ਫ਼ਰੀਦਕੋਟ, 15 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 8 ਅਪ੍ਰੈਲ 2026 ਤੱਕ ਲਾਗੂ ਰਹਿਣਗੇ |
ਮੈਰਿਜ ਪੈਲਿਸਾਂ 'ਚ ਹਵਾਈ ਫ਼ਾਇਰ ਕਰਨ 'ਤੇ ਪਾਬੰਦੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ 'ਚ ਵਿਆਹ ਸ਼ਾਦੀਆਂ, ਸਮਾਜਿਕ/ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿਚ ਆਮ ਜਨਤਾ ਵਲੋਂ ਹਵਾਈ ਫ਼ਾਇਰ ਕੀਤੇ ਜਾਂਦੇ ਹਨ | ਜਿਸ ਕਰਕੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ | ਇਸ ਲਈ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਸਮਾਜਿਕ/ਧਾਰਮਿਕ ਸਮਾਰੋਹਾਂ, ਜਲਸੇ, ਧਰਨੇ/ਰੈਲੀਆਂ, ਮੈਰਿਜ ਪੈਲਿਸਾਂ ਆਦਿ ਵਿਚ ਹਵਾਈ ਫਾਇਰ ਕਰਨ 'ਤੇ ਪਾਬੰਦੀ ਲਗਾਈ ਗਈ |
ਚਾਇਨਾ ਡੋਰ ਵੇਚਣ 'ਤੇ ਪਾਬੰਦੀ
ਫ਼ਰੀਦਕੋਟ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਨੇ ਦੱਸਿਆ ਕਿ ਪਤੰਗਾਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕਾਫ਼ੀ ਮਾਤਰਾ ਵਿਚ ਕੀਤੀ ਜਾਂਦੀ ਹੈ | ਚਾਈਨਾ ਡੋਰ ਸੂਤੀ ਧਾਗੇ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫ਼ੀ ਮਜ਼ਬੂਤ ਹੁੰਦੀ ਹੈ, ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਤੇ ਕੰਨ ਕੱਟਣ ਆਦਿ ਦੀਆਂ ਘਟਨਾਵਾਂ ਵਾਪਰ ਦੀਆਂ ਹਨ ਅਤੇ ਇਹ ਡੋਰ ਮਨੁੱਖੀ ਜਾਨਾਂ ਤੇ ਪਸ਼ੂ/ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ | ਇਸ ਸਭ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਈ ਹੈ |
ਹੁੱਕਾ ਬਾਰ ਪੀਣ 'ਤੇ ਪਾਬੰਦੀ
ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਈ ਹੈ | ਜ਼ਿਲ੍ਹੇ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ ਅਤੇ ਹੋਰ ਜਨਤਕ ਸਥਾਨਾਂ ਵਿਚ ਹੁੱਕਾ ਪੀਣ 'ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ | ਇਹ ਪਾਬੰਦੀ 8 ਅਪ੍ਰੈਲ 2026 ਤੱਕ ਜਾਰੀ ਰਹੇਗੀ |
ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖ਼ਰੀਦੋ-ਫ਼ਰੋਖਤ, ਹੋਰਡਿੰਗ ਲਗਾਉਣ 'ਤੇ ਪਾਬੰਦੀ
ਜ਼ਿਲ੍ਹਾ ਫ਼ਰੀਦਕੋਟ ਦੀ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖ਼ਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਪੈਂਦੀਆਂ ਮਿਊਾਸਪਲ ਕਮੇਟੀਆਂ ਦੀ ਹਦੂਦ ਅੰਦਰ ਸਰਕਾਰੀ ਰਸਤਿਆਂ, ਚੌਂਕਾਂ 'ਚ ਹੋਰਡਿੰਗ ਲਗਾਉਣ (ਸਰਕਾਰ ਦੇ ਕੰਮਾਂ ਨੂੰ ਦਰਸਾਉਂਦੇ ਹੋਰਡਿੰਗ ਬੋਰਡਾਂ ਨੂੰ ਛੱਡ ਕੇ) ਤੇ ਪੂਰਨ ਤੌਰ 'ਤੇ ਪਾਬੰਦੀ ਰਹੇਗੀ |
ਗੈਰ ਰਜਿਸਟਰਡ ਐਂਬੂਲੈਂਸਾਂ 'ਤੇ ਪਾਬੰਦੀ
ਜ਼ਿਲ੍ਹਾ ਫ਼ਰੀਦਕੋਟ ਅੰਦਰ ਚੱਲ ਰਹੀਆਂ ਐਂਬੂਲੈਂਸਾਂ ਜੋ ਕਿ ਰਜਿਸਟਰਡ ਨਹੀਂ ਹਨ ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਅੰਦਰ ਬਹੁਤ ਸਾਰੀਆਂ ਐਂਬੂਲੈਂਸਾਂ ਬਿਨਾਂ ਪਰਮਿਟ 'ਤੇ ਚੱਲ ਰਹੀਆਂ ਹਨ ਅਤੇ ਇਹ ਬਤੌਰ ਐਂਬੂਲੈਂਸ ਰਜਿਸਟਡ ਵੀ ਨਹੀਂ ਹਨ |
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਅਜੀਤ ਡੈਸਕ
16-02-2026