੜਾ ਅਤੇ ਫਕਰਸਰ ਸਮੇਤ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ ਕੀਤਾ। ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਸ਼ਹੀਦਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਤਜਿੰਦਰ ਸਿੰਘ ਮਿੱਡੂਖੇੜਾ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਨਵਤੇਜ ਸਿੰਘ ਕਾਉਣੀ, ਅਵਤਾਰ ਸਿੰਘ ਵਣਵਾਲਾ, ਜਥੇਦਾਰ ਕੌਰ ਸਿੰਘ ਬਹਾਵਵਾਲਾ, ਗੁਰਪਾਲ ਸਿੰਘ ਗੋਰਾ, ਦਰਸ਼ਨ ਸਿੰਘ ਮੋਠਾਂਵਾਲਾ, ਹਰਤੇਜ ਸਿੰਘ ਭੁੱਲਰ, ਬੀਬੀ ਕਿਰਨਵੀਰ ਕੌਰ, ਤੇਜਾ ਸਿੰਘ ਨੰਦਗੜ੍ਹ, ਸੀਨੀਅਰ ਅਕਾਲੀ ਆਗੂ ਮਨਜਿੰਦਰ ਸਿੰਘ, ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਬਾਬਾ ਮਨਜੀਤ ਸਿੰਘ ਖੂਹ ਸਾਹਿਬ ਵਾਲੇ, ਪਰਮਿੰਦਰ ਸਿੰਘ ਕੋਲਿਆਂਵਾਲੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਸ਼ਿਵ ਮਹਾਂਪੁਰਾਣ ਕਥਾ ਦੇ ਸਬੰਧ ’ ਚ ਕਲਸ਼ ਅਤੇ ਧਵਜ਼ਾ ਯਾਤਰਾ ਕੱਢੀ ਅਗਲੀ ਖ਼ਬਰ ਸੋਨਾ ਚੋਰੀ ਹੋਣ ਦੇ ਸ਼ੱਕ ’ਚ ਨੌਕਰਾਣੀ ਉਪਰ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।