ਪੰਜਗਰਾੲੀਂ ਕਲਾਂ, 15 ਫ਼ਰਵਰੀ (ਸੁਖਮੰਦਰ ਸਿੰਘ ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਕਰਵਾਈ ਗਈ 61ਵੀਂ ਅਲੂਮੀਨੀ ਮੀਟ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਮਿੰਦਰ ਸਿੰਘ ਬਰਾੜ ਨੂੰ ਬਿਹਤਰੀਨ ਕਿਸਾਨ ਭਲਾਈ ਸੇਵਾਵਾਂ ਨਿਭਾਉਣ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾਂ ਡਾ. ਬਰਾੜ ਨੂੰ ਫ਼ਰੀਦਕੋਟ ਜ਼ਿਲ੍ਹਾ ਪ੍ਰਸ਼ਾਸਨ ਵਲੋਂ 2023 ਵਿਚ ਸ਼ਾਨਦਾਰ ਵਿਭਾਗੀ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ ਸੀ | ਜ਼ਿਕਰਯੋਗ ਹੈ ਕਿ ਡਾ. ਬਰਾੜ ਨੇ ਆਪਣੇ ਅਧਿਕਾਰ ਖੇਤਰ 'ਚ ਆਉਂਦੇ ਕਿਸਾਨ ਭਲਾਈ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਸ਼ੋਸ਼ਲ ਮੀਡੀਆ ਜ਼ਰੀਏ ਪੰਜਾਬ ਭਰ ਦੇ ਕਿਸਾਨਾਂ ਨੂੰ ਸੰਤੁਲਿਤ ਖਾਦ ਪ੍ਰਬੰਧਨ, ਬੇਲੋੜੇ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਸੰਬੰਧੀ ਲਗਾਤਾਰ ਕਿਸਾਨਾਂ ਨਾਲ ਜਾਣਕਾਰੀਆਂ ਸਾਂਝੀਆਂ ਕੀਤੀਆਂ, ਜਿਸ ਨਾਲ ਕਿਸਾਨਾਂ ਨੇ ਆਪਣੇ ਬੇਲੋੜੇ ਖੇਤੀ ਖ਼ਰਚੇ ਘਟਾ ਕੇ ਚੰਗਾ ਫ਼ਸਲੀ ਝਾੜ ਲੈ ਕੇ ਆਪਣੀ ਆਮਦਨ 'ਚ ਵਾਧਾ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ | ਡਾ. ਬਰਾੜ ਨੂੰ ਸਨਮਾਨਿਤ ਕਰਨ ਦੀ ਰਸਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਵਲੋਂ ਕੀਤੀ ਗਈ | ਇਸ ਮੌਕੇ ਯੂਨੀਵਰਸਿਟੀ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ |