ਫ਼ਰੀਦਕੋਟ, 14 ਫ਼ਰਵਰੀ (ਸਰਬਜੀਤ ਸਿੰਘ)ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਗਏ ਦੋ ਸ਼ੱਕੀਆਂ ਪਾਸੋਂ 124 ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਵੀਂ ਦਾਣਾ ਮੰਡੀ, ਫ਼ਰੀਦਕੋਟ ਵਿਖੇ ਮੌਜੂਦ ਸਨ ਤਾਂ ਰਾਜਿੰਦਰ ਸਿੰਘ ਉਰਫ਼ ਵਿੱਕੀ ਪੁੱਤਰ ਦੇਸਰਾਜ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋ ਕਥਿਤ ਤੌਰ 'ਤੇ 100 ਪਾਬੰਦੀਸ਼ੂਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆ ਗਈਆਂ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਵਲੋਂ ਬਰਾਮਦ ਗੋਲੀਆਂ ਸੰਬੰਧੀ ਕੋਈ ਪੁਖਤਾ ਦਸਤਾਵੇਜ ਨਾ ਦਿਖਾਏ ਜਾਣ 'ਤੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਥਾਣੇਦਾਰ ਚਮਕੌਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨੇੜੇ ਸ਼ਮਸ਼ਾਨ ਘਾਟ ਕੋਠੇ ਮਲੂਕਾ ਪੱਤੀ, ਗੋਲੇਵਾਲਾ ਪਾਸ ਪੁੱਜੇ ਤਾਂ ਉਥੇ ਖੜੇ ਅਰਸ਼ਦੀਪ ਸਿੰਘ ਪੁੱਤਰ ਮੰਗਲਜੀਤ ਸਿੰਘ ਵਾਸੀ ਪਿੰਡ ਪੱਖੀ ਕਲਾਂ ਨੂੰ ਸ਼ੱਕੇ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 24 ਖੁੱਲੀਆਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਵਲੋਂ ਬਰਾਮਦ ਗੋਲੀਆਂ ਸੰਬੰਧੀ ਕੋਈ ਪੁਖਤਾ ਦਸਤਾਵੇਜ ਨਾ ਦਿਖਾਏ ਜਾਣ 'ਤੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |